ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਬਕਾ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀ ਵਧਾਈ ਦੇਣ ਆਏ ਉਨਾਂ
ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਰਹਿ ਚੁੱਕੇ ਸੀਨੀਅਰ ਆਈ.ਏ.ਐਸ ਅਧਿਕਾਰੀ ਕੰਵਲਜੀਤ ਸਿੰਘ ਚੀਮਾ (ਪ੍ਰਿੰਸੀਪਲ ਸੈਕਟਰੀ ਪੱਛਮੀ ਬੰਗਾਲ) ਨੇ ਗੱਲਬਾਤ ਦੌਰਾਨ ਦੱਸਿਆ ਕਿ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਬੁਲ ਖੁਰਾਣਾ `ਚ ਹੋਇਆ ਸੀ।ਇਨ੍ਹਾਂ ਦੇ ਪਿਤਾ ਦਾ ਨਾਮ ਰਘੂਰਾਜ ਸਿੰਘ ਅਤੇ ਮਾਤਾ ਦਾ ਨਾਮ ਸੁੰਦਰੀ ਕੌਰ ਸੀ।ਬਾਦਲ ਨੇ 1947 ਵਿੱਚ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ।ਪੰਜਾਬ ਦੀ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਹ ਪਿੰਡ ਬਾਦਲ ਦੇ ਸਰਪੰਚ ਅਤੇ ਬਾਅਦ ਵਿੱਚ ਬਲਾਕ ਸੰਮਤੀ, ਲੰਬੀ ਦੇ ਚੇਅਰਮੈਨ ਬਣੇ ਸਨ।ਉਹ ਲਾਹੌਰ ਦੇ ਫੋਰਸੇਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਸ਼ਨ ਉਪਰੰਤ ਵਕੀਲ ਬਣਨਾ ਚਾਹੁੰਦੇ ਸਨ ਅਤੇ ਪੰਜਾਬ ਯੂਨੀਵਰਸਿਟੀ ਵਿਚ ਐਲ.ਐਲ.ਬੀ ਵਿਚ ਦਾਖ਼ਲਾ ਤਾਂ ਲਿਆ, ਪਰ ਸਿਆਸੀ ਤੌਰ ‘ਤੇ ਸਰਗਰਮ ਹੋ ਗਏ ਸਨ।1957 ਵਿੱਚ ਬਾਦਲ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ ਅਤੇ ਫਿਰ 1969 ਵਿੱਚ ਮੁੜ ਵਿਧਾਨ ਸਭਾ ਦੀ ਚੋਣ ਜਿੱਤੀ ਅਤੇ ਅਕਾਲੀ ਦਲ ਤੇ ਜਨਸੰਘ ਦੀ ਕੁਲੀਸ਼ਨ ਸਰਕਾਰ ਦੀ ਜਸਟਿਸ ਗੁਰਨਾਮ ਸਿੰਘ ਵਜਾਰਤ ਵਿੱਚ ਮੰਤਰੀ ਰਹੇ ਸਨ।
ਪਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।ਉਹ 1970 ਤੋਂ 1971 ਤੱਕ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ।ਇਸ ਤੋਂ ਬਾਅਦ ਉਹ 1977 ਤੋਂ 1980 ਤੱਕ, 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਮੁੱਖ ਮੰਤਰੀ ਰਹਿ ਚੁੱਕੇ ਹਨ।ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 11 ਦਸੰਬਰ 2011 ਨੂੰ ਬਾਦਲ ਨੂੰ ਪੰਥ ਰਤਨ ਫ਼ਕਰ-ਏ-ਕੌਮ ਨਾਲ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ ਸਾਲ 2015 `ਚ ਪਦਮ ਵਿਭੂਸ਼ਣ ਸਨਮਾਨ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।
Punjab Post Daily Online Newspaper & Print Media