ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵੱਖ-ਵੱਖ ਪੰਜਾਬੀ ਅਖ਼ਬਾਰਾਂ ਦੇ ਸੰਪਾਦਕ ਰਹੇ ਸੀਨੀਅਰ ਪੱਤਰਕਾਰ ਸ਼ਿੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਆਪਣੇ ਸ਼ੋਕ ਸੰਦੇਸ਼ ਵਿਚ ਲੌਂਗੋਵਾਲ ਨੇ ਆਖਿਆ ਕਿ ਸ. ਭੁੱਲਰ ਪੰਜਾਬੀ ਦੇ ਪ੍ਰਬੁੱਧ ਪੱਤਰਕਾਰ ਸਨ, ਜਿਨ੍ਹਾਂ ਨੇ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਵੱਡਮੁਲੀ ਸੇਧ ਦਿੱਤੀ।ਉਨ੍ਹਾਂ ਪੰਜਾਬੀ ਬੋਲੀ ਦੇ ਵਿਕਾਸ ਲਈ ਵੱਡਾ ਯੋਗਦਾਨ ਪਾਇਆ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।ਲੌਂਗੋਵਾਲ ਨੇ ਕਿਹਾ ਕਿ ਸ਼ਿੰਗਾਰਾ ਸਿੰਘ ਦੇ ਅਕਾਲ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਨੂੰ ਵੱਡਾ ਘਾਟਾ ਪਿਆ ਹੈ।ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਸ਼ਿੰਗਾਰਾ ਸਿੰਘ ਭੁੱਲਰ ਆਪਣੇ ਸਮੇਂ ਦਾ ਸਫਲ ਸੰਪਾਦਕ, ਚੇਤੰਨ ਪੱਤਰਕਾਰ ਅਤੇ ਉਘਾ ਸਾਹਿਤਕਾਰ ਸੀ।ਪੰਜਾਬੀ ਬੋਲੀ ਦੇ ਲਿਖਾਰੀਆਂ ਵਿਚ ਭੁੱਲਰ ਨੇ ਆਪਣੀਆਂ ਲਿਖਤਾਂ ਰਾਹੀਂ ਨਿਵੇਕਲਾ ਸਥਾਨ ਬਣਾਇਆ ਅਤੇ ਉਹ ਆਪਣੀਆਂ ਲਿਖਤਾਂ ਦੀ ਮੌਲਿਕਤਾ ਕਰਕੇ ਸਦਾ ਜਾਣੇ ਜਾਣਗੇ।ਸ਼ਿੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਅਵਤਾਰ ਸਿੰਘ ਸੈਂਪਲਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਅਤੇ ਸ਼੍ਰੋਮਣੀ ਕਮੇਟੀ ਦੇ ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ ਨੇ ਵੀ ਦੁੱਖ ਦਾ ਇਜਹਾਰ ਕੀਤਾ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …