ਸਿੱਖਿਆ ਵਿਭਾਗ ਦੇ ਕੰਮਕਾਜ਼ ਦਾ ਲਿਆ ਜਾਇਜ਼ਾ
ਕਪੂਰਥਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਅਤੇ ਮਿਡ-ਡੇ-ਮੀਲ ਸਟੇਅਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ। ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਉਨ੍ਹਾਂ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਜ਼ਿਲ੍ਹੇ ਵਿਚ ਸ਼ੁਰੂ ਕੀਤੇ ਗਏ ਨਿਵੇਕਲੇ ਪ੍ਰੋਗਰਾਮ ‘ਸਕੂਲ ਤੋਂ ਸਿੱਧਾ ਕਿੱਤੇ ਵੱਲ’ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ, ਤਾਂ ਜੋ ਬਾਰ੍ਹਵੀਂ ਤੋਂ ਬਾਅਦ ਆਪਣਾ ਕਿੱਤਾ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕੀਤਾ ਸਕੇ।ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਵਿਸ਼ੇਸ਼ ਸੈਮੀਨਾਰ ਲਗਾ ਕੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਗਾਈਡੈਂਸ ਕਾੳੂਂਸਲਰਾਂ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਕੇਂਦਰਾਂ, ਬੈਂਕਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਟ੍ਰੇਨਿੰਗ ਕੋਰਸਾਂ, ਸਵੈ-ਰੋਜ਼ਗਾਰ ਅਤੇ ਕਰਜ਼ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲੇ ਪੜਾਅ ਵਿਚ ਜ਼ਿਲ੍ਹੇ ਦੇ 62 ਸਕੂਲ ਕਵਰ ਕੀਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਾਸਾਨੀ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਲਾਲ ਕੁੰਡਲ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਫ਼ਸਰ ਸ੍ਰੀਮਤੀ ਨੀਲਮ ਮਹੇ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮ ਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।