ਪਿੰਡ ਇਸਲਾਮਪੁਰ ‘ਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ
ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਕਣਕ ਦੀ ਫਸਲ ਨੂੰ ਬਿਮਾਰੀਆਂ ਅਤੇ ਕੀੜਿਆਂ ਤੋਂ ਬਚਾਉਣ ਲਈ ਪਰਤੀ ਏਕੜ 90 ਕਿਲੋ ਯੂਰੀਆ ਜਾਂ
ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ਤੇ ਬਿਜਾਈ ਤੋਂ 55 ਦਿਨ ਦੇ ਅੰਦਰ ਅੰਦਰ ਵਰਤੋਂ ਕਰ ਲੈਣੀ ਚਾਹੀਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਸਕੀਮ ਤਹਿਤ ਲਗਾਏ ਪਿੰਡ ਪੱਧਰੀ ਜਾਗਰੁਕਤਾ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਕੁਮਾਰ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨਾਲੌਜੀ ਪ੍ਰਬੰਧਕ, ਸਰਪੰਚ ਰੀਨਾ ਰਾਣੀ, ਬਚਨ ਲਾਲ, ਉਤਮ ਚੰਦ ਸਮੇਤ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਣਕ-ਝੋਨੇ ਦੇ ਫਸਲੀ ਚੱਕਰ ਅਪਨਾਉਣ ਅਤੇ ਹੋਰਨਾਂ ਕਾਰਨਾਂ ਕਰਕੇ ਮਿੱਟੀ ਦੀ ਸਿਹਤ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ, ਜਿਸ ਨਾਲ ਮਨੁੱਖ ਅਤੇ ਪਸ਼ੂਆਂ ਦੀ ਸਿਹਤ ਵਿੱਚ ਅਨੇਕਾਂ ਵਿਗਾੜ ਆ ਰਹੇ ਹਨ।ਉਨਾਂ ਕਿਹਾ ਕਿ ਕਣਕ ਦੀ ਫਸਲ ਨੂੰ ਪਹਿਲੇ ਅਤੇ ਦੂਜੇ ਪਾਣੀ ਨਾਲ ਸਮੇਂ ਸਿਰ ਬੀਜ਼ੀ ਕਣਕ ਨੂੰ 45 ਕਿਲੋ ਅਤੇ ਅੱਧ ਦਸੰਬਰ ਤੋਂ ਬਾਅਦ ਬੀਜ਼ੀ ਕਣਕ ਨੂੰ 35 ਕਿਲੋ ਯੂਰੀਆ ਪ੍ਰਤੀ ਏਕੜ ਪਾ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ ਬਾਰਸ਼ਾਂ ਕਾਰਨ ਦੂਜੇ ਪਾਣੀ ਵਿੱਚ ਦੇਰੀ ਹੋਵੇ ਤਾਂ ਯੂਰੀਆਂ ਦੀ ਦੂਜੀ ਕਿਸ਼ਤ ਬਿਜ਼ਾਈ ਤੋਂ 55 ਦਿਨਾਂ ਬਾਅਦ ਜ਼ਰੂਰ ਪਾ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ ਬਰਸਾਤ ਕਾਰਨ ਨੀਵੇਂ ਖੇਤਾਂ ਵਿੱਚ ਕਣਕ ਪੀਲੀ ਪੈ ਗਈ ਹੈ ਤਾਂ 3% ਯੂਰੀਏ ਦਾ ਛਿੜਕਾਅ ਕੀਤਾ ਜਾ ਸਕਦਾ ਹੈ ਅਤੇ ਇਸ ਮਕਸਦ ਲਈ ਫਸਲ ਤੇ ਦੋ ਤਰਫਾ ਛਿੜਕਾਅ ਕਰੋ ਅਤੇ 300 ਲਿਟਰ ਘੋਲ ਪ੍ਰਤੀ ਏਕੜ ਵਰਤੋ।ਉਨਾਂ ਕਿਹਾ ਕਿ ਅੱਧ ਦਸੰਬਰ ਤੋਂ ਬਾਅਦ ਬੀਜੀ ਕਣਕ ਨੂੰ ਠੀਕ ਸਮੇਂ ਤੇ ਬੀਜੀ ਕਣਕ ਨਾਲੋਂ 25 ਫੀਸਦੀ ਯੂਰੀਆ ਖਾਦ ਘੱਟ ਪਾਉ।ਉਨਾਂ ਕਿਹਾ ਕਿ ਤੰਦਰੁਸਤ ਫਸਲਾਂ ਪੈਦਾ ਕਰਨ ਲਈ ਮਿੱਟੀ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ।
ਗੁਰਦਿਤ ਸਿੰਘ ਨੇ ਕਿਹਾ ਕਿ ਆਮ ਕਰਕੇ ਕਿਸਾਨਾਂ ਵੱਲੋਂ ਆਂਢੀ ਗੁਆਂਢੀਆਂ ਦੇ ਕਹੇ ਜਾਂ ਦੇਖਾ ਦੇਖੀ ਰਸਾਇਣਕ ਖਾਦਾਂ ਖਾਸ ਕਰਕੇ ਯੂਰੀਆ ਖਾਦ ਦੀ ਬੇਲੋੜੀ ਵਰਤੋਂ ਕਰਦੇ ਹਨ ਜਿਸ ਨਾਲ ਕੀੜਿਆਂ ਅਤੇ ਬਿਮਾਰੀਆਂ ਦੇ ਹਮਲਾ ਵਧਣ ਨਾਲ ਫਸਲਾਂ ਦੀ ਪੈਦਾਵਾਰ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਸਰਪੰਚ ਸ਼੍ਰੀਮਤੀ ਰੀਨਾ ਰਾਣੀ ਨੇ ਵਿਸ਼ਵਾਸ਼ ਦਿਵਾਇਆ ਕਿ ਕਿਸਾਨ ਖੇਤੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖਾਦਾਂ ਅਤੇ ਕੀਟਨਾਸ਼ਕ ਰਸਾਇਣਾਂ ਦੀ ਵਰਤੋਂ ਕਰਨਗੇ ਤਾਂ ਜੋ ਆਮ ਨਾਗਰਿਕਾਂ ਨੂੰ ਸ਼ੁੱਧ ਅਤੇ ਮਿਆਰੀ ਖੇਤਾਂ ਜਿਨਸਾਂ ਮੁਹੱਈਆ ਕਰਵਾਈਆਂ ਜਾ ਸਕਣ।
Punjab Post Daily Online Newspaper & Print Media