ਕਿਹਾ ਘੱਟ ਗਿਣਤੀਆਂ ਦੀ ਸੁਰੱਖਿਆ ਕਰਨ ’ਚ ਅਸਫ਼ਲ ਹੋਈ ਪਾਕਿ ਸਰਕਾਰ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਕੁਝ ਮੁਸਲਮਾਨਾਂ ਵਲੋਂ ਕੀਤੀ ਗਈ ਪੱਥਰਬਾਜ਼ੀ ਨੂੰ ਅਤਿ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ।ਜਾਰੀ ਬਿਆਨ ਵਿੱਚ ਉਨਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ’ਚ ਸਿੱਖ ਵਿਰੋਧੀ ਨਾਅਰੇ ਲਗਾਉਣੇ ਅਤੇ ਸ੍ਰੀ ਨਨਕਾਣਾ ਸਾਹਿਬ ਦਾ ਨਾਂਅ ਬਦਲਣ ਦੀ ਮੰਗ ਕਰਨ ਦੀ ਜਿੰਨ੍ਹੀ ਨਿੰਦਾ ਕੀਤੀ ਜਾਵੇ ਘੱਟ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਦੀ ਸੁਰੱਖਿਆ ਕਰਨ ’ਚ ਅਸਫ਼ਲ ਸਾਹਿਬ ਹੋ ਰਹੀ ਹੈ। ਉਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਘੱਟ ਗਿਣਤੀਆਂ ਦੇ ਮਨ ’ਚ ਖੌਫ਼ ਪੈਦਾ ਕਰਦੀਆਂ ਹਨ।
ਛੀਨਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਾਕਿ ’ਚ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਚਿਤ ਕਾਰਵਾਈ ਕਰੇ ਤਾਂ ਕਿ ਪਾਕਿਸਤਾਨੀ ਸਿੱਖ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।ਉਨ੍ਹਾਂ ਨੇ ਪਾਕਿ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਵਿਸ਼ਵਾਸ਼ ਵਧਾਉਣ ਲਈ ਜਰੂਰੀ ਕਦਮ ਚੁੱਕੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੂਸਰੇ ਦੇਸ਼ਾਂ ’ਚ ਖੌਫ਼ ਦਾ ਜੀਵਨ ਬਤੀਤ ਕਰ ਰਹੇ ਸਿੱਖ ਘੱਟ ਗਿਣਤੀਆਂ ਨੂੰ ਨਾਗਰਿਕਤਾ ਪ੍ਰਦਾਨ ਕਰੇ।