ਵਿਦਿਆਰਥਣਾਂ ਨੂੰ ਸਕੂਲ ਅੰਦਰ ਹੀ ਮੁਫਤ ਮੁਹੱਈਆ ਕਰਾਏ ਜਾਣਗੇ ਸੈਨੇਟਰੀ ਪੈਡ
ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਲੜਕੀਆਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ ਨੇਕ ਉਪਰਾਲਾ ਕੀਤਾ ਗਿਆ ਹੈ।ਇਸ ਮੁਹਿੰਮ ਤਹਿਤ ਜ਼ਿਲੇ ਦੇ ਦੋ ਸਰਕਾਰੀ ਸਕੂਲਾਂ ਵਿੱਚ ਸੈਨਟਰੀ ਪੈਡਜ਼ ਵਾਲੀਆਂ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੈਨੇਟਰੀ ਪੈਡ ਵਾਲੀਆਂ ਇਹ ਦੋ ਮਸ਼ੀਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰੋਂ ਬਲਾਕ ਸੁਨਾਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸੰਦੌੜ, ਬਲਾਕ ਅਹਿਮਦਗੜ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ।ਉਨਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਮਕਸਦ ਸਕੂਲੀ ਵਿਦਿਆਰਥਣਾਂ ਨੂੰ ਮਾਹਵਾਰੀ ਦੇ ਦਿਨਾਂ ਦੌਰਾਨ ਸਿਹਤ ਸੰਭਾਲ ਅਤੇ ਸੁਰੱਖਿਅਤ ਉਤਪਾਦ ਵਰਤਣ ਬਾਰੇ ਜਾਗਰੂਕ ਕਰਨਾ ਹੈ, ਜਿਸ ਤਹਿਤ ਸਕੂਲ ਦੀਆਂ ਵਿਦਿਆਰਥਣਾਂ ਨੂੰ ਇਹ ਸੈਨੇਟਰੀ ਪੈਡ ਬਿਲਕੁੱਲ ਮੁਫਤ ਮੁਹੱਈਆ ਹੋਣਗੇ।
ਜ਼ਿਲਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਹ ਉਪਰਾਲਾ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਅਧੀਨ ਕੀਤਾ ਗਿਆ ਹੈ, ਜਿਸ ਤਹਿਤ ਦੋਵਾਂ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਇਨਾਂ ਮਸ਼ੀਨਾਂ ਦੀ ਵਰਤੋਂ ਬਾਰੇ ਟ੍ਰੇਨਿੰਗ ਵੀ ਦਿੱਤੀ ਗਈ ਹੈ।