ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ’ਚ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ
ਸਿਖ਼ਰ ਸੀ, ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਜਸਟਿਸ ਐਸ.ਐਨ ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ ਵੱਲੋਂ ਆਪਣੀ ਜਾਂਚ ਰਿਪੋਰਟ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 1984 ਅੰਦਰ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਸਿੱਖ ਯਾਤਰੀਆਂ ਨੂੰ ਰੇਲ ਗੱਡੀਆਂ ’ਚੋਂ ਉਤਾਰ ਕੇ ਹੱਤਿਆ ਕੀਤੀ ਗਈ ਅਤੇ ਹੈਰਾਨੀ ਦੀ ਗੱਲ ਹੈ ਕਿ ਕਿਸੇ ਨੇ ਵੀ ਨਾ ਹੀ ਸਿੱਖਾਂ ਨੂੰ ਬਚਾਇਆ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਸਟਿਸ ਢੀਂਗਰਾ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਵਿਚ ਸਾਫ਼ ਹੋ ਗਿਆ ਹੈ ਕਿ 1 ਅਤੇ 2 ਨਵੰਬਰ 1984 ਨੂੰ ਦਿੱਲੀ ਦੇ ਪੰਜ ਰੇਲਵੇ ਸਟੇਸ਼ਨਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ।ਇਸ ਵਿਚ ਇਹ ਵੀ ਸਾਫ਼ ਹੋਇਆ ਹੈ ਕਿ ਪੁਲਿਸ ਨੇ ਆਪਣੀ ਬਣਦੀ ਜ਼ੁੰਮੇਵਾਰੀ ਨਹੀਂ ਨਿਭਾਈ। ਨਾ ਹੀ ਘਟਨਾਵਾਰ ਅਤੇ ਨਾ ਹੀ ਅਪਰਾਧਵਾਰ ਐਫ.ਆਈ.ਆਰ ਦਰਜ਼ ਕੀਤੀ ਗਈ। ਇਸ ਤੋਂ ਇਲਾਵਾ ਕਈ ਸ਼ਿਕਾਇਤਾਂ ਨੂੰ ਇਕ ਐਫ.ਆਈ.ਆਰ ਵਿਚ ਹੀ ਮਿਲਾ ਦਿੱਤਾ ਗਿਆ।
ਲੌਂਗੋਵਾਲ ਨੇ ਮੰਗ ਕੀਤੀ ਕਿ ਇਨ੍ਹਾਂ ਮਾਮਲਿਆਂ ਵਿੱਚ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸ਼ਲਾਖਾਂ ਪਿੱਛੇ ਕੀਤਾ ਜਾਵੇ।ਉਨ੍ਹਾਂ ਕਿਹਾ ਕਿ 35 ਸਾਲ ਬਾਅਦ ਅਜੇ ਤੱਕ ਸਿੱਖ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ।ਲੌਂਗੋਵਾਲ ਨੇ ਮੰਗ ਕੀਤੀ ਕਿ ਇਸ ਜਾਂਚ ਰਿਪੋਰਟ ਦੇ ਅਧਾਰ ’ਤੇ 1984 ਸਿੱਖ ਕਤਲੇਆਮ ਵਿਚ ਸਿੱਖਾਂ ਨੂੰ ਇਨਸਾਫ਼ ਦਿੱਤਾ ਜਾਵੇ।ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿੱਚ 85 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਦੇ ਕਾਤਲਾਂ ਨੂੰ ਲੰਮਾ ਅਰਸਾ ਬੀਤਣ ਬਾਅਦ ਵੀ ਸਜ਼ਾਵਾਂ ਤੋਂ ਦੂਰ ਰੱਖਣਾ ਦੇਸ਼ ਦੇ ਲੋਕਤੰਤਰ ’ਤੇ ਸਵਾਲੀਆਂ ਨਿਸ਼ਾਨ ਹੈ।ਉਨ੍ਹਾਂ ਆਖਿਆ ਕਿ ਸਿੱਖ ਕਤਲੇਆਮ ਦਾ ਹਰ ਦੋਸ਼ੀ ਸਖ਼ਤ ਸਜ਼ਾ ਦਾ ਹੱਕਦਾਰ ਹੈ ਇਸ ਵਿਚ ਹੁਣ ਹੋਰ ਦੇਰੀ ਨਹੀਂ ਹੋਣੀ ਚਾਹੀਦੀ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media