ਇਸ਼ਤਿਹਾਰਾਂ ‘ਤੇ ਰਜਿਸਟ੍ਰੇਸ਼ਨ ਨੰਬਰ ਦਰਜ਼ ਕਰਨਾ ਜ਼ਰੂਰੀ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋ ਦਿੱਤੇ ਹੁਕਮਾਂ ਅਨੁਸਾਰ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਵਿਚ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ।ਇਸ ਸਬੰਧੀ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਵਿੱਖ ਵਿੱਚ ਕਿਸੇ ਵੀ ਟਰੈਵਲ ਏਜੰਟ ਦੀ ਕਿਸੇ ਵੀ ਤਰ੍ਹਾਂ ਦੀ ਇਸ਼ਤਿਹਾਰਬਾਜ਼ੀ ’ਤੇ ਉਸ ਦਾ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ ਹੋਵੇਗਾ ਅਤੇ ਉਨ੍ਹਾਂ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿੰਨਾਂ ਕੋਲ ਲਾਇਸੈਂਸ ਨਹੀਂ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਰੈਵਲ ਏਜੰਟਾਂ ਦੇ ਜੋ ਵੀ ਇਸ਼ਤਿਹਾਰ ਕਿਸੇ ਵੀ ਮਾਧਿਅਮ (ਟੈਲੀਵਿਜ਼ਨ, ਪ੍ਰਿੰਟ, ਕੰਧਾਂ ਜਾਂ ਵਾਹਨਾਂ ’ਤੇ) ਰਾਹੀਂ ਲਗਵਾਏ ਜਾਣ ਤਾਂ ਉਨ੍ਹਾਂ ’ਤੇ ਏਜੰਟ ਦਾ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਦਰਜ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਤ ਕਰਨ ਵੇਲੇ ਟਰੈਵਲ ਏਜੰਟ ਦਾ ਰਜਿਸਟ੍ਰੇਸ਼ਨ ਨੰਬਰ ਲੈਣਾ, ਵੈਰੀਫਾਈ (ਪੜਤਾਲ) ਅਤੇ ਦਰਜ ਕਰਨਾ ਜ਼ਰੂਰੀ ਬਣਾਉਣ।ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪਬਲੀਸ਼ਰਜ਼ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਤੁਹਾਡੇ ਕੋਲ ਕਿਸੇ ਟਰੈਵਲ ਏਜੰਟ ਦੀ ਸ਼ਿਕਾਇਤ ਆਉਂਦੀ ਹੈ ਤਾਂ ਉਸ ਨੂੰ ਜਿਲ੍ਹਾ ਪ੍ਰਸਾਸ਼ਨ ਨੂੰ ਜਰੂਰ ਸੂਚਿਤ ਕੀਤਾ ਜਾਵੇ ਤਾਂ ਜੋ ਗਲਤ ਕੰਮ ਕਰਨ ਵਾਲੇ ਟਰੈਵਲ ਏਜੰਟਾਂ ਦੇ ਲਾਇਸੈਂਸ ਕੈਂਸਲ ਕੀਤੇ ਜਾ ਸਕਣ।
ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਟਰੈਵਲ ਏਜੰਟਾਂ ਦਾ ਲਾਇਸੈਂਸ 5 ਸਾਲ ਤੱਕ ਮਾਨਤਾ ਪ੍ਰਾਪਤ ਹੁੰਦਾ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਨੂੰ ਰੀਨਿਊ ਕਰਵਾਉਣਾ ਵੀ ਬਹੁਤ ਜਰੂਰੀ ਹੈ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਏਜੰਟ ਨੇ ਕਿਸੇ ਹੋਰ ਜਿਲੇ੍ਹ ਵਿਚ ਲਾਇਸੈਂਸ ਪ੍ਰਾਪਤ ਕੀਤਾ ਹੈ ਤਾਂ ਇਸ ਸਬੰਧੀ ਜਿਲ੍ਹਾ ਪ੍ਰਸਾਸ਼ਨ ਨੂੰ ਸੂਚਿਤ ਕਰਨਾ ਬਹੁਤ ਜਰੂਰੀ ਹੈ।
ਇਸ ਮੀਟਿੰਗ ਵਿੱਚ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਏ.ਸੀ.ਪੀ ਸ੍ਰੀਮਤੀ ਪਲਵਿੰਦਰ ਕੌਰ, ਡੀ.ਐਸ.ਪੀ ਹੈਡਕੁਆਟਰ ਅੰਮ੍ਰਿਤ ਸਰੂਪ ਡੋਗਰਾ ਹਾਜਰ ਸਨ।