Thursday, February 26, 2026

ਪਾਣੀਆਂ ਦੇ ਮੁੱਦੇ `ਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਬੁਲਾਈ

ਸਮੂਹ ਸਿਆਸੀ ਦਲਾਂ ਦਾ ਸਾਂਝਾ ਸੰਕਲਪ- ਪੰਜਾਬ ਦੇ ਦਰਿਆਈ ਪਾਣੀਆਂ ਨੂੰ ਨਾਨ-ਬੇਸਿਨ ਇਲਾਕਿਆਂ ‘ਚ ਤਬਦੀਲ ਨਾ ਕਰੇੇ ਭਾਰਤ ਸਰਕਾਰ

ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ PPNJ2301202001ਵਿੱਚ ਪਾਣੀ ਦੀ ਗੰਭੀਰ ਸਥਿਤੀ `ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲੱਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਮੂਹ ਪਾਰਟੀਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਤਿੰਨ ਦਰਿਆਵਾਂ ਦਾ ਪਾਣੀ ਕਿਸੇ ਵੀ ਹਾਲਤ ਵਿੱਚ ਬੇਸਿਨ ਤੋਂ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਨਾ ਕੀਤਾ ਜਾਵੇ।
ਸਾਰੀਆਂ ਹੀ ਪਾਰਟੀਆਂ ਨੇ ਸਰਬਸੰਮਤੀ ਨਾਲ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਲਈ ਪ੍ਰਸਤਾਵਿਤ ਅੰਤਰਰਾਜੀ ਦਰਿਆਈ ਵਿਵਾਦ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਮੰਗ ਕੀਤੀ ਤਾਂ ਕਿ ਇਨਸਾਫ ਅਤੇ ਇਕਸਾਰਤਾ ਅਨੁਸਾਰ ਪੰਜਾਬ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ।
ਮੀਟਿੰਗ ਵਿੱਚ ਪੜੇ ਗਏ ਮਤੇ ਮੁਤਾਬਕ, “ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟਣ ਕਰਕੇ ਅਤੇ ਦਰਿਆਈ ਪਾਣੀਆਂ ਦੀ ਕਮੀ ਕਾਰਨ ਪੰਜਾਬ ਦੇ ਮਾਰੂਥਲ ਬਣਨ ਦਾ ਖਦਸ਼ਾ ਹੈ। ਪੰਜਾਬ `ਚ ਧਰਤੀ ਹੇਠਲਾ ਪਾਣੀ ਜੋ ਸੂਬੇ ਦੀਆਂ 73 ਪ੍ਰਤੀਸ਼ਤ ਸਿੰਚਾਈ ਲੋੜਾਂ ਪੂਰੀਆਂ ਕਰਦਾ ਹੈ, ਹੁਣ ਬਹੁਤ ਥੱਲੇ ਜਾ ਚੁੱਕਾ ਹੈ ਜਿਸ ਕਾਰਨ ਕਿਸਾਨਾਂ ਅਤੇ ਗਰੀਬ ਲੋਕਾਂ ਦੀ ਰੋਜ਼ੀ-ਰੋਟੀ ਨੂੰ ਬਹੁਤ ਵੱਡਾ ਖਤਰਾ ਬਣਿਆ ਹੋਇਆ ਹੈ।
ਅਜਿਹੀ ਸਥਿਤੀ ਵਿੱਚ ਇਹ ਸਰਬਸੰਮਤੀ ਨਾਲ ਸੰਕਲਪ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਤਿੰਨ ਦਰਿਆਵਾਂ (ਰਾਵੀ, ਸਤਲੁਜ ਅਤੇ ਬਿਆਸ) ਦੇ ਬੇਸਿਨ ਤੋਂ ਨਾਨ-ਬੇਸਿਨ ਇਲਾਕਿਆਂ ਵਿੱਚ ਦੁਨੀਆਂ ਭਰ `ਚ ਪ੍ਰਵਾਨਿਤ ਰਿਪੇਅਰੀਅਨ ਸਿਧਾਂਤ ਮੁਤਾਬਕ ਕਿਸੇ ਵੀ ਸੂਰਤ ਵਿੱਚ ਤਬਦੀਲ ਨਾ ਕੀਤਾ ਜਾਵੇ। ਇਸ ਸਬੰਧ ਵਿੱਚ ਢੁੱਕਵੇਂ ਬਦਲ, ਜਿਨਾਂ ਵਿੱਚ ਪਾਣੀਆਂ ਦੀ ਉਪਲਬਧਤਾ ਦਾ ਮੁੜ ਤੋਂ ਮੁਲਾਂਕਣ ਕਰਨ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ ਐਕਟ ਅਧੀਨ ਨਵਾਂ ਟ੍ਰਿਬਿਊਨਲ ਸਥਾਪਤ ਕਰਨ ਸਬੰਧੀ ਸੋਧ ਕਰਨੀ ਵੀ ਸ਼ਾਮਲ ਹੈ, ਅੰਤਮ ਫੈਸਲੇ ਤੋਂ ਪਹਿਲਾਂ, ਲੱਭੇ ਅਤੇ ਵਿਕਸਤ ਕੀਤੇ ਜਾਣ ਤਾਂ ਜੋ ਇਨਸਾਫ ਅਤੇ ਇਕਸਾਰਤਾ ਅਨੁਸਾਰ ਪੰਜਾਬ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ।“
ਮੁੱਖ ਮੰਤਰੀ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਮਤਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੇਸ਼ ਕੀਤਾ ਤਾਂ ਕਿ ਸੂਬੇ ਦੇ ਪਾਣੀ ਦੇ ਸੰਕਟ ਨੂੰ ਹੱਲ ਲੱਭਣ ਲਈ ਰਾਹ ਤਲਾਸ਼ਿਆ ਜਾ ਸਕੇ।
ਭਾਵੇਂ ਕਿ ਮਤੇ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦਾ ਜ਼ਿਕਰ ਨਹੀਂ ਕੀਤਾ ਗਿਆ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੇ ਇਕਸੁਰ ਵਿੱਚ ਆਖਿਆ ਕਿ ਨਹਿਰ ਦੀ ਉਸਾਰੀ ਵੱਲ ਚੁੱਕਿਆ ਕੋਈ ਵੀ ਕਦਮ ਸੂਬੇ ਲਈ ਘਾਤਕ ਹੋਵੇਗਾ। ਸਾਰੀਆਂ ਪਾਰਟੀਆਂ ਨੇ ਇਸ ਨਾਜ਼ੁਕ ਮਸਲੇ `ਤੇ ਸਰਬ ਪਾਰਟੀ ਮੀਟਿੰਗ ਸੱਦਣ ਲਈ ਮੁੱਖ ਮੰਤਰੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਆਪਣੇ ਸਮਾਪਤੀ ਸੰਬੋਧਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਲਈ ਆਪਣੀ ਹਉਮੇ ਤਿਆਗ ਕੇ ਸਾਰਿਆਂ ਨੂੰ ਸਾਂਝੀ ਇੱਛਾ ਦਿਖਾਉਣੀ ਚਾਹੀਦੀ ਹੈ।ਉਨਾਂ ਸੁਝਾਅ ਦਿੱਤਾ ਕਿ ਸਰਬ ਪਾਰਟੀ ਵਫਦ ਨੂੰ ਰਹਿਮ ਦੀ ਅਪੀਲ ਨਾਲ ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੀਦਾ ਹੈ ਕਿ ਇਸ ਸਮੱਸਿਆ ਦਾ ਛੇਤੀ ਹੱਲ ਨਾ ਹੋਣ `ਤੇ ਲੋਕ ਮਰਨਾ ਸ਼ੁਰੂ ਕਰ ਦੇਣਗੇ।
ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਰਨਾਂ ਆਗੂਆਂ ਵਿੱਚ ਆਮ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਤੋਤਾ ਸਿੰਘ, ਭਾਜਪਾ ਆਗੂ ਮਨੋਰੰਜਨ ਕਾਲੀਆ, ਸੀ.ਪੀ.ਆਈ ਆਗੂ ਭੁਪਿੰਦਰ ਸਾਂਭਰ, ਡਾ.ਜੋਗਿੰਦਰ ਦਿਆਲ, ਸੀ.ਪੀ.ਆਈ. (ਐਮ.) ਦੇ ਭੂਪ ਚੰਦ, ਬਸਪਾ ਦੇ ਸੂਬਾਈ ਜਨਰਲ ਸਕੱਤਰ ਨਛੱਤਰ ਪਾਲ, ਸੂਬਾਈ ਸਕੱਤਰ ਡਾ. ਜਸਪ੍ਰੀਤ ਸਿੰਘ, ਤ੍ਰਿਣਮੂਲ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਗੁਰਪ੍ਰੀਤ ਚੌਹਾਨ, ਰੌਸ਼ਨ ਲਾਲ ਗੋਇਲ ਤੇ ਐਨ.ਸੀ.ਪੀ ਆਗੂ ਗੁਰਿੰਦਰ ਸਿੰਘ ਸ਼ਾਮਲ ਸਨ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਏ.ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਤੇ ਵਿਸ਼ੇਸ਼ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਗਗਨਦੀਪ ਸਿੰਘ ਬਰਾੜ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply