ਯੂਨੀਵਰਸਿਟੀ ਲਈ 125 ਏਕੜ ਜ਼ਮੀਨ ਦੇਣ ਵਾਲੇ ਮਨਜੀਤ ਸਿੰਘ ਧਾਲੀਵਾਲ ਦਾ ਸਨਮਾਨ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਬੈਲਿੰਗਹੈਮ ’ਚ ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਲਈ 125 ਏਕੜ ਜ਼ਮੀਨ ਦੇਣ ਵਾਲੇ ਸਿੱਖ ਮਨਜੀਤ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਯਾਦਗਾਰੀ ਸਿੱਕੇ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।ਉਹ ਆਪਣੀ ਭਾਰਤ ਫੇਰੀ ਦੌਰਾਨ ਆਪਣੇ ਵੱਡੇ ਭਰਾ ਹਰਭਜਨ ਸਿੰਘ ਧਾਲੀਵਾਲ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾ. ਗੁਰਨਾਮ ਸਿੰਘ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੇ ਸਨ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਧਾਲੀਵਾਲ ਦੇ ਸਨਮਾਨ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸੱਕਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਹੋਰ ਮੌਜੂਦ ਸਨ।
ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਅਮਰੀਕਾ ਦੇ ਸਿੱਖਾਂ ਵੱਲੋਂ ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਦੀ ਪਹਿਲ ਨੂੰ ਇਤਿਹਾਸਕ ਤੇ ਸ਼ਲਾਘਾਯੋਗ ਕਦਮ ਕਰਾਰ ਦਿੰਦਿਆਂ ਕਿਹਾ ਕਿ ਅਮਰੀਕਾ ਵਾਸੀ ਨਵੀਂ ਪੀੜ੍ਹੀ ਨੂੰ ਗੁਰਬਾਣੀ, ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਤੇ ਸਿੱਖ ਸੱਭਿਆਚਾਰ ਨਾਲ ਜੋੜਨ ਦਾ ਇਹ ਨਿੱਗਰ ਉਪਰਾਲਾ ਹੈ।ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਨੇ ਇਸ ਯੂਨੀਵਰਸਿਟੀ ਸਬੰਧੀ ਸ਼ਲਾਘਾ ਦਾ ਮਤਾ ਵੀ ਪਾਸ ਕੀਤਾ ਸੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਅੱਜ ਵਿਸ਼ਵ ਵਿਆਪੀ ਸ਼ਹਿਰੀ ਹਨ ਅਤੇ ਇਨ੍ਹਾਂ ਨੇ ਹਰ ਦੇਸ਼ ਅੰਦਰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਪ੍ਰਸਾਰਨ ਲਈ ਵੱਡੇ ਕਾਰਜ ਕੀਤੇ ਹਨ।ਖ਼ਾਲਸਾ ਯੂਨੀਵਰਸਿਟੀ ਦੀ ਸਥਾਪਨਾ ਅਹਿਮ ਪ੍ਰਾਪਤੀ ਹੈ।ਇਸ ਨਾਲ ਜਿਥੇ ਸਿੱਖ ਕੌਮ ਦੀ ਨਵੀਂ ਪੀੜ੍ਹੀ ਆਪਣੇ ਸੱਭਿਆਚਾਰ, ਗੁਰਬਾਣੀ ਦੀ ਵਿਚਾਰਧਾਰਾ ਅਤੇ ਇਤਿਹਾਸ ਨਾਲ ਜੁੜੇਗੀ, ਉਥੇ ਹੀ ਦੂਸਰੇ ਧਰਮਾਂ ਦੇ ਬੱਚਿਆਂ ਨੂੰ ਵੀ ਸਿੱਖਾਂ ਦੀ ਵਿਲੱਖਣ ਹੋਂਦ ਹਸਤੀ ਤੇ ਪਹਿਛਾਣ ਦੀ ਜਾਣਕਾਰੀ ਪ੍ਰਾਪਤ ਹੋਵੇਗੀ ਅਤੇ ਉਨ੍ਹਾਂ ਅੰਦਰ ਸਿੱਖੀ ਪ੍ਰਤੀ ਚੇਤੰਨਤਾ ਪੈਦਾ ਹੋਵੇਗੀ।
ਖ਼ਾਲਸਾ ਯੂਨੀਵਰਸਿਟੀ ਦੀ ਸਥਾਪਨਾ ਸਬੰਧੀ ਮਨਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਅਮਰੀਕਾ ਅੰਦਰ ਪਹਿਲੇ ਵਿਸ਼ਵ ਵਿਦਿਆਲੇ ਵਜੋਂ ਸਥਾਪਤ ਹੋਈ ਹੈ।ਭਾਵੇਂ ਕਿ ਇਸ ਤੋਂ ਪਹਿਲਾਂ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਸੰਸਥਾਵਾਂ ਵੱਲੋਂ ਕਈ ਸਕੂਲ ਚਲਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅਮਰੀਕਾ ’ਚ ਖ਼ਾਲਸਾ ਯੂਨੀਵਰਸਿਟੀ ਦਾ ਮੰਤਵ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਮਾਨਵੀ ਬਰਾਬਰਤਾ ਦੇ ਸੰਦੇਸ਼ ਨੂੰ ਪ੍ਰਚਾਰਨਾ ਹੈ।ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਲਈ ਅਮਰੀਕਾ ਦੇ ਵਾਸ਼ਿੰਗਟਨ ਸੂਬੇ ਤੋਂ ਰਜਿਸਟ੍ਰੇਸ਼ਨ ਪ੍ਰਾਪਤ ਕੀਤੀ ਜਾ ਚੁੱਕੀ ਹੈ।ਮੌਜੂਦਾ ਸਮੇਂ ਸਕੂਲ ਤੋਂ ਇਲਾਵਾ ਆਨਲਾਈਨ ਕੋਰਸ ਆਰੰਭ ਕੀਤੇ ਜਾ ਰਹੇ ਹਨ ਅਤੇ ਅਗਲੇ ਸਮਿਆਂ ਦੌਰਾਨ ਵੱਡੇ ਅਕਾਦਮਿਕ ਕੋਰਸ ਚਲਾਏ ਜਾਣਗੇ।ਇਨ੍ਹਾਂ ਕੋਰਸਾਂ ਵਿਚ ਮੈਡੀਕਲ, ਵਕਾਲਤ, ਅਕਾਊਂਟਸ ਆਦਿ ਵਿਸ਼ੇ ਵਿਸ਼ੇਸ਼ ਹੋਣਗੇ।ਉਨ੍ਹਾਂ ਕਿਹਾ ਕਿ ਬੇਸ਼ੱਕ ਯੂਨੀਵਰਸਿਟੀ ਲਈ ਵੱਡੀ ਵਿੱਤੀ ਲੋੜ ਨੂੰ ਨਕਾਰਿਆ ਨਹੀਂ ਜਾ ਸਕਦਾ, ਪਰੰਤੂ ਗੁਰੂ ਸਾਹਿਬ ਦੀ ਸੋਚ ਅਨੁਸਾਰ ਆਰੰਭੇ ਇਸ ਕਾਰਜ ਨੂੰ ਸੰਪੂਰਨ ਕਰਨ ਵਿਚ ਸਿੱਖ ਸੰਗਤਾਂ ਕਸਰ ਨਹੀਂ ਛੱਡਣਗੀਆਂ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ।
Check Also
ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ‘ਲਿਖ ਨੀ ਕਲਮੇ ਮੇਰੀਏ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ …