ਆਜ਼ਾਦੀ ਘੁਲਾਟੀਆਂ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਦਾ ਹੋਇਆ ਸਨਮਾਨ
ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – 71ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਇਆ ਜਿਸ
ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ।ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ।ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।
ਇਸ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ ਵਿਸ਼ਾਲਜੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਜੀ.ਓ.ਜੀ, ਐਨ.ਸੀ.ਸੀ ਅਤੇ ਐਨ.ਐਸ.ਐਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਨੇ ਪਰੇਡ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ।ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਵੰਨਗੀਆਂ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ।ਸੁਖਜੀਤ ਆਸ਼ਰਮ ਅਤੇ ਆਰੀਆ ਵਾਤਸਲਿਆ ਸਮਾਜ ਦੇ ਬੱਚਿਆਂ ਵੱਲੋਂ ਦਿੱਤੀਆਂ ਵਿਸ਼ੇਸ਼ ਪੇਸ਼ਕਾਰੀਆਂ ਨੇ ਖ਼ੂਬ ਵਾਹ-ਵਾਹ ਲੁੱਟੀ।ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਦਿਲਕਸ਼ ਝਾਕੀਆਂ ਕੱਢੀਆਂ ਗਈਆਂ।
ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਆਪਣੇ ਸੰਬੋਧਨ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਹਾਲ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨੇਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ. ਭੀਮ ਰਾਓ ਅੰਬੇਦਕਰ ਤੇ ਹੋਰਨਾਂ ਸ਼ਖਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ।ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤੇ ਭਾਰਤੀਆਂ ਦੇ ਸੁਪਨੇ ਸਾਕਾਰ ਹੋਏ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਇਸ ਉਤਸਵਾਂ ਭਰੇ ਸਮੇਂ ਵਿਚੋਂ ਗੁਜ਼ਰ ਰਹੇ ਹਾਂ।ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਅਤੇ ਸਮਾਰਟ ਸ਼ਹਿਰ ਵਜੋਂ ਵਿਕਸਤ ਕਰਨ ਲਈ 271 ਕਰੋੜ ਰੁਪਏ ਦਾ ਪ੍ਰਾਜੈਕਟ ਉਲੀਕਿਆ ਗਿਆ ਹੈ। ਉਨ੍ਹਾਂ ‘ਸਰਬਤ ਦਾ ਭਲਾ ਐਕਸਪ੍ਰੈਸ’ ਰੇਲ ਗੱਡੀ, ਸ੍ਰੀ ਗੁਰੂ ਨਾਨਕ ਦੇਵ ਬਾਇਓ ਡਾਇਵਰਸਿਟੀ ਪਾਰਕ ਬੀੜ ਸ਼ਿਕਾਰ ਗਾਹ ਅਤੇ ਬੇਬੇ ਨਾਨਕ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ।
ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਕਿਸੇ ਸਮੇਂ ਕਪੂਰਥਲਾ ਦੀ ਸ਼ਾਨ ਰਹੀ ਕਾਂਜਲੀ ਵੈਟਲੈਂਡ ਦੀ ਮੁੜ ਸੁਰਜੀਤੀ ਅਤੇ ਸ਼ਹਿਰ ਦੀਆਂ ਵਿਰਾਸਤੀ ਤੇ ਇਤਿਹਾਸਕ ਇਮਾਰਤਾਂ ਦੀ ਮੁੜ ਪਹਿਲੇ ਵਾਲੀ ਦਿੱਖ ਬਹਾਲ ਕਰਨ ਦਾ ਬੀੜਾ ਚੁੱਕਿਆ ਗਿਆ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਨੂੰ ਵੱਡਾ ਹੁਲਾਰਾ ਦੇਣ ਦੇ ਮਕਸਦ ਨਾਲ ਕਪੂਰਥਲਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿਚ ਵੀ ਜ਼ਿਲ੍ਹਾ ਮੋਹਰੀ ਭੂਮਿਕਾ ਅਦਾ ਕਰ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਬੇਟੀ ਬਚਾਓ ਬੇਟੀ ਪੜ੍ਹਾਓ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਫ਼ਸਲੀ ਵਿਭਿੰਨਤਾ, ਸਮਾਰਟ ਸਕੂਲ, ਸਮਾਰਟ ਵਿਲੇਜ ਅਤੇ ਕਰਜ਼ਾ ਰਾਹਤ ਸਕੀਮ ਆਦਿ ਤਹਿਤ ਕੀਤੇ ਗਏ ਸ਼ਲਾਘਾਯੋਗ ਕਾਰਜਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।
ਇਸ ਮੌਕੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ, ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ, ਬੱਡੀਜ਼ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਵੀਲ੍ਹ ਚੇਅਰ ਅਤੇ ਟਰਾਈ ਸਾਈਕਲ ਪ੍ਰਦਾਨ ਕੀਤੇ ਗਏ।
ਇਸ ਮੌਕੇ ਸੀ.ਜੇ.ਐਮ ਅਜੀਤ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ, ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਡੀ.ਐਸ.ਪੀ ਡਾ. ਮੁਕੇਸ਼, ਸਿਵਲ ਸਰਜਨ ਡਾ. ਜਸਮੀਤ ਬਾਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਕੁੰਡਲ, ਸਕੱਤਰ ਰੈਡ ਕਰਾਸ ਆਰ.ਸੀ ਬਿਰਹਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਾਸਾਨੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ, ਬੀ.ਡੀ.ਪੀ.ਓ ਕਪੂਰਥਲਾ ਅਮਰਜੀਤ ਸਿੰਘ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸੁਖਵਿੰਦਰ ਸਿੰਘ ਖੱਸਣ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਸੁਰਜੀਤ ਸਿੰਘ, ਸ਼ਰਵਣ ਕੁਮਾਰ, ਸ੍ਰੀਮਤੀ ਗੁਰਜੀਤ ਕੌਰ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਬਲਵਿੰਦਰ ਕੌਰ, ਮੈਡਮ ਅੰਜੂ ਬਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਪੂਰਥਲਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਮੰਚ ਸੰਚਾਲਨ ਸਹਾਇਕ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਇੰਦਰਜੀਤ ਸਿੰਘ ਪੱਡਾ ਵੱਲੋਂ ਕੀਤਾ ਗਿਆ।
Punjab Post Daily Online Newspaper & Print Media