ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕਾਂ ਵਲੋਂ ਪੰਜਾਬੀ ਸਾਹਿਤ ਦੇ ਪ੍ਰਮੁੱਖ ਸਾਹਿਤਕਾਰਾਂ ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ੋਕ ਸਭਾ ਕੀਤੀ ਗਈ।ਸ਼ੋਕ ਸਭਾ ਨੂੰ ਸੰਬੋਧਿਤ ਕਰਦਿਆਂ ਕਾਲਜ ਪ੍ਰਿੰਸੀਪਲ ਅਤੇ ਪੰਜਾਬੀ ਦੇ ਗਲਪ ਚਿੰਤਕ ਡਾ. ਮਹਿਲ ਸਿੰਘ ਨੇ ਕਿਹਾ ਕਿ ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਪੰਜਾਬੀ ਗਲਪ ਜਗਤ ਦੀਆਂ ਮਹਾਨ ਹਸਤੀਆਂ ਸਨ।ਉਨ੍ਹਾਂ ਨੇ ਦਰਜਨਾਂ ਮਿਆਰੀ ਪੁਸਤਕਾਂ ਦੀ ਰਚਨਾ ਕਰਕੇ ਅਤੇ ਕਈ ਲੋਕ-ਪ੍ਰਵਾਨ ਨਾਇਕ ਨਾਇਕਾਵਾਂ ਦੀ ਸਿਰਜਨਾ ਨਾਲ ਪੰਜਾਬੀ ਗਲਪ ਨੂੰ ਨਵੀਆਂ ਉਚਾਈਆਂ ’ਤੇ ਪਹੁੰਚਾਇਆ ਹੈ।ਇਨ੍ਹਾਂ ਸਾਹਿਤਕਾਰਾਂ ਦੀਆਂ ਰਚਨਾਵਾਂ ਨੇ ਪੰਜਾਬ ਦੇ ਅਣਗੌਲੇ ਅਤੇ ਲੁੱਟੇ ਪੁੱਟੇ ਲੋਕਾਂ ਦੀ ਦਰਦ ਕਹਾਣੀ ਨੂੰ ਗਲਪ ਰਾਹੀਂ ਘਰ-ਘਰ ਪਹੁੰਚਾਇਆ।ਇਨ੍ਹਾਂ ਦੋਵੇਂ ਵੱਡੇ ਸਾਹਿਤਕਾਰਾਂ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਿਆ ਹੋਣ ਵਾਲਾ ਘਾਟਾ ਪਿਆ ਹੈ।
ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਭਾਵੇਂ ਇਹ ਦੋ ਵੱਡੀਆਂ ਸ਼ਖਸੀਅਤਾਂ ਹੁਣ ਸਰੀਰਿਕ ਪੱਖੋਂ ਭਾਵੇਂ ਸਾਡੇ ਵਿੱਚ ਨਹੀਂ ਰਹੀਆਂ ਪਰ ਸਾਹਿਤ ਅਕਾਦਮੀ ਐਵਾਰਡ ਜੇਤੂ ਇਹ ਦੋਵੇਂ ਸਾਹਿਤਕਾਰ ‘ਲਹੂ ਦੀ ਲੋਅ’ ਅਤੇ ‘ਏਹੋ ਹਮਾਰਾ ਜੀਵਣਾ’ ਵਰਗੀਆਂ ਰਚਨਾਵਾਂ ਨਾਲ ਪੰਜਾਬੀ ਸਾਹਿਤ ਜਗਤ ਵਿਚ ਹਮੇਸ਼ਾਂ ਜਿਉਂਦੇ ਰਹਿਣਗੇ। ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਸਾਹਿਤ ਨੂੰ ਆਮ ਪਾਠਕਾਂ ’ਚ ਪਹੁੰਚਾਉਣ ’ਚ ਇਨ੍ਹਾਂ ਦੋਵਾਂ ਸ਼ਖਸੀਅਤਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਵੱਡਾ ਯੋਗਦਾਨ ਪਾਇਆ ਹੈ।
ਇਸ ਮੌਕੇ ਸੁਖਦੇਵ ਸਿੰਘ ਰੰਧਾਵਾ, ਡਾ. ਪਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ ਢਿੱਲੋਂ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਗੁਰਿੰਦਰ ਕੌਰ, ਡਾ. ਪਵਨ ਕੁਮਾਰ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਗੁਰਸ਼ਰਨ ਸਿੰਘ, ਪ੍ਰੋ. ਗੁਰਸ਼ਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਡਾ. ਰਾਜਬੀਰ ਕੌਰ, ਡਾ. ਚਿਰਜੀਵਨ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮਿ੍ਰਤਪਾਲ ਕੌਰ, ਡਾ. ਰਜਨੀਸ਼ ਕੌਰ, ਡਾ. ਪਰਮਿੰਦਰਜੀਤ ਕੌਰ ਆਦਿ ਵਿਦਿਆਰਥੀ ਵੀ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …