Monday, December 23, 2024

ਜਸਵੰਤ ਸਿੰਘ ਕੰਵਲ ਤੇ ਡਾ. ਦਲੀਪ ਕੌਰ ਟਿਵਾਣਾ ਦਾ ਚਲਾਣਾ ਸਾਹਿਤ ਜਗਤ ਲਈ ਵੱਡਾ ਘਾਟਾ- ਡਾ. ਰੂਪ ਸਿੰਘ

ਅੰਮ੍ਰਿਤਸਰ, 1 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬੀ ਜ਼ੁਬਾਨ ਦੇ ਪ੍ਰਸਿੱਧ ਲੇਖਕ ਨਾਵਲਕਾਰ ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ PPNJ0102202013ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਸਿੱਖ ਚਿੰਤਕ ਡਾ. ਰੂਪ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪੰਜਾਬੀ ਅਦਬ ਦੀਆਂ ਦੋਹਾਂ ਸ਼ਖ਼ਸੀਅਤਾਂ ਦੇ ਤੁਰ ਜਾਣ ਨੂੰ ਉਨ੍ਹਾਂ ਸਾਹਿਤ ਜਗਤ ਲਈ ਵੱਡਾ ਘਾਟਾ ਕਰਾਰ ਦਿੱਤਾ।
                  ਡਾ. ਰੂਪ ਸਿੰਘ ਨੇ ਆਖਿਆ ਕਿ ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਦੀ ਲੇਖਣੀ ਨੇ ਜਿਥੇ ਸਮਾਜ ਸੁਧਾਰ ਲਈ ਵੱਡੀ ਭੂਮਿਕਾ ਅਦਾ ਕੀਤੀ, ਉਥੇ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਸਰੋਕਾਰਾਂ ਨੂੰ ਉਭਾਰਿਆ।ਇਨ੍ਹਾਂ ਦੀ ਸਾਹਿਤਕ ਦੇਣ ਆਪਣੇ ਆਪ ਵਿਚ ਇਤਿਹਾਸਕ ਹੈ। ਕਈ ਵੱਡੇ ਲੇਖਕ ਇਨ੍ਹਾਂ ਦੀਆਂ ਰਚਨਾਵਾਂ ਪੜ੍ਹ ਕੇ ਇਸ ਖੇਤਰ ਵਿਚ ਆਏ ਅਤੇ ਆਪਣੀ ਲੇਖਣੀ ਲਈ ਦਿਸ਼ਾ ਨਿਰਧਾਰਿਤ ਕੀਤੀ।ਦੋਹਾਂ ਸ਼ਖ਼ਸੀਅਤਾਂ ਨੇ ਵਿਅਕਤੀਗਤ ਤੌਰ ’ਤੇ ਸੰਸਥਾਵਾਂ ਦੀ ਤਰ੍ਹਾਂ ਕੰਮ ਕੀਤਾ।ਇਨ੍ਹਾਂ ਨੇ ਪੰਜਾਬੀ ਸਾਹਿਤਕ ਕਿਰਤਾਂ ਦੇ ਨਾਲ-ਨਾਲ ਪੰਜਾਬੀ ਬੋਲੀ ਨੂੰ ਪ੍ਰਫੁੱਲਤ ਕਰਨ ਵਿਚ ਵੀ ਅਹਿਮ ਰੋਲ ਨਿਭਾਇਆ।ਉਨ੍ਹਾਂ ਕਿਹਾ ਕਿ ਕੰਵਲ ਵੱਲੋਂ ਮੁੱਢਲੇ ਦਿਨਾਂ ਦੌਰਾਨ ਸ਼੍ਰੋਮਣੀ ਕਮੇਟੀ ਵਿੱਚ ਵੀ ਕੁੱਝ ਸਮਾਂ ਸੇਵਾ ਨਿਭਾਈ ਅਤੇ ਫਿਰ ਸਾਹਿਤਕ ਖੇਤਰ ਅੰਦਰ ਸਰਗਰਮ ਹੋਏ।ਪ੍ਰਬੁੱਧ ਸਾਹਿਤਕਾਰਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ ਦਾ ਸੰਸਾਰ ਤੋਂ ਰੁਖ਼ਸਤ ਹੋ ਜਾਣਾ ਇਸ ਖੇਤਰ ਵਿਚ ਇਕ ਖਲਾਅ ਦੀ ਤਰ੍ਹਾਂ ਹੈ।ਡਾ. ਟਿਵਾਣਾ ਦੀ ‘ਇਹੁ ਹਮਾਰਾ ਜੀਵਣਾ’ ਅਤੇ ਕੰਵਲ ਨੇ ਨਾਵਲਾਂ ਤੋਂ ਇਲਾਵਾ ਪੰਜਾਬ ਨੂੰ ਉਭਾਰਨ ਵਾਲੀਆਂ ਕਈ ਪੁਸਤਕਾਂ ਪੰਜਾਬੀ ਪਾਠਕਾਂ ਨੂੰ ਦਿੱਤੀਆਂ।ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਲਿਖਤਾਂ ਪਾਠਕਾਂ ਨੂੰ ਅੱਖਰ ਗਿਆਨ ਅਤੇ ਬੌਧਿਕਤਾ ਨਾਲ ਜੋੜਨ ਲਈ ਵਡੇਰੀ ਭੂਮਿਕਾ ਨਿਭਾਉਂਦੀਆਂ ਰਹੀਆਂ ਹਨ ਅਤੇ ਭਵਿੱਖ ਵਿਚ ਵੀ ਇਹ ਲਿਖਤਾਂ ਨਵੇਂ ਲੇਖਕਾਂ ਅਤੇ ਪਾਠਕਾਂ ਲਈ ਚਾਨਣ-ਮੁਨਾਰਾ ਬਣੀਆਂ ਰਹਿਣਗੀਆਂ।ਡਾ. ਰੂਪ ਸਿੰਘ ਨੇ ਦੋਹਾਂ ਸ਼ਖ਼ਸੀਅਤਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
              ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ, ਪ੍ਰਸਿੱਧ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਤੇ ਡਾ. ਬੀਬੀ ਦਲੀਪ ਕੌਰ ਟਿਵਾਣਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਇਕੱਤਰਤਾ ਕਰਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੂਲ ਮੰਤਰ ਅਤੇ ਗੁਰ ਮੰਤਰ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ।ਸ਼ੋਕ ਸਭਾ ‘ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸਕੱਤਰ ਮਨਜੀਤ ਸਿੰਘ ਬਾਠ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਕੁਲਵਿੰਦਰ ਸਿੰਘ ਰਮਦਾਸ, ਸੁਲੱਖਣ ਸਿੰਘ ਭੰਗਾਲੀ, ਗੁਰਿੰਦਰ ਸਿੰਘ ਮਥਰੇਵਾਲ, ਬੀਬੀ ਮਨਮੋਹਨ ਕੌਰ, ਨਿਰਵੈਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ਼ ਮੌਜੂਦ ਸੀ।ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਕਰ ਦਿੱਤੇ ਗਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply