ਚੰਡੀਗੜ, 28 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਪੁਲੀਸ ਨੇ ਕੌਮੀ ਸੁਰੱਖਿਆ ਦੇ
ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈ.ਬੀ) ਦੇ ਕਹਿਣ `ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁੱਝ ਸ਼ਰਧਾਲੂਆਂ ਤੋਂ ਪੁਛਗਿੱਛ ਕੀਤੀ ਸੀ।
ਪੁਲੀਸ ਦੀ ਕਾਰਵਾਈ ਦਾ ਸਪੱਸ਼ਟ ਤੌਰ `ਤੇ ਪੱਖ ਪੂਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਥੋਂ ਤੱਕ ਕਿ ਜੇਕਰ ਆਈ.ਬੀ ਵਲੋਂ ਜ਼ਾਹਿਰ ਕੀਤੀਆਂ ਸੁਰੱਖਿਆ ਚਿੰਤਾਵਾਂ ਦੇ ਸੰਦਰਭ ਵਿੱਚ ਗੁਰਦਾਸਪੁਰ ਪੁਲੀਸ ਸਹਿਯੋਗ ਕਰਨ ਵਿੱਚ ਨਾਕਾਮ ਰਹਿੰਦੀ ਤਾਂ ਉਨਾਂ ਨੇ ਪੁਲੀਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਸੀ।
ਬਜ਼ਟ ਪੇਸ਼ ਕਰਨ ਤੋਂ ਪਹਿਲਾਂ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਠਾਏ ਮੁੱਦੇ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦੀ ਸੂਬੇ ਦੀ ਪੁਲੀਸ ਫੋਰਸ ਹੋਣ ਦੇ ਨਾਤੇ ਪੰਜਾਬ ਪੁਲੀਸ ਨੇ ਮਾਮਲੇ ਵਿੱਚ ਉਚਿਤ ਹੱਦਾਂ ਵਿੱਚ ਰਹਿ ਕੇ ਕਾਰਵਾਈ ਕੀਤੀ।ਇਹ ਜ਼ਿਕਰਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਵੀਰਵਾਰ ਨੂੰ ਸਦਨ ਵਿੱਚ ਰੌਲਾ-ਰੱਪਾ ਪਾਇਆ ਸੀ।ਵਿਰੋਧੀ ਧਿਰ ਨੇ ਬੀਤੇ ਦਿਨ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਜਵਾਬ ਦੀ ਮੰਗ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ, ਕੌਮੀ ਸੁਰੱਖਿਆ ਦੇ ਵਡੇਰੇ ਹਿੱਤਾਂ ਵਿੱਚ ਜਦੋਂ ਵੀ ਜ਼ਰੂਰਤ ਪਈ, ਕੇਂਦਰੀ ਏਜੰਸੀਆਂ ਨਾਲ ਮਿਲਵਰਤਨ ਕਰਦੀ ਰਹੇਗੀ।ਉਨਾਂ ਕਿਹਾ ਕਿ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਨ ਲਈ ਸਥਾਪਤ ਸੁਰੱਖਿਆ ਵਿਧੀ-ਵਿਧਾਨ ਮੁਤਾਬਕ ਜੇਕਰ ਪੁਲੀਸ ਫੋਰਸ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਪੁਲੀਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਲਾਂਘਾ ਖੁੱਲਣ ਤੋਂ ਬਾਅਦ ਹੁਣ ਤੱਕ 51000 ਤੋਂ ਵੱਧ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕੁਝ ਸ਼ਰਧਾਲੂਆਂ ਤੋਂ ਪੁਛਗਿੱਛ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਆਈ.ਬੀ ਨੇ ਕੁੱਝ ਸ਼ੰਕੇ ਜ਼ਾਹਰ ਕੀਤੇ ਸਨ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਕੁੱਝ ਸ਼ਰਧਾਲੂਆਂ ਦੀ ਜਾਣ-ਪਛਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਦੀ ਮਦਦ ਮੰਗੀ ਸੀ।ਉਨਾਂ ਕਿਹਾ ਕਿ ਸੰਵੇਦਨਸ਼ੀਲ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਹੋ ਕੇ ਕੰਮ ਕਰਨਾ ਸੂਬੇ ਦੀ ਜ਼ਿੰਮੇਵਾਰੀ ਬਣਦੀ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media