ਮਜੀਠੀਆ ਤੇ ਛੀਨਾ ਨੇ ਵਿਦਿਆਰਥਣਾਂ ਨੂੰ ਪ੍ਰੋਫੈਸ਼ਨਲ ਵਿੱਦਿਆ ਅਪਨਾਉਣ ’ਤੇ ਦਿੱਤਾ ਜ਼ੋਰ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸਾਲਾਨਾ ਕਾਨਵੋਕੇਸ਼ਨ ‘ਚ 969 ਦੇ ਕਰੀਬ ਵਿਦਿਆਰਥਣਾਂ ਨੂੰ
ਡਿਗਰੀਆਂ ਪ੍ਰਦਾਨ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਆਪਣੇ ਭਾਸ਼ਣ ਦੌਰਾਨ ਔਰਤਾਂ ਦੀ ਸਿੱਖਿਆ ’ਤੇ ਜ਼ੋਰ ਦਿੰਦਿਆ ਕਿਹਾ ਕਿ ਔਰਤ ਦਾ ਸਿੱਖਿਅਤ ਹੋਣਾ ਹੀ ਉਨ੍ਹਾਂ ਦਾ ਸ਼ਸ਼ਕਤੀਕਰਨ ਹੈ।ਉਨ੍ਹਾਂ ਕਿਹਾ ਕਿ ਰਵਾਇਤੀ ਸਿੱਖਿਆ ਤੋਂ ਇਲਾਵਾ ਹੱਥੀਂ ਕੰਮ ਕਰਨ ਤੇ ਹੁਨਰ ਨੂੰ ਉਜਾਗਰ ਕਰਨਾ ਵਿੱਦਿਆ ਦਾ ਮੁੱਖ ਮੰਤਵ ਹੋਣਾ ਚਾਹੀਦਾ ਹੈ।
ਮਜੀਠੀਆ ਨੇ ਡਿਗਰੀ ਵੰਡ ਸਮਾਰੋਹ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ’ਚ ਇਕ ਕ੍ਰਾਂਤੀਕਾਰੀ ਬਦਲਾਅ ਆ ਰਿਹਾ ਹੈ।ਲੜਕੀਆਂ ਹਰੇਕ ਖ਼ੇਤਰ ’ਚ ਅਗਾਂਹ ਵਧ ਰਹੀਆਂ ਹਨ ਅਤੇ ਸਮਾਜ ’ਚ ਇਕ ਚੰਗੇਰੀ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਜ਼ਿੰਦਗੀ ਨੂੰ ਜਿਉਂਦਿਆਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਉਸ ਦਾ ਸ਼ੁੱਕਰਗੁਜਾਰ ਹੋਣਾ ਚਾਹੀਦਾ ਹੈ।
ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣਾਂ ਨੂੰ ਉਚ ਸਿੱਖਿਆ ਹਾਸਲ ਕਰਕੇ ਦੇਸ਼ ਸੇਵਾ ਲਈ ਅਰਪਿਤ ਹੋਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪ੍ਰੋਫੈਸ਼ਨਲ ਵਿੱਦਿਆ ਅਪਣਾ ਕੇ ਜੀਵਨ ’ਚ ਆਪਣੀ ਪਛਾਣ ਨੂੰ ਉਜਾਗਰ ਕਰਨ ’ਤੇ ਵੀ ਜ਼ੋਰ ਦਿੱਤਾ।
ਮਜੀਠੀਆ ਨੇ ਇਤਿਹਾਸਕ ਅਤੇ ਸਮਾਜਿਕ ਪੱਖੋਂ ਔਰਤਾਂ ਦੇ ਸਮਾਜ ’ਚ ਵਧਦੇ ਅਤੇ ਪਸਰਦੇ ਸਥਾਨ ’ਤੇ ਗਹਿਰੀ ਝਾਤ ਪਾਉਂਦਿਆਂ ਕਿਹਾ ਕਿ ਭਾਵੇਂ ਅੱਜ ਔਰਤ ਉਚ ਸਥਾਨਾਂ ’ਤੇ ਬਿਰਾਜਮਾਨ ਹੈ।ਪਰ ਫ਼ਿਰ ਵੀ ਉਸ ਨੂੰ ਆਪਣੇ ਹੱਕਾਂ ਲਈ ਸੈਂਕੜੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਾਨਵੋਕੇਸ਼ਨ ਦੌਰਾਨ ਅੰਡਰ ਗਰੈਜ਼ੂਏਟ ਅਤੇ ਪੋਸਟ ਗਰੈਜ਼ੂਏਟ ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।
ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਫ਼ੁੱਲਾਂ ਦੇ ਗੁਲਦਸਤੇ ਭੇਟ ਕੀਤੇ। ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤੀ ਗਈ। ਇਸ ਤੋਂ ਪਹਿਲਾਂ ਡਾ. ਮਨਪ੍ਰੀਤ ਕੌਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸੰਸਥਾ ਵੱਲੋਂ ਵੱਖ-ਵੱਖ ਖੇਤਰਾਂ ’ਚ ਹਾਸਲ ਕੀਤੀਆਂ ਉਪਲਬੱਧੀਆਂ ਤੇ ਸਰਗਰਮੀਆਂ ਦਾ ਵਿਸਥਾਰ ਪੂਰਵਕ ਜ਼ਿਕਰ ਕੀਤਾ।ਮਜੀਠੀਆ ਨੇ ਛੀਨਾ, ਪ੍ਰਿੰਸੀਫਲ ਡਾ. ਮਨਪ੍ਰੀਤ ਕੌਰ ਨਾਲ ਮਿਲ ਕੇ ‘ਵੀਸਟਾ ਕੇ.ਸੀ.ਡਬਲਯੂ ਰਿਸਰਚਰਸ ਵਿਊ ਪੁਆਇੰਟ’ ਨਾਮਕ ਪੁਸਤਕ ਵੀ ਰਿਲੀਜ਼ ਕੀਤੀ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ, ਪਿ੍ਰੰਸੀਪਲ ਜਗਦੀਸ਼ ਸਿੰਘ, ਹਰਮਿੰਦਰ ਸਿੰਘ ਫਰੀਡਮ, ਮੈਂਬਰ ਸੁਖਦੇਵ ਸਿੰਘ ਅਬਦਾਲ, ਪਰਮਜੀਤ ਸਿੰਘ ਬੱਲ, ਸੰਤੋਖ ਸਿੰਘ ਸੇਠੀ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ, ਹੇਰ ਪ੍ਰਿੰਸੀਪਲ ਕੰਵਲਜੀਤ ਸਿੰਘ, ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਤੋਂ ਇਲਾਵਾ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।
Punjab Post Daily Online Newspaper & Print Media