ਚੰਡੀਗੜ੍ਹ, 11 ਮਾਰਚ (ਪੰਜਾਬ ਪੋਸਟ ਬਿਊਰੋ) – ਦੁਨੀਆਂ ਭਰ ‘ਚ ਗੰਭੀਰ ਸੰਕਟ ਬਣੇ ਕਰੋਨਾ ਵਾਇਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ
ਵਾਲੇ ਪ੍ਰਬੰਧਾਂ ਦਾ ਮੰਤਰੀਆਂ ਦੇ ਸਮੂਹ ਵਲੋਂ ਜਾਇਜਾ ਲੈ ਕੇ ਹਦਾਇਤ ਦਿੱਤੀ ਗਈ ਕਿ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰੀ ਅਮਲੇ ਲਈ ਲੋੜੀਂਦੀਆਂ ਪੀ.ਪੀ. ਕਿੱਟਾਂ ਦੀ ਤੁਰੰਤ ਖਰੀਦ ਕਰਨ ਦੇ ਆਦੇਸ਼ ਦਿੱਤੇ ਗਏ।ਇਸ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਕਿ ਉਹ ਆਪਣੇ-ਆਪਣੇ ਜਿਲ੍ਹੇ ਵਿੱਚ ਵੱਡੇ ਇਕੱਠ ਵਾਲੇ ਪ੍ਰੋਗਰਾਮ ਕਰਨ ਦੀ ਪ੍ਰਵਾਨਗੀ ਨਾ ਦੇਣ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗਠਿਤ ਮੰਤਰੀਆਂ ਦੇ ਸਮੂਹ ਜਿਸ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ, ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਜਿਸ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ, ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਇੱਕ ਵਿਅਕਤੀ ਕਰੋਨਾ ਵਾਈਰਸ ਤੋਂ ਪੀੜਤ ਪਾਇਆ ਗਿਆ ਹੈ ਜੋ ਕਿ ਆਪਣੇ ਪਰਿਵਾਰ ਸਹਿਤ ਇਟਲੀ ਤੋਂ ਆਇਆ ਸੀ।ਉਹਨਾਂ ਦੱਸਿਆ ਕਿ ਸੂਬੇ ਵਿੱਚ ਕਰੋਨਾ ਵਾਇਰਸ ਦੇ 14 ਸ਼ੱਕੀ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ ਪੂਰੇ ਦੇਸ਼ ਵਿੱਚ 60 ਕੇਸ ਸਾਹਮਣੇ ਆ ਚੁੱਕੇ ਹਨ।
ਅਗਰਵਾਲ ਨੇ ਦੱਸਿਆ ਕਿ ਜਿਹੜੇ ਵਿਅਕਤੀ ਹਾਈ ਰਿਸਕ ਦੇਸ਼ਾਂ ਤੋਂ ਆ ਰਹੇ ਹਨ, ਉਹਨਾਂ ਨੂੰ 14 ਦਿਨ ਲਈ ਆਇਸੋਲੇਸ਼ਨ ਵਾਰਡ ਵਿੱਚ ਲਾਜ਼ਮੀ ਤੌਰ `ਤੇ ਰੱਖਿਆ ਜਾਵੇਗਾ, ਜਦ ਕਿ ਜਿਹੜੇ ਵਿਅਕਤੀ ਘੱਟ ਪ੍ਰਭਾਵਿਤ ਮੁਲਕਾਂ ਤੋਂ ਆ ਰਹੇ ਹਨ, ਉਹਨਾਂ ਤੋਂ ਅੰਡਰਟੇਕਿੰਗ ਲਈ ਜਾਵੇਗੀ ਕਿ ਉਹ ਅਗਾਮੀ 14 ਦਿਨ ਆਪਣੇ ਘਰ ਵਿੱਚ ਹੀ ਰਹਿਣਗੇ ਅਤੇ ਕਿਸੇ ਨਾਲ ਨਹੀਂ ਮਿਲਣਗੇ।ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਰਾਜ ਵਿੱਚ ਜਲਦ ਹੀ ਕਰੋਨਾ ਵਾਇਰਸ ਨਾਲ ਟਾਕਰੇ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਮੋਕ ਡਰਿੱਲ ਵੀ ਕਰਨ ਜਾ ਰਹੇ ਹਨ।
ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਡੀ.ਕੇ ਤਿਵਾੜੀ ਨੇ ਦੱਸਿਆ ਕਿ ਮੈਡੀਕਲ ਕਾਲਜ ਵਲੋਂ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਕਰ ਲਏ ਹਨ।ਜਿਸ ਤਹਿਤ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜ ਤੇ ਸਟਾਫ ਨੂੰ ਇਸ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾ ਚੁੱਕੀ ਹੈ ਅਤੇ ਪੰਜਾਬ ਰਾਜ ਦੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਟ੍ਰੇਨਿੰਗ ਦੇਣ ਦੀ ਤਿਆਰੀ ਕਰ ਲਈ ਗਈ ਹੈ।ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਪੰਜਾਬ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਅਤੇ ਪੀ.ਜੀ.ਆਈ, ਚੰਡੀਗੜ੍ਹ ਵਿੱਚ ਕਰੋਨਾ ਵਾਇਰਸ ਸਬੰਧੀ ਮੁੱਢਲੇ ਟੈਸਟ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media