ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਇਹ ਮਸ਼ਵਰਾ ਵੀ ਦਿੱਤਾ ਕਿ ਕਰੋਨਾ ਵਾਇਰਸ
ਕਾਰਨ ਰੋਜ਼ੀ ਰੋਟੀ ਤੋਂ ਵੀ ਮੁਥਾਜ਼ ਹੋਣ ਵਾਲੇ ਗਰੀਬ ਤਬਕੇ ਦੇ ਲੋਕਾਂ ਦੀ ਸਹਾਇਤਾ ਲਈ ਪੰਜਾਬ ਦੇ ਗੋਦਾਮਾਂ ਅੰਦਰ ਪਿਆ ਅਨਾਜ ਵੰਡਣ ਦੀ ਮਨਜ਼ੂਰੀ ਦਿੱਤੀ ਜਾਵੇ।ਉਨਾਂ ਕਿਹਾ ਕਿ ਕਿਉਂਕਿ ਇਹ ਅਨਾਜ ਕੇਂਦਰ ਸਰਕਾਰ ਦਾ ਹੈ ਅਤੇ ਕੇਂਦਰੀ ਖੁਰਾਕ ਨਿਗਮ ਵਲੋਂ ਪੰਜਾਬ ਵਿੱਚੋਂ 20 ਮਿਲੀਅਨ ਟਨ ਅਨਾਜ ਚੁੱਕਿਆ ਜਾਣਾ ਬਾਕੀ ਹੈ, ਜਿਸ ਕਰਕੇ ਇਸ ਔਖੇ ਸਮੇਂ ਵਿਚ ਲੋੜਵੰਦਾਂ ਦੀ ਮਦਦ ਲਈ ਅਨਾਜ ਵੰਡਣ ਦਾ ਫੈਸਲਾ ਕੇਂਦਰ ਸਰਕਾਰ `ਤੇ ਨਿਰਭਰ ਕਰਦਾ ਹੈ।ਉਨਾਂ ਕਿਹਾ ਕਿ ਇਹ ਅਨਾਜ ਨਾ ਕੇਵਲ ਪੰਜਾਬ ਸਗੋਂ ਸਾਰੇ ਦੇਸ਼ ਵਿਚ ਲੋੜ ਅਨੁਸਾਰ ਵੰਡਿਆ ਜਾ ਸਕਦਾ ਹੈ, ਜਿਸ ਨਾਲ ਗਰੀਬ ਤਬਕੇ ਦੇ ਲੋਕਾਂ ਦਾ ਢਿੱਡ ਭਰਿਆ ਜਾ ਸਕਦਾ ਹੈ।
ਪ੍ਰਦੂਸ਼ਣ ਦੀ ਸਮੱਸਿਆ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਦੀ ਥਾਂ ਖੇਤਾਂ ਵਿਚ ਹੀ ਨਿਪਟਾਉਣ ਲਈ ਵੱਡਮੁੱਲੇ ਯਤਨ ਕੀਤੇ ਗਏ ਹਨ ਪਰ ਇਸ ਲਈ ਕੇਂਦਰ ਸਰਕਾਰ ਦੇ ਵਡੇਰੇ ਸਹਿਯੋਗ ਦੀ ਲੋੜ ਹੈ।ਉਨਾਂ ਕਿਹਾ ਕਿ ਉਹ ਕਿਸਾਨਾਂ ਨੂੰ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਦੇ ਨਿਪਟਾਰੇ ਲਈ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਸਬੰਧੀ ਕੇਂਦਰ ਸਰਕਾਰ ਕੋਲੋਂ ਅਨੇਕਾਂ ਵਾਰ ਮੰਗ ਰੱਖ ਚੁੱਕੇ ਹਨ ਪਰ ਕੇਂਦਰ ਸਰਕਾਰ ਵਲੋਂ ਅਜੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ ਹੈ।
ਉਨਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਪੰਜਾਬ ਦੇ ਗੋਦਾਮਾਂ ਅੰਦਰ ਪਏ ਅਨਾਜ ਨੂੰ ਚੁੱਕਣ ਦੇ ਨਾਲ-ਨਾਲ ਪਰਾਲੀ ਅਤੇ ਨਾੜ ਦੇ ਪ੍ਰਬੰਧਨ ਲਈ 100 ਰੁਪੈ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਐਲਾਨ ਕਰੇ ਤਾਂ ਜੋ ਛੋਟੀ ਕਿਸਾਨੀ ਨੂੰ ਬਚਾਇਆ ਜਾ ਸਕੇ।ਉਨਾਂ ਕਿਹਾ ਕਿ ਪੰਜਾਬ ਦੀ ਕਿਸਾਨ ਦੀ ਸਹਾਇਤਾ ਲਈ ਪੰਜਾਬ ਸਰਕਾਰ ਵਲੋਂ ਕਰਜ਼ਾ ਮੁਕਤੀ ਯੋਜਨਾ ਲਾਗੂ ਕੀਤੀ ਗਈ ਹੈ।ਉਨਾਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਤੇਜੀ ਨਾਲ ਹੋ ਰਹੀ ਗਿਰਾਵਟ ਨੂੰ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਆਪਣੀ ਇਸ ਇਕਲੌਤੀ ਕੁਦਰਤੀ ਦਾਤ ਨੂੰ ਹੋਰਨਾਂ ਰਾਜਾਂ ਨੂੰ ਦੇਣ ਦੇ ਸਮਰੱਥ ਨਹੀਂ ਹੈ।ਉਨਾਂ ਚੇਤੇ ਕਰਵਾਇਆ ਕਿ ਹਰਿਆਣਾ ਰਾਜ ਦੇ ਗਠਨ ਵੇਲੇ ਪਾਣੀ ਤੋਂ ਬਿਨਾਂ ਸਾਰੇ ਸਰੋਤਾਂ ਵਿਚੋਂ ਪੰਜਾਬ ਨੂੰ 60 ਫੀਸਦੀ ਹਿੱਸਾ ਦਿੱਤਾ ਗਿਆ ਸੀ, ਜਿਸ ਕਾਰਨ ਪਾਣੀ ਦੀ ਕਮੀ ਕਾਰਨ ਕਿਸਾਨੀ ਨੂੰ ਵੱਡੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media