Thursday, December 12, 2024

ਕੋਰੋਨਾ ਵਾਇਰਸ – ਸ਼੍ਰੋਮਣੀ ਕਮੇਟੀ ਨੇ ਮੈਨੇਜਰਾਂ ਨੂੰ ਦਿੱਤੇ ਪ੍ਰਬੰਧਕੀ ਨਿਰਦੇਸ਼

ਗੁਰਦੁਆਰਿਆਂ ਦਾ ਲੋੜੀਂਦਾ ਸਟਾਫ਼ ਰਹੇਗਾ ਹਰ ਸਮੇਂ ਹਾਜ਼ਰ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾਵਾਇਰਸ ਨੂੰ ਲੈ ਕੇ ਬਣੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ

ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਰਧਾਲੂਆਂ ਦਾ ਚੈਕਅਪ ਕਰਦੇ ਹੋਏ ਸਿਹਤ ਵਲੰਟੀਅਰ । ਫੋਟੋ- ਅਜੀਤ ਸਿੰਘ ਹੈਪੀ
ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਰਧਾਲੂਆਂ ਦਾ ਚੈਕਅਪ ਕਰਦੇ ਹੋਏ ਸਿਹਤ ਵਲੰਟੀਅਰ । ਫੋਟੋ- ਅਜੀਤ ਸਿੰਘ ਹੈਪੀ

ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਨਿਰਦੇਸ਼ ਜਾਰੀ ਕਰਦਿਆਂ ਰੋਜ਼ਾਨਾ ਦੀ ਮਰਯਾਦਾ ਨਿਭਾਉਣ ਲਈ ਲੋੜੀਂਦਾ ਪਰ ਘੱਟ ਤੋਂ ਘੱਟ ਸਟਾਫ਼ ਗੁਰਦੁਆਰਾ ਸਾਹਿਬਾਨ ਅੰਦਰ ਹਾਜ਼ਰ ਰੱਖਣ ਲਈ ਕਿਹਾ ਹੈ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਹਰ ਤਰ੍ਹਾਂ ਸੁਚੇਤ ਰਹਿਣ ਲਈ ਆਖਿਆ।ਸ਼੍ਰੋਮਣੀ ਕਮੇਟੀ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਗੁਰਦੁਆਰਾ ਸਾਹਿਬਾਨ ਵਿਖੇ ਰੋਜ਼ਾਨਾ ਦੀ ਮਰਯਾਦਾ ਨਿਭਾਉਣ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ। ਇਸ ਨੂੰ ਲੈ ਕੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਲਗਾਤਾਰ ਹਾਜ਼ਰ ਰਹਿਣ ਅਤੇ ਇਸ ਦੇ ਨਾਲ ਹੀ ਗ੍ਰੰਥੀ ਸਿੰਘ, ਰਾਗੀ ਸਿੰਘ, ਅਕਾਊਂਟੈਂਟ, ਕੈਸ਼ੀਅਰ ਅਤੇ ਹੋਰ ਲੋੜੀਂਦੇ ਪਰ ਘੱਟ ਤੋਂ ਘੱਟ ਸਟਾਫ਼ ਦੀ ਵੀ ਹਰ ਸਮੇਂ ਹਾਜ਼ਰੀ ਯਕੀਨੀ ਬਣਾਈ ਜਾਵੇ।ਇਸ ਸਟਾਫ਼ ਲਈ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧ ਕੀਤੇ ਜਾਣ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਦਾ ਸਿੱਧਾ ਸਬੰਧ ਸੰਗਤ ਨਾਲ ਜੁੜਿਆ ਹੋਇਆ ਹੈ ਅਤੇ ਰੋਜ਼ਾਨਾ ਦੀ ਮਰਯਾਦਾ ਸਬੰਧੀ ਪ੍ਰਬੰਧ ਕੀਤੇ ਜਾ ਰਹੇ ਹਨ।ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਹਾਲਾਤਾਂ ਦੇ ਮੱਦੇਨਜ਼ਰ ਸੁਚੇਤ ਰੂਪ ਵਿਚ ਕਾਰਜ ਕੀਤੇ ਜਾ ਰਹੇ ਹਨ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿਚ ਪਰਕਰਮਾ ਅੰਦਰ ਅਨਾਊਂਸਮੈਂਟ ਕੀਤੀ ਜਾ ਰਹੀ ਹੈ।ਸੰਗਤਾਂ ਨੂੰ ਇਕ ਦੂਸਰੇ ਤੋਂ ਦੂਰੀ ਬਣਾ ਕੇ ਚੱਲਣ ਲਈ ਪ੍ਰੇਰਿਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਲੰਗਰ ਵਿਖੇ ਵੀ ਕਤਾਰਾਂ ਦੀ ਗਿਣਤੀ ਘਟਾ ਦਿੱਤੀ ਗਈ ਹੈ।ਦਰਸ਼ਨੀ ਡਿਉੜੀ ਤੋਂ ਅੱਗੇ ਸੰਗਤ ਨੂੰ ਕੇਵਲ ਦੋ ਕਤਾਰਾਂ ਵਿਚ ਦਰਸ਼ਨ ਕਰਨ ਭੇਜਿਆ ਜਾ ਰਿਹਾ ਹੈ ਅਤੇ ਇਥੇ ਵੀ ਆਪਸੀ ਦੂਰੀ ਨੂੰ ਬਣਾਈ ਰੱਖਣ ਲਈ ਸੇਵਾਦਾਰ ਆਖ ਰਹੇ ਹਨ।ਉਨ੍ਹਾਂ ਦੱਸਿਆ ਕਿ ਲੰਗਰ ਹਾਲ ਵਿਖੇ ਵੀ ਸੰਗਤ ਨੂੰ ਸੁਚੇਤ ਰਹਿਣ ਲਈ ਸੂਚਨਾ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਹੀ ਗੁਰਦੁਆਰਾ ਸਾਹਿਬਾਨ ਅੰਦਰ ਮਰਯਾਦਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਲੋੜੀਂਦਾ ਪਰ ਘੱਟ ਤੋਂ ਘੱਟ ਸਟਾਫ਼ ਗੁਰਦੁਆਰਾ ਸਾਹਿਬਾਨ ਅੰਦਰ ਰੱਖਣ ਲਈ ਕਿਹਾ ਗਿਆ ਹੈ। ਮੁੱਖ ਸਕੱਤਰ ਅਨੁਸਾਰ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਸਟਾਫ਼ ਨੂੰ ਵੀ ਸਾਵਧਾਨੀ ਨਾਲ ਡਿਊਟੀ ਕਰਨ ਲਈ ਆਖਿਆ ਹੈ।
ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ ਤੇ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਮੈਨੇਜਰ ਮੁਖਤਾਰ ਸਿੰਘ, ਮਨਜਿੰਦਰ ਸਿੰਘ ਮੰਡ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਨਰਿੰਦਰ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ ਢੱਡੇ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਤਰਸੇਮ ਸਿੰਘ ਗਿੱਲ ਅਤੇ ਹੋਰ ਮੌਜੂਦ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …