ਚੰਡੀਗੜ, 23 ਮਾਰਚ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕੋਵਿਡ-19 ਦੇ ਵਧਦੇ ਪ੍ਰਕੋਪ ਨਾਲ ਨਜਿੱਠਣ
ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੇ ਕਰਫਿਊ ਦੌਰਾਨ ਮਿਲਕਫੈਡ ਵਲੋਂ ਸੂਬੇ ਦੇ ਲੋਕਾਂ ਲਈ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਭੈਅ-ਭੀਤ ਹੋਣ ਦੀ ਲੋੜ ਨਹੀਂ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਵੇਰਕਾ ਵਲੋਂ ਸੁੱਕੇ ਦੁੱਧ ਦੇ ਪਾਊਡਰ ਅਤੇ ਲੰਬੇ ਮਿਆਦ ਵਾਲੇ ਦੁੱਧ ਦੇ ਪੈਕਟਾਂ ਦੀ ਸਪਲਾਈ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ।ਸੂਬੇ ਦੇ ਪੇਂਡੂ ਇਲਾਕਿਆਂ ਦੇ ਦੁੱਧ ਉਤਪਾਦਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਹ ਫਿਕਰਮੰਦ ਨਾ ਹੋਣ ਅਤੇ ਉਨ੍ਹਾਂ ਦੇ ਦੁੱਧ ਦੀ ਖਰੀਦ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਰੰਧਾਵਾ ਨੇ ਕਿਹਾ ਕਿ ਕਰਫਿਊ ਦੌਰਾਨ ਹਾਲਾਂਕਿ ਵੇਰਕਾ ਵਲੋਂ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਵੀ ਰਹੇਗੀ।ਪਰ ਫੇਰ ਵੀ ਲੋਕਾਂ ਦੀ ਸਹੂਲਤ ਲਈ ਕਮਰੇ ਦੇ ਤਾਪਮਾਨ ਵਿੱਚ 100 ਤੋਂ 180 ਦਿਨਾਂ ਤੱਕ ਮਿਆਦ ਵਾਲੇ ਯੂ.ਐਚ.ਟੀ ਦੁੱਧ ਦਾ ਉਤਪਾਦਨ ਵਧਾ ਦਿੱਤਾ ਗਿਆ ਹੈ ਜਿਸ ਨੂੰ ਲੋਕ ਆਪਣੇ ਘਰਾਂ ਵਿੱਚ ਲੰਬੇ ਸਮੇਂ ਲਈ ਸਟੋਰ ਕਰ ਸਕਦੇ ਹਨ।ਇਸ ਤੋਂ ਇਲਾਵਾ ਇਕ ਕਿਲੋ ਦੀ ਪੈਕਿੰਗ ਵਾਲੇ ਸਕਿਮ ਅਤੇ ਸੁੱਕਾ ਦੁੱਧ ਪਾਊਡਰ ਦੀ ਸਪਲਾਈ ਵੀ ਵਧਾ ਦਿੱਤੀ ਹੈ ਜਿਸ ਨੂੰ ਲੰਬੇ ਸਮੇਂ ਤੱਕ ਵਰਤਿਆਂ ਜਾ ਸਕਦਾ ਹੈ।
ਮਿਲਕਫੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਦੁੱਧ ਦੀ ਸਪਲਾਈ ਦੀ ਘਾਟ ਆਉਦੀ ਹੈ ਤਾਂ ਉਹ ਵਿਭਾਗ ਦੇ ਧਿਆਨ ਵਿੱਚ ਲਿਆਉਣ ਅਤੇ ਉਹ ਇਸ ਨੂੰ ਪੂਰਾ ਕਰਨ ਲਈ ਤੁਰੰਤ ਆਦੇਸ਼ ਦੇਣਗੇ।ਉਨ੍ਹਾਂ ਕਿਹਾ ਕਿ ਵੇਰਕਾ ਗਾਹਕਾਂ ਦੀ ਹਰ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ।
ਮਿਲਕਫੈਡ ਦੇ ਐਮ.ਡੀ ਕਮਲਦੀਪ ਸਿੰਘ ਸੰਘਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਦੁੱਧ ਦੀ ਪੈਕਿੰਗ ਅਤੇ ਇਸ ਦੀ ਢੋਆ-ਢੋਆਈ ਆਦਿ ਸਭ ਸਾਫ ਸੁਥਰੇ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਸਬੰਧਤ ਖੇਤਰਾਂ ਵਿੱਚ ਸੈਨੀਟਾਈਜ਼ਰ ਦੀ ਵਰਤੋਂ ਨਾਲ ਕੀਟਾਣੂ ਮੁਕਤ ਕੀਤਾ ਗਿਆ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media