ਪੰਜਾਬ ਨੂੰ ਵਿੱਤੀ ਤੇ ਤਕਨੀਕੀ ਪੈਕੇਜ਼ ਦੇਣ ਦੀ ਕੀਤੀ ਮੰਗ
ਅੰਮ੍ਰਿਤਸਰ/ ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਸਟ ਬਿਊਰੋ) – ਪੂਰੇ ਵਿਸ਼ਵ ਵਿੱਚ ਕਹਿਰ ਮਚਾਉਣ ਵਾਲੇ ਕੋਰੋਨਾ ਵਾਇਰਸ ਦੇ ਪੂਰੇ ਦੇਸ਼ ਦੇ ਨਾਲ ਨਾਲ ਪੰਜਾਬ ਅੰਦਰ ਪੈਰ ਪਸਾਰੇ ਜਾਣ ਕਾਰਨ ਭਵਿੱਖ ਵਿੱਚ ਸੂਬੇ ਵਿੱਚ ਕੋਰੋਨਾ ਸੰਕਟ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਦੀ ਅਗਵਾਈ ਹੇਠ ਪੰਜਾਬ ਦੇ ਸੰਸਦ ਮੈਂਬਰਾਂ ਦੇ ਵਫਦ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਹਰਸ਼ਵਰਧਨ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਤਾਜਾ ਸਿਹਤ ਹਾਲਾਤਾਂ ਸੰਬੰਧੀ ਜਾਣਕਾਰੀ ਦਿੰਦਿਆਂ ਸੂਬੇ ਲਈ ਵਿੱਤੀ ਤੇ ਤਕਨੀਕੀ ਪੈਕੇਜ ਦੀ ਮੰਗ ਕੀਤੀ।ਇਸ ਵਫਦ ਵਿੱਚ ਮੁਨੀਸ਼ ਤਿਵਾੜੀ ਤੋਂ ਇਲਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ, ਡਾ: ਅਮਰ ਸਿੰਘ ਫਤਹਿਗੜ੍ਹ ਸਾਹਿਬ ਤੇ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਸ਼ਾਮਿਲ ਸਨ।
ਕੇਂਦਰੀ ਸਿਹਤ ਮੰਤਰੀ ਨਾਲ ਮੁਲਾਕਾਤ ਦੌਰਾਨ ਸੰਸਦ ਮੈਂਬਰਾਂ ਨੇ ਇਕਸੁਰ ਹੁੰਦਿਆਂ ਦੱਸਿਆ ਕਿ ਪੰਜਾਬ ਅੱਤਵਾਦ ਦੇ ਕਾਲੇ ਦੌਰ ਤੋਂ ਬਾਅਦ ਨਸ਼ਿਆਂ ਦੇ ਕਹਿਰ ਤੋਂ ਉਭਰ ਹੀ ਰਿਹਾ ਸੀ ਕਿ ਕੋਰੋਨਾ ਵਾਇਰਸ ਕਾਰਨ ਮੁੜ ਪੰਜਾਬ ਤੇ ਕਾਲੇ ਬੱਦਲ ਛਾਏ ਜਾਣ ਦਾ ਡਰ ਹੈ।ਸੰਸਦ ਮੈਂਬਰਾਂ ਦੇ ਵਫਦ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਜਿਆਦਾਤਰ ਲੋਕ ਵਿਦੇਸ਼ਾਂ ਦੀ ਧਰਤੀ ਤੇ ਵਸੇ ਹੋਏ ਹਨ ਅਤੇ ਪੂਰੇ ਵਿਸ਼ਵ ਵਿੱਚ ਕੋਰੋਨਾ ਦੇ ਕਹਿਰ ਤੋਂ ਡਰਦਿਆਂ ਜਾਂ ਵੀਜੇ ਦੀ ਮਿਆਦ ਖਤਮ ਹੋਣ ਤੇ ਬਹੁਤ ਸਾਰੇ ਨਾਗਰਿਕ ਪੰਜਾਬ ਵਾਪਿਸ ਪਰਤੇ ਹਨ ਜਿਸ ਕਾਰਨ ਇਸ ਵਾਇਰਸ ਦੇ ਫੈਲਣ ਦੀ ਜਿਆਦਾ ਸੰਭਾਵਨਾ ਬਣੀ ਹੋਈ ਹੈ ਤੇ ਅੰਤਰਰਾਸ਼ਟਰੀ ਸਰਹੱਦ ਨਾਲ ਜੁੜੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਆਪਣੇ ਪੱਧਰ ਤੇ ਬਣਦੀਆਂ ਕੋਸਿਸ਼ਾਂ ਕਰ ਰਹੀ ਹੈ।ਜਿਸ ਤਹਿਤ ਸੂਬੇ ਅੰਦਰ ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਸੂਬੇ ਅੰਦਰ ਕਰਫਿਊ ਵਰਗੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਨਾਲ ਰਾਜ ਸਰਕਾਰ ਦੀ ਵਿੱਤੀ ਤੇ ਸਿਹਤ ਸੰਬੰਧੀ ਜਿੰਮੇਂਵਾਰੀ ਹੋਰ ਵਧ ਗਈ ਹੈ। ਕੇਂਦਰੀ ਮੰਤਰੀ ਤੋਂ ਮੰਗ ਕਰਦਿਆਂ ਸੰਸਦ ਮੈਂਬਰਾਂ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਸਿਹਤ ਸਹੂਲਤਾਂ ਅਤੇ ਰੁਜਗਾਰ ਬੰਦ ਹੋਣ ਕਾਰਨ ਲੋੜਵੰਦਾਂ ਨੂੰ ਖਾਣ ਵਾਲੀਆਂ ਵਸਤੂਆਂ ਤੇ ਦਵਾਈਆਂ ਮੁਹੱਈਆ ਕਰਾਉਣ ਲਈ ਕੇਂਦਰ ਸਰਕਾਰ ਪੰਜਾਬ ਲਈ ਵਿੱਤੀ ਤੇ ਸਿਹਤ ਨਾਲ ਸੰਬੰਧਿਤ ਤਕਨੀਕੀ ਪੈਕੇਜ ਦਾ ਐਲਾਣ ਕਰੇ।ਜਿਸ ਦੀ ਹਾਮੀ ਭਰਦਿਆਂ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਸੂਬਾ ਸਰਕਾਰ ਦੀਆਂ ਆਪਣੇ ਪੱਧਰ ਤੇ ਕੀਤੀਆਂ ਜਾ ਰਹੀਆਂ ਕੋਸਿਸ਼ਾਂ ਦੀ ਸਰਾਹਣਾ ਕੀਤੀ ਤੇ ਸੂਬਾ ਵਾਸੀਆਂ ਦੀ ਸਿਹਤ ਸਹੂਲਤਾਂ ਲਈ ਕੇਂਦਰ ਸਰਕਾਰ ਵਲੋਂ ਹਰ ਪ੍ਰਕਾਰ ਦੀ ਮਦਦ ਦੇਣ ਦਾ ਭਰੋਸਾ ਦਿਤਾ।ਇਸ ਸਮੇਂ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਰਾਜ ਸਰਕਾਰ ਵਲੋਂ ਕਰਫਿਊ ਦੇ ਕੀਤੇ ਐਲਾਨ ਤੋਂ ਲੋਕ ਭੈਅ-ਭੀਤ ਨਾ ਹੋਣ। ਸੂਬਾ ਸਰਕਾਰ ਪੰਜਾਬ ਵਾਸੀਆਂ ਦੀ ਸੇਵਾ ਵਿੱਚ ਹਾਜਰ ਹੈ ਅਤੇ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿਤੀ ਜਾਵੇਗੀ।ਔਜਲਾ ਨੇ ਅੰਮ੍ਰਿਤਸਰ ਵਾਸੀਆਂ ਦੇ ਨਾਲ ਨਾਲ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬਾ ਤੇ ਕੇਂਦਰ ਸਰਕਾਰਾਂ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਸਮੇਂ ਸਮੇਂ ਸਿਰ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਬਿਨ੍ਹਾਂ ਕਿਸੇ ਐਮਰਜੈਂਸੀ ਸਥਿਤੀ ਦੇ ਘਰ ਤੋਂ ਬਾਹਰ ਨਾ ਨਿਕਲਣ ਤਾਂ ਜੋ ਕੋਰੋਨਾ ਨੂੰ ਪੰਜਾਬ ਦੀ ਧਰਤੀ ਤੇ ਫੈਲਣ ਤੋਂ ਰੋਕਿਆ ਜਾ ਸਕੇ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …