ਕਮੇਟੀ ਦਫ਼ਤਰ ਕੀਤੇ ਬੰਦ, ਪ੍ਰਸ਼ਾਸਨ ਨਾਲ ਕੀਤਾ ਜਾਵੇਗਾ ਪੂਰਾ ਸਹਿਯੋਗ – ਡਾ. ਰੂਪ ਸਿੰਘ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਸਬੰਧੀ ਇਕ ਨੁਕਾਤੀ ਏਜੰਡੇ ’ਤੇ 26 ਮਾਰਚ ਨੂੰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ਅਨੁਸਾਰ 72 ਘੰਟਿਆਂ ਦੇ ਨੋਟਿਸ ’ਤੇ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਵਿਖੇ ਦੁਪਹਿਰ 12:00 ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪੂਰੀ ਦੁਨੀਆਂ ਅੰਦਰ ਕੋਰੋਨਾਵਾਇਰਸ ਦੇ ਵੱਧਦੇ ਪ੍ਰਭਾਵ ਕਾਰਨ ਭਾਰਤ ਅਤੇ ਸੂਬਾ ਸਰਕਾਰ ਵੱਲੋਂ ਕੁਝ ਪਾਬੰਦੀਆਂ ਨਿਰਧਾਰਤ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦਾ 28 ਮਾਰਚ ਨੂੰ ਹੋਣ ਵਾਲੇ ਬਜ਼ਟ ਇਜਲਾਸ ਸਬੰਧੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਕੇਵਲ ਅੰਤ੍ਰਿੰਗ ਮੈਂਬਰ ਸਾਹਿਬਾਨ ਅਤੇ ਲੋੜ ਅਨੁਸਾਰ ਅਧਿਕਾਰੀ ਹੀ ਸ਼ਾਮਲ ਹੋਣਗੇ।ਸ਼੍ਰੋਮਣੀ ਕਮੇਟੀ ਦੇ ਦਫ਼ਤਰ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ ਅਤੇ ਲੋੜ ਅਨੁਸਾਰ ਵਿਭਾਗਾਂ ਦੇ ਕਾਰਜ਼ ਘਰਾਂ ਤੋਂ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਿਥੇ ਵੀ ਲੰਗਰ ਆਦਿ ਦੀ ਲੋੜ ਦੱਸੀ ਜਾਵੇਗੀ, ਉਸ ਦਾ ਸ਼੍ਰੋਮਣੀ ਕਮੇਟੀ ਪ੍ਰਬੰਧ ਕਰੇਗੀ। ਪਰੰਤੂ ਹਾਲਾਤ ਸੰਜ਼ੀਦਾ ਹੋਣ ਕਾਰਨ ਇਸ ਕਾਰਜ ਲਈ ਨਿਗਰਾਨੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਹੋਵੇਗੀ।ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ, ਸਰਾਵਾਂ ਅਤੇ ਦਫ਼ਤਰਾਂ ਆਦਿ ‘ਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਸਹਿਯੋਗ ਨਾਲ ਸੈਨੇਟਾਈਜ਼ ਕਰਨ ਲਈ ਛਿੜਕਾਅ ਵੀ ਕਰਵਾਇਆ ਜਾ ਰਿਹਾ ਹੈ।
ਕੋਰੋਨਾ ਵਾਇਰਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਸਰਕਾਰ ਦੀਆਂ ਹਦਾਇਤਾਂ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਵੈ-ਅਨੁਸ਼ਾਸਨ ਅਤੇ ਅਲਹਿਦਗੀ ਹੀ ਇਸ ਤੋਂ ਬਚਾਅ ਦਾ ਇਕਮਾਤਰ ਹੱਲ ਹੈ।ਇਸ ਲਈ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਿਆ ਜਾਵੇ ।