Monday, December 23, 2024

ਕੋਰੋਨਾ ਵਾਇਰਸ ਕਰਫਿਊ ਸਮੇਂ ਸ਼੍ਰੋਮਣੀ ਕਮੇਟੀ ਨੇ ਚਲਾਈ ਲੰਗਰ ਸੇਵਾ

ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ ਪਹੁੰਚਾਉਣ ਦੀ ਕੀਤੀ ਪਹਿਲਕਦਮੀ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾਵਾਇਰਸ ਦੀ ਮਹਾਮਾਰੀ ਕਾਰਨ ਜਿਥੇ ਪੂਰੀ ਦੁਨੀਆਂ ਘਰਾਂ ‘ਚ ਰਹਿਣ ਲਈ ਮਜ਼ਬੂਰ ਹੈ।ਉਥੇ PPNJ3003202008ਹੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਇਸ ਸੰਕਟ ਦੀ ਘੜੀ ਮੌਕੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦਾ ਵੱਡਾ ਉਪਰਾਲਾ ਕਰ ਰਹੀ ਹੈ।ਇਸ ਤੋਂ ਇਲਾਵਾ ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ ਪਹੁੰਚਾਉਣ ਲਈ ਵੀ ਸਿੱਖ ਸੰਸਥਾ ਨੇ ਪਹਿਲਕਦਮੀਂ ਕੀਤੀ ਹੈ।ੰਜਾਬ ‘ਚ ਬੰਦ ਵਾਲੀ ਸਥਿਤੀ ਦੇ ਚੱਲਦਿਆਂ ਵੱਡੀ ਗਿਣਤੀ ਵਿਚ ਲੋਕਾਂ ਦਾ ਰੁਜ਼ਗਾਰ ਖੁੱਸ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਸੇਵਾ ਲਗਾਤਾਰ ਜਾਰੀ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਜਿਹੇ ਹਾਲਾਤ ਬਣਨ ਦੇ ਪਹਿਲੇ ਦਿਨ ਤੋਂ ਇਹ ਆਦੇਸ਼ ਕੀਤੇ ਹਨ ਕਿ ਹਰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ। ਇਸੇ ਦੇ ਚੱਲਦਿਆਂ ਜਿਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਤੋਂ ਅੰਮ੍ਰਿਤਸਰ ਸ਼ਹਿਰ ਅੰਦਰ ਜ਼ਰੂਰਤਮੰਦਾਂ ਤੱਕ ਰੋਜ਼ਾਨਾ ਲੰਗਰ ਭੇਜਿਆ ਜਾ ਰਿਹਾ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਬਾਕੀ ਵੱਖ-ਵੱਖ ਜ਼ਿਲ੍ਹਿਆਂ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਵੱਲੋਂ ਵੀ ਇਹ ਕਾਰਜ ਜਾਰੀ ਹੈ।
               ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਵਾਲੇ 79 ਗੁਰਦੁਆਰਾ ਸਾਹਿਬਾਨ ਤੋਂ ਮਾਨਵਤਾ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਵਿਸ਼ੇਸ਼ ਨਿਗਰਾਨੀ ਲਈ ਆਦੇਸ਼ ਦਿੱਤੇ ਗਏ ਹਨ। ਹਰ ਗੁਰਦੁਆਰਾ ਸਾਹਿਬਾਨ ਤੋਂ ਗੱਡੀਆਂ ਰਾਹੀਂ ਪੂਰੀ ਸਾਵਧਾਨੀ ਨਾਲ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਵੱਖ-ਵੱਖ ਇਲਾਕਿਆਂ ਵਿਚ ਲੰਗਰ ਭੇਜਿਆ ਜਾ ਰਿਹਾ ਹੈ।
              ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਲੱਖ ਤੋਂ ਜ਼ਿਆਦਾ ਲੋੜਵੰਦਾਂ ਤੱਕ ਲੰਗਰ ਸੇਵਾ ਦਿੱਤੀ ਜਾ ਚੁੱਕੀ ਹੈ।ਇਹ ਕਾਰਜ ਰੋਜ਼ਾਨਾ ਜਾਰੀ ਹੈ ਅਤੇ ਹਰ ਗੁਰਦੁਆਰਾ ਸਾਹਿਬਾਨ ਤੋਂ ਸੇਵਾਦਾਰ ਖੁਦ ਗੱਡੀਆਂ ਰਾਹੀਂ ਲੰਗਰ ਪਹੁੰਚਾ ਰਹੇ ਹਨ।ਹਰ ਗੁਰਦੁਆਰੇ ਤੋਂ ਇਲਾਕੇ ਦੀ ਲੋੜ ਅਨੁਸਾਰ ਗੱਡੀਆਂ ਦੀ ਵਿਵਸਥਾ ਕੀਤੀ ਜਾਂਦੀ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨਾਲ ਜੁੜੀਆਂ 400 ਤੋਂ ਵੱਧ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ ਵੀ ਲੋੜਵੰਦਾਂ ਦੀ ਮੱਦਦ ਜਾਰੀ ਹੈ।
           ਲੌਂਗੋਵਾਲ ਨੇ ਕਿਹਾ ਕਿ ਬੰਦ ਦੌਰਾਨ ਫਸੇ ਲੋਕਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਘਰ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।ਹੁਣ ਤੱਕ ਦਿਲੀ, ਹਰਿਆਣਾ, ਉਤਰ ਪ੍ਰਦੇਸ਼, ਗੁਜਰਾਤ, ਜੰਮੂ ਕਸ਼ਮੀਰ, ਰਾਜਿਸਥਾਨ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਘਰ ਪਹੁੰਚਾਇਆ ਗਿਆ ਹੈ।ਇਹ ਕਾਰਜ ਪ੍ਰਸ਼ਾਸਨ ਦੀ ਸਹਿਮਤੀ ਨਾਲ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਅਜੇ ਵੀ ਕੁੱਝ ਲੋਕ ਸ਼੍ਰੋਮਣੀ ਕਮੇਟੀ ਕੋਲ ਪੁੱਜੇ ਹਨ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਵਿਚ ਠਹਿਰਾਅ ਦਿੱਤਾ ਗਿਆ ਹੈ।ਇਨ੍ਹਾਂ ਵਿਚ ਟਾਟਾਨਗਰ, ਮਹਾਰਾਸ਼ਟਰ ਤੇ ਬਿਹਾਰ ਦੇ ਲੋਕ ਹਨ।ਉਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਘਰੋ-ਘਰੀ ਪਹੁੰਚਾਏ ਲੋਕਾਂ ਵਿਚ ਸ਼ਰਧਾਲੂਆਂ ਦੇ ਨਾਲ-ਨਾਲ ਉਹ ਲੋਕ ਵੀ ਸਨ, ਜਿਹੜੇ ਅੰਮ੍ਰਿਤਸਰ ਰੋਜ਼ਗਾਰ ਲਈ ਆਏ ਹੋਏ ਸਨ। ਬੰਦ ਕਾਰਨ ਕੰਮ-ਕਾਜ ਨਾ ਰਹਿਣ ’ਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕੀਤੀ ਸੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …