ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੁਨੀਆਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰੂ ਕੇ ਲੰਗਰਾਂ ਲਈ ਆਪਣੀ ਸਮਰੱਥਾ ਅਨੁਸਾਰ ਮਾਇਆ ਵੀ ਭੇਜਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਵਰੋਸਾਈ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੁਸ਼ੋਭਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਨੁੱਖਤਾ ਦਾ ਸਰਬ-ਸਾਂਝਾ ਅਤੇ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ। ਇਸ ਮਹਾਨ ਪਾਵਨ ਅਸਥਾਨ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚ ਲੱਖਾਂ ਸੰਗਤਾਂ ਪ੍ਰਸ਼ਾਦਾ ਛਕਦੀਆਂ ਹਨ।ਬੇਸ਼ੱਕ ਹੁਣ ਪੂਰੇ ਵਿਸ਼ਵ ਅੰਦਰ ਕੋਰੋਨਾ ਮਹਾਂਮਾਰੀ ਕਾਰਨ ਲੋਕ ਘਰਾਂ ਵਿਚ ਹਨ ਅਤੇ ਇਸ ਦੇ ਚੱਲਦਿਆਂ ਗੁਰੂ ਘਰਾਂ ਵਿਚ ਵੀ ਸੰਗਤ ਦੀ ਆਮਦ ਨਾਮਾਤਰ ਹੀ ਹੈ, ਲੇਕਿਨ ਇਸ ਦੇ ਬਾਵਜੂਦ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਾਰੇ ਗੁਰਦੁਆਰਾ ਸਾਹਿਬਾਨ ਤੋਂ ਲੋੜਵੰਦਾਂ ਤੱਕ ਲਗਾਤਾਰ ਲੰਗਰ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮਨੁੱਖੀ ਏਕਤਾ ਤੇ ਬਰਾਬਰੀ ਦਾ ਪ੍ਰਤੀਕ ਗੁਰੂ ਕਾ ਲੰਗਰ ਸੰਗਤਾਂ ਵੱਲੋਂ ਭੇਜੀ ਮਾਇਆ ਤੇ ਰਸਦਾਂ ਨਾਲ ਹੀ ਚੱਲਦਾ ਹੈ। ਮੌਜੂਦਾ ਸੰਕਟ ਸਮੇਂ ਵੀ ਬਹੁਤ ਸਾਰੇ ਗੁਰਸਿੱਖਾਂ ਵੱਲੋਂ ਆਪਣੀ ਕਿਰਤ ਕਮਾਈ ਵਿੱਚੋਂ ਸਹਿਯੋਗ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਕਣਕ ਦੀ ਕਟਾਈ ਸਮੇਂ ਗੁਰੂ ਘਰ ਲਈ ਜ਼ਰੂਰ ਹਿੱਸਾ ਕੱਢਣ ਤਾਂ ਜੋ ਇਸ ਔਖੀ ਘੜੀ ਲੋੜਵੰਦਾਂ ਤੱਕ ਲੰਗਰ ਸੇਵਾ ਲਗਾਤਾਰ ਪੁੱਜਦੀ ਰਹੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media