ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਉਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ 
ਹੇਠ ਨਿਰੰਤਰ ਸੇਵਾ ਕਾਰਜ਼ ਕਰ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਰੋਨਾ ਵਾਇਰਸ ਦੀ ਜਕੜ ‘ਚ ਆਈ ਮਨੁੱਖਤਾ ਦੀ ਮਦਦ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਨਿਊ ਅੰਮ੍ਰਿਤਸਰ ਦੇ ਫ਼ਲੈਟਾਂ ‘ਚ ਰਹਿ ਰਹੇ 140 ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।
ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ, ਹਰਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਨਿਊ ਅੰਮਿ੍ਰਤਸਰ ‘ਚ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਹਿਮਾਂਸ਼ੂ ਭਗਤ ਨੇ ਟਰੱਸਟ ਦੀ ਜਿਲ੍ਹਾ ਇਕਾਈ ਨਾਲ ਸੰਪਰਕ ਕਰ ਕੇ ਦੱਸਿਆ ਸੀ ਕਿ ਝੁੱਗੀ ਝੌਂਪੜੀਆਂ ‘ਚ ਰਹਿਣ ਵਾਲੇ ਲੋਕਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਨਿਊ ਅੰਮਿ੍ਰਤਸਰ ‘ਚ ਫ਼ਲੈਟ ਅਲਾਟ ਕੀਤੇ ਸਨ। ਉਨ੍ਹਾਂ ਫ਼ਲੈਟਾਂ ‘ਚ ਰਹਿ ਰਹੇ 142 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਜ਼ਰੂਰਤ ਹੈ।ਜਿਸ ਲਈ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਦਿਹਾੜੀਦਾਰ ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ ਹੈ ।
ਇਸੇ ਦੌਰਾਨ ਚੌਂਕੀ ਇੰਚਾਰਜ ਹਿਮਾਂਸ਼ੂ ਭਗਤ ਨੇ ਟਰੱਸਟ ਵਲੋਂ ਡਾ. ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਮਨੁੱਖੀ ਜਾਨਾਂ ਬਚਾਉਣ ਵਾਸਤੇ ਕੀਤੇ ਜਾ ਰਹੇ ਸੇਵਾ ਕਾਰਜ਼ਾਂ ਦੀ ਸ਼ਲਾਘਾ ਕੀਤੀ।
Punjab Post Daily Online Newspaper & Print Media