ਕੇਂਦਰ ਸਰਕਾਰ ਪੰਜਾਬ ਨਾਲ ਬੇਰੁਖ਼ੀ ਵਾਲਾ ਵਤੀਰਾ ਬੰਦ ਕਰੇ-ਸੋਨੀ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਜਦੂਰ ਦਿਵਸ ਮੌਕੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋਂ ਵੱਖ-ਵੱਖ ਥਾਂਵਾਂ ‘ਤੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਲੈ ਕੇ ਤਿਰੰਗਾ ਲਹਿਰਾ ਕੇ ਪੰਜਾਬ ਦੀਆਂ ਹੱਕੀ ਮੰਗਾਂ ਦੀ ਆਵਾਜ ਬੁਲੰਦ ਕੀਤੀ ਅਤੇ ਦੇਸ਼ ਦੇ ਨਿਰਮਾਣ ਵਿੱਚ ਭੂਮਿਕਾ ਨਿਭਾਉਣ ਵਾਲੇ ਮਜਦੂਰਾਂ ਦੇ ਯੋਗਦਾਨ ਨੂੰ ਨਮਨ ਕੀਤਾ ਗਿਆ।
ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ, ਸ਼ਹਿਰੀ ਵਿਕਾਸ ਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ.ਸੀ, ਸੰਤੋਖ ਸਿੰਘ ਭਲਾਈਪੁਰ (ਤਿੰਨੇ ਵਿਧਾਇਕ), ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਨੇ ਇਕ ਸੁਰ ਵਿੱਚ ਆਵਾਜ਼ ਬੁਲੰਦ ਕਰਕੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਬੰਦ ਕਰੇ ਅਤੇ ਇਸ ਔਖੀ ਘੜੀ ਜਿਥੇ ਪੰਜਾਬ ਨੂੰ ਵਿਸ਼ੇਸ਼ ਆਰਥਿਕ ਪੈਕੇਜ਼ ਦਿੱਤਾ ਜਾਣਾ ਸੀ, ਉਥੇ ਰਾਜ ਦਾ ਬਣਦਾ ਜੀ.ਐਸ.ਟੀ ਬਕਾਇਆ ਵੀ ਰੋਕਿਆ ਹੋਇਆ ਹੈ, ਜਿਸ ਨੂੰ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤਾ ਜਾਵੇ।ਉਨਾਂ ਕਿਹਾ ਕਿ ਦੇਸ਼ ਅੰਦਰ ਫੈਲੀ ਇਸ ਭਿਆਨਕ ਬਿਮਾਰੀ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਪੱਖਪਾਤ ਦੇ ਰਾਜਾਂ ਨਾਲ ਵਰਤਾਓ ਕਰਨਾ ਚਾਹੀਦਾ ਹੈ।
ਸਰਕਾਰੀਆ ਨੇ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ ਜੋ ਯਾਤਰੀ, ਵਿਦਿਆਰਥੀ ਜਾਂ ਮਜਦੂਰ ਬਾਹਰੀ ਰਾਜਾਂ ਤੋਂ ਆਏ ਹਨ, ਉਨਾਂ ਦੀ ਦੇਖਭਾਲ ਲਈ ਸਰਕਾਰ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਭ ਨੂੰ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।ਸਰਕਾਰੀਆ ਨੇ ਕਿਹਾ ਕਿ ਕੋਵਿਡ-19 ਦੇ ਟਾਕਰੇ ਲਈ ਪੰਜਾਬ ਨੂੰ ਸਿੱਧੇ ਤੌਰ ‘ਤੇ 71 ਕਰੋੜ ਰੁਪਏ ਦੀ ਮਦਦ ਹੀ ਮਿਲੀ ਹੈ, ਜਦ ਕਿ ਹੋਰ ਜੋ ਰਕਮਾਂ ਪ੍ਰਾਪਤ ਹੋਈਆਂ ਹਨ ਉਹ ਪੰਜਾਬ ਰਾਜ ਦਾ ਆਪਣਾ ਹੱਕ ਸੀ ਅਤੇ ਉਹ ਇਸ ਮਹਾਂਮਾਰੀ ਦੇ ਨਾ ਆਉਣ ‘ਤੇ ਵੀ ਪੰਜਾਬ ਨੂੰ ਮਿਲਣਾ ਸੀ।
ਔਜਲਾ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਦੇਸ਼ ਦੀ ਤਰੱਕੀ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਸੰਘੀ ਢਾਂਚੇ ਵਿੱਚ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਆਫਤ ਸਮੇਂ ਰਾਜਾਂ ਦੀ ਮਦਦ ਕਰੇ ਜੋ ਭਾਰਤ ਸਰਕਾਰ ਦੀ ਸੰਵਿਧਾਨਕ ਜਿੰਮੇਵਾਰੀ ਵੀ ਬਣਦੀ ਹੈ।
ਇਸ ਤੋਂ ਪਹਿਲਾਂ ਓ.ਪੀ ਸੋਨੀ ਨੇ ਆਪਣੇ ਦਫਤਰ ਵਿਖੇ ਕਾਂਗਰਸ ਸੇਵਾ ਦਲ ਮੈਂਬਰਾਂ ਨਾਲ ਝੰਡਾ ਲਹਿਰਾਇਆ ਅਤੇ ਮਜਦੂਰਾਂ ਨੂੰ ਨਮਨ ਕੀਤਾ।ਸਰਕਾਰੀਆ ਵੱਲੋਂ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਵਿਖੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਰੋਸ ਜਾਹਿਰ ਕੀਤਾ।
ਇਸ ਮੌਕੇ ਸਵਿੰਦਰ ਸਿੰਘ ਕੱਥੂਨੰਗਲ, ਵਿਕਾਸ ਸੋਨੀ, ਇੰਦਰ ਖੰਨਾ, ਵਲੈਤੀ ਲਾਲ ਆਨੰਦ, ਗੁਲਜਾਰੀ ਲਾਲ, ਮਹਿੰਦਰ ਸਿੰਘ, ਵਿਨੋਦ ਕੁਮਾਰ ਤੇ ਸੇਵਾ ਦਲ ਦੇ ਮੈਂਬਰ ਵੀ ਹਾਜ਼ਰ ਸਨ।