
ਅੰਮ੍ਰਿਤਸਰ, 9 ਅਕਤੂਬਰ (ਪ੍ਰੀਤਮ ਸਿੰਘ) -ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 480ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸਬੰਧ ਵਿੱਚ 7 ਅਕਤੂਬਰ ਤੋਂ ਗੁਰਦੁਆਰੇ ਸਾਹਿਬ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥਣਾਂ ਨੇ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ।
ਇਸ ਮੌਕੇ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ ਤੇ ਜੁਆਇੰਟ ਸਕੱਤਰ (ਧਾਰਮਿਕ ਮਾਮਲਿਆਂ) ਸ: ਸੁਖਦੇਵ ਸਿੰਘ ਅਬਦਾਲ ਖਾਸ ਤੌਰ ‘ਤੇ ਸ਼ਾਮਿਲ ਹੋਏ। ਸ: ਅਬਦਾਲ ਨੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਉਨ੍ਹਾਂ ਇਸ ਪਵਿੱਤਰ ਦਿਹਾੜੇ ਦੀ ਸਮੂੰਹ ਜਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਉਪਦੇਸ਼ਾਂ ਤੋਂ ਹਾਜ਼ਰ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਸੰਦੇਸ਼ਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ, ਮੈਂਬਰ ਐੱਸ. ਐੱਸ. ਛੀਨਾ, ਜੀ. ਐੱਸ. ਭੱਟੀ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰ: ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰ: ਡਾ. ਜਸਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿੰ: ਜੀ. ਐੱਸ. ਕੰਗ, ਖਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰ: ਡਾ. ਬਲਜਿੰਦਰ ਸਿੰਘ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰ: ਦਵਿੰਦਰ ਕੌਰ ਸੰਧੂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰ: ਤੇਜਿੰਦਰ ਕੌਰ ਬਿੰਦਰਾ, ਓ. ਐੱਸ. ਡੀ. ਸ: ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ ਅਤੇ ਕਾਲਜ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।
Punjab Post Daily Online Newspaper & Print Media