ਪ੍ਰਧਾਨ ਜਥੇ: ਅਵਤਾਰ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼-ਪੁਰਬ ਦੀ ਵਧਾਈ ਦਿੱਤੀ
ਅੰਮ੍ਰਿਤਸਰ 9 ਅਕਤੂਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦੇ 480ਵੇਂ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਬੀਤੀ ਸ਼ਾਮ 7 ਵਜੇ ਤੋਂ ਦੇਰ ਰਾਤ 1 ਵਜੇ ਤੀਕ ਅਲੌਕਿਕ ਕੀਰਤਨ ਸਮਾਗਮ (ਰਾਗ ਦਰਬਾਰ) ਕਰਵਾਇਆ ਗਿਆ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਰਣਧੀਰ ਸਿੰਘ, ਭਾਈ ਰਾਏ ਸਿੰਘ ਤੇ ਭਾਈ ਗੁਰਮੀਤ ਸਿੰਘ ਸ਼ਾਂਤ, ਬੀਬੀ ਆਸ਼ੂਪ੍ਰੀਤ ਕੌਰ, ਭਾਈ ਗੁਰਿੰਦਰ ਸਿੰਘ ਬਟਾਲਾ, ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਭਾਈ ਬਲਬੀਰ ਸਿੰਘ ਤੇ ਸੈਂਟਰਲ ਖਾਲਸਾ ਯਤੀਮਖਾਨਾ ਦੇ ਵਿਦਿਆਰਥੀਆਂ ਦੇ ਜਥਿਆਂ ਵੱਲੋਂ ਰਾਗਾਂ ਤੇ ਅਧਾਰਿਤ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਰਾਗੀ ਜਥਿਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਅਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਰਾਗਾਂ ‘ਚ ਕੀਰਤਨ ਕਰਨ ਲਈ ਸਮਾਂ ਪ੍ਰਦਾਨ ਕੀਤਾ, ਉਥੇ ਨਾਲ ਹੀ ਗਾਇਨ ਕੀਤੇ ਹਰੇਕ ਰਾਗ ਸਬੰਧੀ ਸੰਗਤਾਂ ਨੂੰ ਵਿਸਥਾਰਤ ਜਾਣਕਾਰੀ ਦਿੱਤੀ।ਇਸ ਸਮੇਂ ਧਾਰਮਿਕ ਸਖ਼ਸੀਅਤਾਂ ‘ਚ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਮੋਹਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਮੌਜੂਦ ਸਨ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਕੀਰਤਨ ਦਰਬਾਰ ਸਮੇਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਸੇਵਾ, ਸਿਮਰਨ ਤੇ ਨਿਮਰਤਾ ਜਿਹੇ ਸਦਗੁਣਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਅਤੇ ਸੇਵਕ ਤੋਂ ਗੁਰੂ ਪਦਵੀ ਤੱਕ ਦਾ ਸਫ਼ਰ ਤਹਿ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਉਚਾਰਨ ਕੀਤੀ ਬਾਣੀ ਮਨੁੱਖੀ ਜੀਵਨ ਦਾ ਰਹੱਸ ਖੋਲ੍ਹਦੀ ਹੋਈ ਮਨੁੱਖ ਨੂੰ ਅਧਿਆਤਮਿਕ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ।ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਪਾਵਨ ਬਾਣੀ ਦੇ ਉਪਦੇਸ਼ ‘ਤੇ ਪਹਿਰਾ ਦੇ ਕੇ ਅਸੀਂ ਜਿਥੇ ਆਪਣੇ ਜੀਵਨ ਨੁੰ ਸਹਿਜ ਭਰਪੂਰ ਅਤੇ ਸੁਖਾਵਾਂ ਬਣਾ ਸਕਦੇ ਹਾਂ, ਉਥੇ ਅਧਿਆਤਮਿਕ ਖੇਤਰ ਵਿੱਚ ਵੀ ਪ੍ਰਵੀਨਤਾ ਹਾਸਲ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਵਿੱਚੋਂ ਸੇਵਾ-ਭਾਵਨਾ ਦੇ ਗੁਣ ਨੂੰ ਅਪਨਾਉਣਾ ਚਾਹੀਦਾ ਹੈ ਅਤੇ ਇਸ ਦੀ ਰੌਸ਼ਨੀ ਵਿੱਚ ਗੁਰੁ ਘਰ ਅਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ।ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਜੰਮੂ-ਕਸ਼ਮੀਰ ਵਿੱਚ ਭਿਆਨਕ ਹੜ੍ਹ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਗੁਰੁ ਸਾਹਿਬਾਨ ਵੱਲੋਂ ਦਰਸਾਏ ਸੇਵਾ ਦੇ ਸਿਧਾਂਤ ‘ਤੇ ਚੱਲਦਿਆਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪੀੜਤਾਂ ਦੇ ਮੁੜ ਵਸੇਬੇ ਲਈ ਕਾਰਜ ਕਰ ਰਹੀ ਹੈ।
ਇਸ ਮੌਕੇ ਸ. ਬਲਦੇਵ ਸਿੰਘ ਚੂੰਘਾਂ, ਸ. ਮਨਜੀਤ ਸਿੰਘ ਸਕੱਤਰ, ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਜਤਿੰਦਰ ਸਿੰਘ ਔਲਖ ਕਮਿਸ਼ਨਰ ਪੰਜਾਬ ਪੁਲਿਸ, ਸ. ਬਿਅੰਤ ਸਿੰਘ ਅਨੰਦਪੁਰੀ ਐਡੀਸ਼ਨਲ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ ਸ. ਇੰਦਰਮੋਹਣ ਸਿੰਘ ਅਨਜਾਣ ਸੁਪਰਵਾਈਜ਼ਰ ਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।