ਸਵੱਛ ਭਾਰਤ ਮੁਹਿੰਮ ਤਹਿਤ ਲੋਕਾਂ ਨੂੰ ਸਫਾਈ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ
ਫਾਜਿਲਕਾ, 10 ਅਕਤੂਬਰ (ਵਿਨੀਤ ਅਰੋੜਾ)- ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਸਿਹਤ ਸੁਸਾਇਟੀ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਸਹਾਇਕ ਸਿਵਲ ਸਰਜਨ ਡਾ. ਦਵਿੰਦਰ ਭੁੱਕਲ ਤੋਂ ਇਲਾਵਾ ਵਿਭਾਗ ਦੇ ਸਮੂਹ ਅਧਿਕਾਰੀਆਂ ਨੇ ਭਾਗ ਲਿਆ ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕੈਂਸਰ ਦੇ ਸ਼ੱਕੀ ਮਰੀਜ਼ਾਂ ਦੀ ਪਹਿਚਾਣ ਲਈ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਘਰ ਘਰ ਜਾ ਕੇ ਜਾਂਚ ਕੀਤੀ ਜਾਵੇ ਅਤੇ ਕੈਂਸਰ ਦੇ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਇਲਾਜ ਦੇ ਖਰਚ ਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਇਲਾਜ ਲਈ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਜਾਵੇ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਵੱਛ ਭਾਰਤ ਮੁਹਿੰਮ ਤਹਿਤ ਸਾਰੇ ਹਸਪਤਾਲਾਂ ਅੰਦਰ ਸਫਾਈ ਦੇ ਢੁਕਵੇਂ ਪ੍ਰਬੰਧ ਹੋਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਸਫਾਈ ਦੇ ਫਾਇਦਿਆਂ ਅਤੇ ਗੰਦਗੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੇ ਹੋਰ ਨੁਕਸਾਨਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ।
ਮੀਟਿੰਗ ਦੌਰਾਨ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਗਰਭਵਤੀ ਮਾਵਾਂ ਦੀ ਰਜਿਸ਼ਟਰੇਸ਼ਨ, ਸੁਰੱਖਿਅਤ ਜਣੇਪੇ, ਜੰਨਨੀ ਸੁਰੱਖਿਆ ਯੋਜਨਾ, ਟੀਕਾਕਰਨ, ਸਕੂਲ ਸਿਹਤ ਆਦਿ ਪ੍ਰੋਗਰਾਮਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਗਈ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਮਿੱਥੇ ਟੀਚੀਆਂ ਨੂੰ ਪ੍ਰਾਪਤ ਕਰਨ ਲਈ ਹੋਰ ਮਿਹਨਤ ਕੀਤੀ ਜਾਵੇ । ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਲੇਰੀਆ ਅਤੇ ਡੇਗੂੰ ਵਰਗੀਆਂ ਮੌਸਮੀ ਬੀਮਾਰੀਆਂ ਦੀ ਰੋਕਥਾਮ ਅਤੇ ਮਰੀਜ਼ਾਂ ਦੇ ਇਲਾਜ ਲਈ ਢੁਕਵੇਂ ਉਪਰਾਲੇ ਕੀਤੇ ਜਾਣ । ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮਲੇਰੀਆ ਅਤੇ ਹੋਰ ਮੌਸਮੀ ਬੀਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਅਤੇ ਮੱਛਰ ਦੇ ਖ਼ਾਤਮੇ ਲਈ ਫੋਗਿੰਗ/ਸਪਰੇ ਕਰਵਾਈ ਗਈ ਹੈ।ਡਿਪਟੀ ਕਮਿਸ਼ਨਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਵਿਭਾਗ ਦੀਆਂ ਸਮਾਂ ਬੰਧ ਸੇਵਾਵਾਂ ਵਿੱਚ ਦੇਰੀ ਨਹੀ ਹੋਣੀ ਚਾਹੀਦੀ ।