Friday, July 4, 2025
Breaking News

ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ – ਬਾਬਾ ਹਰਨਾਮ ਸਿੰਘ ਖ਼ਾਲਸਾ

ਕਿਹਾ ਬੇਹੱਦ ਸੰਗੀਨ ਝੂਠੇ ਪੁਲੀਸ ਮੁਕਾਬਲਿਆਂ ਦੀ ਹੋਵੇ ਉਚ ਪੱਧਰੀ ਜਾਂਚ

ਮਹਿਤਾ ਚੌਕ 9, ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ 29 ਸਾਲ Harnam Singh Dhumaਪਹਿਲਾਂ ਦੇ ਇਕ ਸਿੱਖ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਕੀਤੇ ਗਏ ਡੀ.ਜੀ.ਪੀ ਸੁਮੇਧ ਸੈਣੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਸ ਦੀ ਸਰਕਾਰ ਨੇ 1991 ਵਿਚ ਆਈ.ਏ.ਐਸ ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਬੇਟੇ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਨਾਮਜ਼ਦ ਕਰਦਿਆਂ ਕੇਸ ਦਰਜ਼ ਕਰਨ ਦਾ ਹੌਸਲਾ ਕੀਤਾ ਤਾਂ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਦਲੇਰੀ ਵੀ ਦਿਖਾਉਣ।ਉਨ੍ਹਾਂ ਕਿਹਾ ਕਿ ਖਾੜਕੂਵਾਦ ਦੌਰਾਨ ਮਨੁੱਖੀ ਅਧਿਕਾਰਾਂ ਦਾ ਘਾਣ ਕਰਦਿਆਂ ਅਤੇ ਕਾਨੂੰਨ ਨੂੰ ਛਿੱਕੇ ਟੰਗ ਕੇ ਕੀਤੇ ਗਏ ਝੂਠੇ ਪੁਲੀਸ ਮੁਕਾਬਲਿਆਂ ਦੀ ਪੀੜਾ ਅੱਜ ਵੀ ਸਿੱਖ ਹਿਰਦਿਆਂ ‘ਚੋਂ ਖ਼ਤਮ ਨਹੀਂ ਹੋਈ ਹੈ।ਤਾਜ਼ਾ ਖ਼ੁਲਾਸਿਆਂ ਨੇ ਇਕ ਵਾਰ ਫਿਰ ਇਸ ਦਰਦ ਨੂੰ ਜਗਾ ਦਿੱਤਾ ਹੈ।ਉਸ ਦੌਰ ਪ੍ਰਤੀ ਸਾਹਮਣੇ ਆਏ ਤੱਥਾਂ ਤੋਂ ਇਹ ਪਤਾ ਲੱਗਦਾ ਹੈ ਕਿ ਕਿਵੇਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਖਾੜਕੂਵਾਦ ਜਾਂ ਦਹਿਸ਼ਤਗਰਦੀ ਦੇ ਨਾਮ ‘ਤੇ ਕਤਲ ਕਰ ਦਿੱਤਾ ਗਿਆ।ਮਾਰੇ ਗਏ ਬਹੁਤੇ ਨੌਜਵਾਨਾਂ ਦੀਆਂ ਲਾਸ਼ਾਂ ਵੀ ਉਨ੍ਹਾਂ ਦੇ ਮਾਪਿਆਂ ਨੂੰ ਨਹੀਂ ਦਿੱਤੀਆਂ ਗਈਆਂ।
                     ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਅਜਿਹੇ ਕਤਲਾਂ ਦੇ ਮਾਮਲੇ ਵਿਚ ਬਹੁਤ ਸਾਰੇ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਕੋਈ ਕਾਰਵਾਈ ਤਾਂ ਕੀ ਕਿਸੇ ਵੀ ਸੰਵਿਧਾਨਕ ਸੰਸਥਾ ਨੇ ਵੀ ਖ਼ਾਸ ਨੋਟਿਸ ਨਹੀਂ ਲਿਆ। ਉਨ੍ਹਾਂ ਸੱਚ ਸਾਹਮਣੇ ਲਿਆਉਣ ਲਈ ਖਾੜਕੂਵਾਦ ਦੌਰਾਨ ਪੁਲੀਸ ਵੱਲੋਂ ਕੀਤੇ ਗਏ ਝੂਠੇ ਪੁਲੀਸ ਮੁਕਾਬਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਮਾਮਲਾ ਬੇਹੱਦ ਸੰਗੀਨ ਹੈ ਜਿਸ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਸਬੰਧੀ ਹੋਰ ਵਿਸਥਾਰ ਅਤੇ ਸੱਚ ਸਾਹਮਣੇ ਲਿਆਂਦਾ ਜਾ ਸਕੇ।ਇਸ ਮਾਮਲੇ ਵਿਚ ਸੁਪਰੀਮ ਕੋਰਟ ਅਤੇ ਹਾਈਕੋਰਟ ਨੂੰ ਵੀ ਦਖ਼ਲ ਦੇਣਾ ਚਾਹੀਦਾ ਹੈ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …