ਕੋਵਿਡ ਟੈਸਟਿੰਗ ਲਈ ਵੀ ਕੌਮੀ ਕਾਰਜਨੀਤੀ ਉਲੀਕਣ ਤੇ ਤਿੰਨ ਮਹੀਨਿਆਂ ਲਈ ਮਾਲੀਆ ਗਰਾਂਟਾਂ ਦੇਣ ਦੀ ਮੰਗ
ਚੰਡੀਗੜ੍ਹ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੌਕਡਾਊਨ ਵਿੱਚ ਵਾਧਾ ਕਰਨ ਦੀ ਪ੍ਰੋੜਤਾ ਕਰਦਿਆਂ ਆਖਿਆ ਕਿ ਅਜਿਹਾ ਕਰਨ ਮੌਕੇ ਸੂਬਿਆਂ ਦੇ ਵਿੱਤੀ ਅਤੇ ਆਰਥਿਕ ਸਸ਼ਕਤੀਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਨਾਲ ਰਣਨੀਤੀ ਉਲੀਕੀ ਤਾਂ ਕਿ ਮਨੁੱਖੀ ਜ਼ਿੰਦਗੀਆਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨਿਰਬਾਹ ਨੂੰ ਵੀ ਸੁਰੱਖਿਅਤ ਬਣਾਇਆ ਜਾ ਸਕੇ।
ਕੌਮੀ ਪੱਧਰ `ਤੇ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਖਤੀ ਨਾਲ ਲੌਕਡਾਊਨ ਜਾਰੀ ਕਰਨ ਦਾ ਸਪੱਸ਼ਟ ਤੌਰ `ਤੇ ਪੱਖ ਪੂਰਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਦੌਰਾਨ ਕਿਹਾ ਕਿ ਸਾਵਧਾਨੀ ਨਾਲ ਘੜੀ ਜਾਣ ਵਾਲੀ ਰਣਨੀਤੀ ਦੇ ਹਿੱਸੇ ਵਜੋਂ ਸੂਬਿਆਂ ਨੂੰ ਹੇਠਲੇ ਪੱਧਰ `ਤੇ ਯੋਜਨਾਬੰਦੀ ਲਈ ਵਧੇਰੇ ਖੁੱਲ੍ਹ ਦੇਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਅਰਥਚਾਰੇ ਦੀ ਪੁਨਰ ਸੁਰਜੀਤੀ ਲਈ ਸਪੱਸ਼ਟ ਢੰਗ-ਤਰੀਕਿਆਂ ਨੂੰ ਵੀ ਇਸ ਰਣਨੀਤੀ ਦਾ ਹਿੱਸਾ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ `ਚੋਂ ਬਾਹਰ ਨਿਕਲਣ ਦੀ ਰਣਨੀਤੀ ਸੂਬਿਆਂ ਨੂੰ ਵਿੱਤੀ ਅਤੇ ਆਰਥਿਕ ਤੌਰ `ਤੇ ਵਧੇਰੇ ਸ਼ਕਤੀਆਂ ਦੇਣ ਲਈ ਵਿਚਾਰਦੇ ਹੋਏ ਇਸ ਉਪਰ ਕੇਂਦਰਿਤ ਕੀਤਾ ਜਾਵੇ ਕਿਉਂਕਿ ਆਮ ਆਦਮੀ ਦੀ ਰੋਜ਼ੀ-ਰੋਟੀ ਅਤੇ ਸਮਾਜਿਕ ਸਿਹਤ `ਤੇ ਅਸਰ ਪਾਉਣ ਵਾਲੀ ਸਿੱਧੀ ਕਾਰਵਾਈ ਲਈ ਸੂਬੇ ਹੀ ਜ਼ਿੰਮੇਵਾਰ ਹੁੰਦੇ ਹਨ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਸੂਬਿਆਂ ਨੂੰ ਸੂਖਮ ਯੋਜਨਾਬੰਦੀ ਵਿੱਚ ਵਧੇਰੇ ਲਚਕਦਾਰ ਪਹੁੰਚ ਅਪਣਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਰੈਡ ਜ਼ੋਨ ਵਿਚ ਢੁੱਕਵੇਂ ਸੁਰੱਖਿਆ ਉਪਾਵਾਂ ਨਾਲ ਚਲਾਉਣ ਦੀ ਵੀ ਆਗਿਆ ਦਿੱੀ ਜਾਵੇ।ਉਨ੍ਹਾਂ ਕਿਹਾ ਕਿ ਰੈਡ, ਆਰੇਂਜ ਅਤੇ ਯੈਲੋ ਜ਼ੋਨ ਮਨੋਨੀਤ ਕਰਨ ਦਾ ਫੈਸਲਾ ਵੀ ਸੂਬਿਆਂ `ਤੇ ਛੱਡ ਦਿੱਤਾ ਜਾਣਾ ਚਾਹੀਦਾ ਹੈ ਕਿਉਂ ਜੋ ਸੂਬਿਆਂ ਨੂੰ ਜ਼ਮੀਨੀ ਹਕੀਕਤਾਂ ਬਾਰੇ ਵਧੇਰੇ ਗਿਆਨ ਹੁੰਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕਾਰਨ ਮਾਲੀ ਘਾਟੇ ਦੀ ਪੂਰਤੀ ਅਤੇ ਖਰਚ ਕੀਤੇ ਫੰਡਾਂ ਲਈ ਸੂਬਿਆਂ ਨੂੰ ਤਿੰਨ ਮਹੀਨਿਆਂ ਵਾਸਤੇ ਮਾਲੀਆ ਗਰਾਂਟ ਦੇਣ ਦੇ ਨਾਲ ਉਨ੍ਹਾਂ (ਸੂਬਿਆਂ) ਨੂੰ ਆਪਣੀਆਂ ਘੱਟੋ-ਘੱਟ 33 ਫੀਸਦੀ ਪ੍ਰਤੀਬੱਧ ਦੇਣਦਾਰੀਆਂ ਲਈ ਤੁਰੰਤ ਵਿੱਤੀ ਸਹਾਇਤਾ ਕਰਨ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕੋਵਿਡ ਵਿਰੁੱਧ ਜੰਗ ਹੋਰ ਕਾਰਗਰ ਢੰਗ ਨਾਲ ਲੜਨ ਲਈ ਟੈਸਟਿੰਗ ਸਬੰਧੀ ਕੌਮੀ ਰਣਨੀਤੀ ਘੜਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੀਆਂ ਸੰਸਥਾਵਾਂ ਨੂੰ ਟੈਸਟਿੰਗ ਸਮਰਥਾ ਵਧਾਉਣ ਦੀ ਹਦਾਇਤ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਨੇ ਹੁਣ ਤੱਕ 40962 ਟੈਸਟ ਕੀਤੇ ਹਨ ਅਤੇ ਇਸ ਵੇਲੇ ਟੈਸਟਾਂ ਦੀ ਦਰ ਪ੍ਰਤੀ ਦਿਨ 2500 ਹੈ ਅਤੇ ਸੂਬਾ ਸਰਕਾਰ ਨੇ ਮਹੀਨੇ ਦੇ ਅੰਤ ਤੱਕ ਪ੍ਰਤੀ ਦਿਨ ਟੈਸਟ 6000 ਤੱਕ ਵਧਾਉਣ ਦੀ ਯੋਜਨਾ ਬਣਾਈ ਹੈ।