ਵਿਧਾਇਕ ਨਵਤੇਜ ਚੀਮਾ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਸਮੇਤ ਕੀਤਾ ਰੇਲ ਕੋਚ ਫੈਕਟਰੀ ਦਾ ਦੌਰਾ
ਕਪੂਰਥਲਾ, 15 ਮਈ (ਪੰਜਾਬ ਪੋਸਟ ਬਿਊਰੋ) – ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਕਿਹਾ ਹੈ ਕਿ ਰੇਲ ਕੋਚ ਫੈਕਟਰੀ ਦੇ ਨਿਗਮੀਕਰਨ ਦਾ ਮੁੱਦਾ ਉਨ੍ਹਾਂ 
ਵੱਲੋਂ ਪਾਰਲੀਮੈਂਟ ਵਿਚ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਨਿਗਮੀਕਰਨ ਖਿਲਾਫ਼ ਵਰਕਰਾਂ ਦੀ ਲੜਾਈ ਜ਼ੋਰਦਾਰ ਢੰਗ ਨਾਲ ਲੜ ਕੇ ਰੇਲ ਕੋਚ ਫੈਕਟਰੀ ਦਾ ਰੁਤਬਾ ਬਰਕਰਾਰ ਰੱਖਿਆ ਜਾਵੇਗਾ।ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ ਸਤਿੰਦਰ ਸਿੰਘ ਸਮੇਤ ਰੇਲ ਕੋਚ ਫੈਕਟਰੀ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰੇਲ ਕੋਚ ਫੈਕਟਰੀ ਦੇ ਨਿਗਮੀਕਰਨ ਦੀਆਂ ਕੋਸ਼ਿਸ਼ਾਂ ਖਿਲਾਫ਼ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਅਤੇ ਜਨਾਬ ਮੁਹੰਮਦ ਸਦੀਕ ਸਮੇਤ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਗਿਆ ਹੈ।
ਡਿੰਪਾ ਨੇ ਕਿਹਾ ਕਿ ਰੇਲ ਕੋਚ ਫੈਕਟਰੀ ਉਨ੍ਹਾਂ ਦੇ ਹਲਕੇ ਦਾ ਇਕ ਅਨਮੋਲ ਰਤਨ ਹੈ, ਜਿਸ ਨੇ ਰੇਲ ਡੱਬਿਆਂ ਦੇ ਉਤਪਾਦਨ ਵਿੱਚ ਵਿਸ਼ਵ ਭਰ ਵਿੱਚ ਨਾਮਣਾ ਖੱਟਣ ਤੋਂ ਇਲਾਵਾ ਇਲਾਕੇ ਦੇ ਲੋਕਾਂ ਨੂੰ ਵੱਡੀ ਪੱਧਰ ’ਤੇ ਰੋਜ਼ਗਾਰ ਮੁਹੱਈਆ ਕਰਵਾਇਆ ਹੈ।ਲਾਕਡਾਊਨ ਕਾਰਨ ਕਾਫੀ ਦੇਰ ਬੰਦ ਰਹਿਣ ਤੋਂ ਬਾਅਦ ਇਥੇ ਦੁਬਾਰਾ ਕੰਮ-ਕਾਜ਼ ਸ਼ੁਰੂ ਹੋਇਆ ਹੈ।ਇਸ ਦੌਰਾਨ ਫੈਕਟਰੀ ਵਿਚ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਹੋਰਨਾਂ ਸਿਹਤ ਸੁਰੱਖਿਆ ਉਪਾਵਾਂ ਦਾ ਅੱਜ ਉਨ੍ਹਾਂ ਵੱਲੋਂ ਜਾਇਜ਼ਾ ਲਿਆ ਗਿਆ ਹੈ।
ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਨੇ ਇਸ ਮੌਕੇ ਕਿਹਾ ਕਿ ਫੈਕਟਰੀ ਦੇ ਵਰਕਰਾਂ ਦਾ ਖਿਆਲ ਰੱਖਣਾ ਸਾਡਾ ਫਰਜ਼ ਹੈ ਅਤੇ ਲਾਕਡਾਊਨ ਕਾਰਨ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਫੈਕਟਰੀ ਦੇ ਜਨਰਲ ਮੈਨਜਰ ਰਵਿੰਦਰ ਵਰਮਾ ਅਤੇ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਸਬੀਰ ਸਿੰਘ ਡਿੰਪਾ ਨੇ ਫੈਕਟਰੀ ਵਿਚ ਲਾਕਡਾਊਨ ਦੌਰਾਨ ਦੁਬਾਰਾ ਕੰਮਕਾਜ਼ ਚਾਲੂ ਹੋਣ ’ਤੇ ਕੋਵਿਡ-19 ਦੇ ਚੱਲਦਿਆਂ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਸਿਹਤ ਸੁਰੱਖਿਆ ਉਪਾਵਾਂ ਸਬੰਧੀ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਕਿਹਾ ਕਿ ਫੈਕਟਰੀ ਵਿਚ ਕੋਵਿਡ ਪ੍ਰੋਟੋਕਾਲ ਨੂੰ ਸਖ਼ਤੀ ਨਾਲ ਲਾਗੂ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਹਰੇਕ ਵਰਕਰ ਸੁਰੱਖਿਅਤ ਰਹਿ ਸਕੇ।ਇਸੇ ਦੌਰਾਨ ਜਨਰਲ ਮੈਨੇਜਰ ਵਰਮਾ ਨੇ ਦੱਸਿਆ ਕਿ ਫੈਕਟਰੀ ਵਿਚ ਕੋਵਿਡ ਪ੍ਰੋਟੋਕਾਲ ਨੂੰ ਪੁਖ਼ਤਾ ਢੰਗ ਨਾਲ ਲਾਗੂ ਕੀਤਾ ਗਿਆ ਹੈ ਅਤੇ ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ ਹੈ।
ਇਸ ਦੌਰਾਨ ਜਸਬੀਰ ਸਿੰਘ ਡਿੰਪਾ ਅਤੇ ਨਵਤੇਜ ਸਿੰਘ ਚੀਮਾ ਨੇ ਫੈਕਟਰੀ ਦੀਆਂ ਵੱਖ-ਵੱਖ ਵਰਕਸ਼ਾਪਾਂ ਦਾ ਜਾਇਜ਼ਾ ਵੀ ਲਿਆ।ਉਨ੍ਹਾਂ ਵਰਕਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕੋਵਿਡ-19 ਦੇ ਮੱਦੇਨਜ਼ਰ ਉਨ੍ਹਾਂ ਲਈ ਕੀਤੇ ਗਏ ਸਿਹਤ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਕਰਦਿਆਂ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਡੀ.ਐਸ.ਪੀ ਸੁਲਤਾਨਪੁਰ ਲੋਧੀ ਸਰਵਨ ਸਿੰਘ ਬੱਲ, ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਰਵਿੰਦਰ ਰਵੀ ਅਤੇ ਹੋਰ ਹਾਜ਼ਰ ਸਨ।
Punjab Post Daily Online Newspaper & Print Media