Monday, December 23, 2024

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਮੈਂਬਰਾਂ ਦੇ ਅਖ਼ਤਿਆਰੀ ਕੋਟੇ ’ਤੇ ਇਕ ਸਾਲ ਲਈ ਰੋਕ

ਕੋਰੋਨਾ ਕਾਰਨ ਵਿੱਤੀ ਸਮੀਖਿਆ ਲਈ ਉੱਚ ਪੱਧਰੀ ਕਮੇਟੀ ਦਾ ਕੀਤਾ ਗਠਨ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ

ਦੇ ਮਾਮਲੇ ਵਿਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਕੋਰੋਨਾ ਕਾਰਨ ਪੈਦਾ ਹੋਏ ਹਲਾਤਾਂ ਦੇ ਚੱਲਦਿਆਂ ਵਿੱਤੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕਈ ਹੋਰ ਅਹਿਮ ਫੈਸਲਿਆਂ ’ਤੇ ਵੀ ਮੋਹਰ ਲਗਾਈ ਗਈ।
                 ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਨੂੰ ਪਹਿਲਾਂ ਵਾਲੀ ਬਣਾਈ ਗਈ ਯੋਜਨਾ ਅਨੁਸਾਰ ਹੀ ਬਣਾਇਆ ਜਾਵੇ।ਇਸ ਵਿੱਚੋਂ ਅੰਮ੍ਰਿਤਸਰ ਨੂੰ ਕਿਸੇ ਵੀ ਕੀਮਤ ’ਤੇ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੋਡ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਤੱਕ ਵੀ ਪਹੁੰਚ ਕੀਤੀ ਜਾਵੇਗੀ ਤੇ ਹਰ ਪੱਧਰ ’ਤੇ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।
                 ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੈਦਾ ਹੋਏ ਵਿੱਤੀ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਐਜੂਕੇਸ਼ਨ ਖੇਤਰ ਦੇ ਨੁਮਾਇੰਦੇ ਇਸ ਕਮੇਟੀ ਦਾ ਹਿੱਸਾ ਹੋਣਗੇ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਵਿੱਤੀ ਮਾਮਲਿਆਂ ਦੀ ਸਮੀਖਿਆ ਇਸ ਕਮੇਟੀ ਵੱਲੋਂ ਹੀ ਕੀਤੀ ਜਾਵੇਗੀ।ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਕੋਰੋਨਾ ਕਾਰਨ ਫਿਲਹਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਅਖ਼ਤਿਆਰੀ ਕੋਟੇ ’ਤੇ ਵੀ ਇਕ ਸਾਲ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਸਹਾਇਤਾ ਵੀ ਤਿੰਨ ਮਹੀਨੇ ਲਈ ਨਹੀਂ ਦਿੱਤੀ ਜਾਵੇਗੀ।
                   ਇਕੱਤਰਤਾ ਦੌਰਾਨ ਸ੍ਰੀ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਤੇ ਹਰਿਆਣਾ ਦੇ ਪਿਹੇਵਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਵਨ ਪੋਥੀਆਂ ਦੀ ਬੇਅਦਬੀ ਸਬੰਧੀ ਨਿਖੇਧੀ ਮਤਾ ਪਾਸ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ, ਸਾਬਕਾ ਹਜ਼ੂਰੀ ਰਾਗੀ ਪ੍ਰਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੇ ਭਰਾ ਭਾਈ ਧਨਵੰਤ ਸਿੰਘ ਕੜੇ ਵਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਹਰਸੁਰਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਵੀ ਪਾਏ ਗਏ।ਭਾਈ ਨਿਰਮਲ ਸਿੰਘ ਖ਼ਾਲਸਾ ਦੇ ਭੋਗ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ ਭਾਈ ਖ਼ਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲਿਆਂ ’ਤੇ ਵੀ ਵਿਚਾਰ ਵਟਾਂਦਰਾਂ ਕੀਤਾ ਗਿਆ।
                 ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਗੁਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਭਲਾਈਪੁਰ, ਭੁਪਿੰਦਰ ਸਿੰਘ ਅਸੰਧ, ਸ਼ੇਰ ਸਿੰਘ ਮੰਡਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਜਗਸੀਰ ਸਿੰਘ ਮਾਂਗੇਆਣਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ, ਇੰਦਰਮੋਹਨ ਸਿੰਘ ਲਖਮੀਰਵਾਲਾ, ਜਸਮੇਰ ਸਿੰਘ ਲਾਛੜੂ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਸੁਖਮਿੰਦਰ ਸਿੰਘ, ਡਾ. ਏ.ਪੀ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਤਿੰਦਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਸਿਮਰਜੀਤ ਸਿੰਘ ਕੰਗ, ਨਿੱਜੀ ਸਹਾਇਕ ਭਾਈ ਦਰਸ਼ਨ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …