Friday, November 22, 2024

ਚੇਅਰਮੈਨ ਬਾਜਵਾ ਨੇ ਜਿਲ੍ਹਾ ਪ੍ਰੀਸ਼ਦ ਦੀਆਂ 91 ਡਿਸਪੈਂਸਰੀਆਂ ਦੇ ਸੁਧਾਰ ਦੇ ਦਿੱਤੇ ਨਿਰਦੇਸ਼

ਪਿੰਡਾਂ ‘ਚ ਮਨਰੇਗਾ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ

ਬਟਾਲਾ, 20 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਚੱਲ ਰਹੀਆਂ 91 ਪੇਂਡੂ ਡਿਸਪੈਂਸਰੀਆਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਕਾਰਜ ਅਰੰਭ ਕਰਨ।
             ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਅੱਜ ਆਪਣੇ ਦਫ਼ਤਰ ਵਿਖੇ ਵਧੀਕ ਡਿਪਟੀ ਕਮਸ਼ਿਨਰ (ਵਿਕਾਸ) ਗੁਰਦਾਸਪੁਰ ਬਲਰਾਜ ਸਿੰਘ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।
            ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਬਾਜਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ 91 ਡਿਸਪੈਂਸਰੀਆਂ ਦੀ ਬਿਲਡਿੰਗ ਦੀ ਮੁਰੰਮਤ ਅਤੇ ਰੰਗ ਕਰਨ ਦੇ ਨਾਲ ਚਾਰ ਦੀਵਾਰੀ ਨੂੰ ਰੰਗ ਰੋਗਨ ਕੀਤਾ ਜਾਵੇ, ਮਰੀਜ਼ਾਂ ਦੇ ਬੈਠਣ ਲਈ ਫਰਨੀਚਰ, ਬਾਥਰੂਮ/ਟਾਇਲਟ ਆਦਿ ਸਹੂਲਤਾਂ ਦੇਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਉਪਰ ਜੋ ਲਾਗਤ ਆਉਣੀ ਹੈ ਉਸ ਦਾ ਐਸਟੀਮੇਟ ਤਿਆਰ ਕੀਤਾ ਜਾਵੇ ਤਾਂ ਜੋ ਜਲਦੀ ਹੀ ਇਨ੍ਹਾਂ ਡਿਸਪੈਂਸਰੀਆਂ ਦੀ ਨੁਹਾਰ ਬਦਲੀ ਜਾ ਸਕੇ।ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਡਿਸਪੈਂਸਰੀਆਂ ਦੇ ਡਾਕਟਰਾਂ ਅਤੇ ਹੋਰ ਅਮਲੇ ਦੀ ਕੋਰੋਨਾ ਜੰਗ ਵਿੱਚ ਦਿੱਤੀਆਂ ਜਾ ਰਹੀਆਂ ਮਿਸਾਲੀ ਸੇਵਾਵਾਂ ਲਈ ਸਰਾਹਨਾ ਵੀ ਕੀਤੀ।
                ਇਸ ਮੌਕੇ ਬਲਰਾਜ ਸਿੰਘ ਏ.ਡੀ.ਸੀ (ਵਿਕਾਸ), ਬਧੀਰਾਜ ਸਿੰਘ ਜ਼ਿਲ੍ਹਾ ਪ੍ਰਰੀਸ਼ਦ ਸੈਕਟਰੀ, ਰਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਰਾਜ ਕੁਮਾਰ ਐਕਸੀਨ ਅਤੇ ਸਮੂਹ ਬੀ.ਡੀ.ਪੀ.ਓਜ਼, ਸਿਕੰਦਰ ਸਿੰਘ ਪੀ.ਏ ਅਤੇ ਸਮੂਹ ਮਨੇਰਗਾ ਸਟਾਫ ਹਾਜ਼ਰ ਸੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …