Wednesday, August 12, 2026

ਗੁ. ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪਰਕਰਮਾਂ ‘ਚ ਲਗਾਏ ਜਾਣਗੇ 23 ਮਈ ਨੂੰ ਬੂਟੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਲਗਾਏ ਬੂਟਿਆਂ ’ਚ ਕੀਤਾ ਵਾਧਾ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪਰਕਰਮਾ ਵਿੱਚ 23 ਮਈ ਨੂੰ ਵੱਡ-ਅਕਾਰੀ ਬੂਟੇ ਲਗਾਏ ਜਾਣਗੇ।ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਜ਼ੁੰਮੇਵਾਰੀ ਵਾਤਾਵਰਨ ਪ੍ਰੇਮੀ ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਦਿੱਤੀ ਗਈ ਹੈ।ਬੂਟੇ ਲਗਾਉਣ ਦੀ ਆਰੰਭਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ, ਜਦਕਿ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹਿਣਗੀਆਂ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬਾਨ ‘ਚ ਵੱਧ ਤੋਂ ਵੱਧ ਹਰਿਆਵਲ ਪੈਦਾ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਤੌਰ ’ਤੇ ਗੁਰੂ ਕੇ ਬਾਗ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ।
              ਇਥੇ ਰਵਾਇਤੀ ਕਿਸਮ ਦੇ ਬੂਟਿਆਂ ਤੋਂ ਇਲਾਵਾ ਫੁੱਲ ਤੇ ਫਲਾਂ ਵਾਲੇ ਪੌਦੇ ਵੀ ਲਗਾਏ ਗਏ ਹਨ।ਜਿੰਨਾਂ ਵਿੱਚ ਅੰਬ, ਚੋਰਸੀਆ, ਕੇਸੀਆ, ਸੀਏਮਾ, ਬੋਹੀਨੀਆ, ਬਲੈਕੀਨਾ, ਚਕਰੇਸੀਆ, ਚੰਦਨ, ਨਿੰਮ, ਅੰਜੀਰ, ਆੜੂ, ਅਖਰੋਟ, ਬਦਾਮ, ਰੀਠਾ, ਕਾਲਾ ਅਮਰੂਦ, ਸੰਤਰਾ, ਚੀਲ ਆਦਿ ਵਿਸ਼ੇਸ਼ ਹਨ।ਇਥੇ 486 ਕਿਸਮ ਦੇ ਗੁਲਾਬ ਵੀ ਖੇੜਾ ਵੰਡ ਰਹੇ ਹਨ।ਹਾਲ ਹੀ ਵਿਚ ਹਰੜ ਤੇ ਜਾਮੁਨ ਆਦਿ ਦੇ ਬੂਟੇ ਵੀ ਲਗਾਏ ਹਨ।ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿਚ ਵੱਡੇ ਗਮਲਿਆਂ ‘ਚ ਵੀ ਬੂਟੇ ਲਗਾਏ ਜਾ ਚੁੱਕੇ ਹਨ।ਇਨ੍ਹਾਂ ਵਿੱਚੋਂ ਕਈ ਗਮਲਿਆਂ ’ਚ ਅੱਜ ਹੋਰ ਅੰਬ ਦੇ ਬੂਟੇ ਲਗਾਏ ਗਏ ਹਨ।
               ਮੁੱਖ ਸਕੱਤਰ ਅਨੁਸਾਰ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਦੀ ਪਰਕਰਮਾ ਵਿਚ ਵੀ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਜਾ ਚੁੱਕੇ ਹਨ।ਇਸੇ ਤਹਿਤ ਹੀ ਹੁਣ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪਰਕਰਮਾਂ ਵਿਚ 23 ਮਈ ਨੂੰ ਗੋਬਿੰਦ ਸਿੰਘ ਲੌਂਗੋਵਾਲ ਦੀ ਮੌਜੂਦਗੀ ਵਿਚ ਬੂਟੇ ਲਗਾਏ ਜਾਣਗੇ।ਮੰਤਵ ਇਹ ਹੈ ਕਿ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਨੂੰ ਸ਼ੁੱਧ ਵਾਤਾਵਰਨ ਮਿਲੇ ਅਤੇ ਪਰਕਰਮਾਂ ਕਰਦਿਆਂ ਤਪਸ਼ ਤੋਂ ਬਚਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵਾਲਿਆਂ ਵੱਲੋਂ ਬੂਟਿਆਂ ਲਈ ਵੱਡ-ਅਕਾਰੀ ਟੋਏ ਬਣਾਏ ਗਏ ਹਨ।ਜਲਦ ਹੀ ਹੋਰਨਾਂ ਗੁਰਦੁਆਰਾ ਸਾਹਿਬਾਨ ਅੰਦਰ ਵੀ ਬੂਟੇ ਲਗਾਉਣ ਦੀ ਯੋਜਨਾ ਤਿਆਰ ਕੀਤੀ ਜਾਵੇਗੀ।
               ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿਚ ਗਮਲਿਆਂ ‘ਚ ਬੂਟੇ ਲਗਾਉਣ ਸਮੇਂ ਡਾ. ਰੂਪ ਸਿੰਘ ਤੋਂ ਇਲਾਵਾ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ ਤੇ ਗੁਰਮੀਤ ਸਿੰਘ ਬੁੱਟਰ, ਮੈਨੇਜਰ ਮੁਖਤਾਰ ਸਿੰਘ, ਸੁਪਰਂਡੈਂਟ ਮਲਕੀਤ ਸਿੰਘ ਬਹਿੜਾਲ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …