ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਰਾਬ ਦੀਆਂ ਫੈਕਟਰੀਆਂ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀ
ਡਿਊਟੀ ਲਗਾਉਣ ਦੇ ਆਦੇਸ਼ਾਂ ਨੂੰ ਅਨੈਤਿਕ ਕਾਰਵਾਈ ਕਰਾਰ ਦਿੰਦਿਆਂ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਡੀ.ਸੀ ਵਿਰੁੱਧ ਕਾਰਵਾਈ ਮੰਗੀ ਹੈ।ਉਨਾਂ ਕਿਹਾ ਕਿ ਭਾਵੇਂ ਇਹ ਹੁਕਮ ਭਾਰੀ ਵਿਰੋਧ ਮਗਰੋਂ ਵਾਪਿਸ ਲੈ ਲਿਆ ਗਿਆ ਹੈ, ਪਰੰਤੂ ਇਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।ਉਨਾਂ ਕਿਹਾ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਧਾਰਮਿਕ ਅਸਥਾਨਾਂ ਤੋਂ ਸ਼ਰਾਬ ਸਬੰਧੀ ਅਨਾਊਂਸਮੈਂਟ ਕਰਵਾਉਣ ਦੇ ਹੁਕਮ ਚਾੜੇ ਗਏ ਸਨ।
ਇਸ ਤੋਂ ਵੱਡੀ ਤਰਾਸਦੀ ਕੀ ਹੋ ਸਕਦੀ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀ ਹੀ ਸਿੱਖ ਭਾਵਨਾਵਾਂ ਨੂੰ ਸੱਟ ਮਾਰ ਰਹੇ ਹਨ।ਇਹ ਇੱਕ ਵਾਰ ਨਹੀਂ ਸਗੋਂ ਵਾਰ-ਵਾਰ ਹੋ ਰਿਹਾ ਹੈ।ਲੌਂਗੋਵਾਲ ਨੇ ਆਖਿਆ ਕਿ ਗਲਤੀ ਕਰਕੇ ਉਸ ਦੀ ਮੁਆਫੀ ਮੰਗ ਲੈਣੀ ਜਾਂ ਆਪਣੇ ਹੁਕਮਾਂ ਤੋਂ ਪਿਛੇ ਹਟ ਜਾਣਾ ਹੀ ਕੋਈ ਹੱਲ ਨਹੀਂ ਹੈ, ਸਗੋਂ ਅਜਿਹੇ ਅਧਿਕਾਰੀਆਂ ਦੀ ਜਵਾਬਤਲਬੀ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅਧਿਆਪਕਾਂ ਵਿਚੋਂ ਬਹੁਤ ਸਾਰੇ ਅੰਮ੍ਰਿਤਧਾਰੀ ਗੁਰਸਿੱਖ ਵੀ ਹਨ, ਜਿਨ੍ਹਾਂ ਨੂੰ ਸ਼ਰਾਬ ਦੀਆਂ ਫੈਕਟਰੀਆਂ ਵਿਚ ਭੇਜਣ ਦੀਆਂ ਹਦਾਇਤਾਂ ਕਿਸੇ ਪੱਖ ਤੋਂ ਜਾਇਜ਼ ਨਹੀਂ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media