Monday, February 23, 2026

ਪਿੰਡਾਂ ਨੇੜਿਓਂ ਲੰਘਦੀ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕਾਰਜ਼ ਜੰਗੀ ਪੱਧਰ ’ਤੇ ਜਾਰੀ – ਡੀ.ਸੀ

200 ਤੋਂ ਵੱਧ ਮਗਨਰੇਗਾ ਵਰਕਰ ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ ਕਰ ਰਹੇ ਕੰਮ

ਸੰਗਰੂਰ, 30 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸੰਭਾਵੀ ਬਰਸਾਤਾਂ ਦੇ ਸੀਜ਼ਨ ਦੇ ਮੱਦੇਨਜ਼ਰ ਬਲਾਕ ਅਨਦਾਣਾ ਐਟ ਮੂਨਕ ਦੇ ਵੱਖ-ਵੱਖ ਪਿੰਡਾਂ ਵਿੱਚ ਘੱਗਰ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਰੋਜ਼ਾਨਾ ਕਰੀਬ 200 ਤੋਂ ਵੱਧ ਮਗਨਰੇਗਾ ਵਰਕਰ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਜੁਟੇ ਹੋਏ ਹਨ।
              ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਿੱਛਲੇ ਵਰ੍ਹੇ ਪਿੰਡ ਫੁਲਦ ਵਿਖੇ ਘੱਗਰ ਦਰਿਆ ਵਿੱਚ ਪਾੜ ਪੈ ਜਾਣ ਦੀ ਘਟਨਾ ਤੋਂ ਮਗਰੋਂ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਲਗਾਤਾਰ ਘੱਗਰ ਸਮੇਤ ਸਾਰੀਆਂ ਸੰਵੇਨਦਸ਼ੀਲ ਨਹਿਰਾਂ, ਸੂਇਆਂ ਆਦਿ ’ਤੇ ਨਜ਼ਰ ਰੱਖੀ ਜਾਵੇ ਅਤੇ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਲੋੜੀਂਦੇ ਕਾਰਜ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।ਉਨ੍ਹਾਂ ਦੱਸਿਆ ਕਿ ਪਿਛਲੇ 8-9 ਦਿਨਾਂ ਤੋਂ ਮਗਨਰੇਗਾ ਵਰਕਰਾਂ ਦੁਆਰਾ ਪਿੰਡ ਮਕਰੋੜ ਸਾਹਿਬ, ਫੁਲਦ, ਰਾਮਪੁਰ ਗੁੱਜਰਾਂ, ਕੜੈਲ, ਧਮੂਰ ਘਾਟ ਵਿਖੇ ਬੰਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ ਅਤੇ ਅਗਲੇ ਹਫ਼ਤੇ ਵਿੱਚ ਮਗਨਰੇਗਾ ਵਰਕਰਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਜਾਵੇਗੀ ਤਾਂ ਜੋ ਇਸ ਕਾਰਜ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੋਮਵਾਰ ਇਨ੍ਹਾਂ ਕਾਰਜਾਂ ਦਾ ਖੁੱਦ ਜਾਇਜ਼ਾ ਲੈਣ।ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਨੂੰ ਚਾਂਦੂ ਲਿਫ਼ਟ ਸਕੀਮ ਦਾ ਨਿਰੀਖਣ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਇਸ ਕਾਰਜ ਲਈ ਕਰੀਬ 1 ਕਰੋੜ 10 ਲੱਖ ਰੁਪਏ ਦੀ ਅਗੇਤੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਅਤੇ ਮਗਨਰੇਗਾ ਸਕੀਮ ਤਹਿਤ ਰਜਿਸਟਰਡ ਜਾਬ ਕਾਰਡ ਹੋਲਡਰਾਂ ਨੂੰ ਹੀ ਬੰਨ੍ਹ ਮਜ਼ਬੂਤੀ ਦੇ ਕਾਰਜਾਂ ਵਿੱਚ ਲਗਾਇਆ ਗਿਆ ਹੈ।ਜਿਸ ਨਾਲ ਨੇੜਲੇ ਪਿੰਡਾਂ ਵਿੱਚ ਲੋੜਵੰਦਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ।ਮਕਰੋੜ ਸਾਹਿਬ ਤੋਂ ਕੜੈਲ ਤੱਕ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਬੰਨ੍ਹਾਂ ’ਤੇ ਪਛਾਣ ਕੀਤੀਆਂ ਕਮਜ਼ੋਰ ਥਾਵਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਸੂਬਾ ਸਿੰਘ ਨੂੰ ਆਖਿਆ ਹੈ ਕਿ ਉਹ ਖੁਦ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣ ਅਤੇ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਉਨਾਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਹੈ ਕਿ ਸਮੁੱਚੀ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ।
             ਥੋਰੀ ਨੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਹੈ ਕਿ ਪਿੱਛਲੀਆਂ ਬਰਸਾਤਾਂ ਤੋਂ ਪਹਿਲਾਂ ਜੋ ਘੱਗਰ ਦਰਿਆ ਦੇ ਦੋਵੇਂ ਪਾਸੇ ਬਣੇ ਬੰਨ੍ਹਾਂ ’ਤੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਸੀ ਉਨ੍ਹਾਂ ਦਾ ਦੁਬਾਰਾ ਨਿਰੀਖਣ ਕੀਤਾ ਜਾਵੇ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …