ਲੁਧਿਆਣਾ, 31 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 10 ਹੋਰ ਮਾਮਲੇ ਸਾਹਮਣੇ ਆਏ ਹਨ।ਇਨ੍ਹਾਂ 10 ਵਿਚੋਂ 7 ਮਰੀਜ਼ ਸਥਾਨਕ ਛਾਉਣੀ ਮੁਹੱਲੇ ਦੇ ਇੱਕੋ ਪਰਿਵਾਰ ਨਾਲ ਸੰਬੰਧਤ ਹਨ।ਜਿਨ੍ਹਾਂ ਦੇ ਇੱਕ ਪਰਿਵਾਰਕ ਮੈਂਬਰ ਦੀ ਬੀਤੀ ਰਾਤ ਸਥਾਨਕ ਡੀ.ਐਮ.ਸੀ ਹਸਪਤਾਲ ਵਿਖੇ ਮੌਤ ਹੋਈ ਸੀ।ਜਦਕਿ ਬਾਕੀ ਦੋ ਕੇਂਦਰੀ ਜੇਲ੍ਹ ਲੁਧਿਆਣਾ ਦੇ ਕੈਦੀ ਹਨ, ਜੋ ਕਿ ਜਿਲ੍ਹਾ ਲੁਧਿਆਣਾ ਅਤੇ ਗੁਰਦਾਸਪੁਰ ਨਾਲ ਸੰਬੰੰਧ ਰੱਖਦੇ ਹਨ। ਇੱਕ ਹੋਰ ਮਰੀਜ਼ ਸਥਾਨਕ ਮੋਹਨ ਦਈ ਓਸਵਾਲ ਹਸਪਤਾਲ ਵਿੱਚ ਕਿਸੇ ਹੋਰ ਬਿਮਾਰੀ ਦੇ ਸ਼ੱਕ ਵਿੱਚ ਦਾਖ਼ਲ ਹੋਇਆ ਸੀ ਪਰ ਜਦ ਉਸ ਦਾ ਨਮੂਨਾ ਲਿਆ ਗਿਆ ਤਾਂ ਉਹ ਕੋਵਿਡ 19 ਪੀੜਤ ਪਾਇਆ ਗਿਆ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 7463 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 6853 ਦੀ ਰਿਪੋਰਟ ਪ੍ਰਾਪਤ ਹੋਈ ਹੈ।ਜਿਨ੍ਹਾਂ ਵਿਚੋਂ 6569 ਨਤੀਜੇ ਨੈਗੇਟਿਵ ਆਏ ਹਨ, ਜਦਕਿ 610 ਦੀ ਰਿਪੋਰਟ ਆਉਣੀ ਬਾਕੀ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 194 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 90 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 8 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 6 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 149 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ 6865 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1897 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 118 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਅੱਜ ਵੀ 541 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।
ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 500 ਰੁਪਏ ਅਤੇ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਤੇ ਜਨਤਕ ਥਾਵਾਂ ’ਤੇ ਥੁੱਕਣ ਵਾਲੇ ਲੋਕਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …