2924 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ
ਤਰਨ ਤਾਰਨ, 2 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 3187 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ ਹਨ, ਜਿਨਾਂ ਵਿਚੋਂ 2924 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 168 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜਾਂਚ ਲਈ ਲੈਬ ਵਿੱਚ ਭੇਜੇ ਗਏ 95 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ ।
ਡਿਪਟੀ ਕਮਿਸਨਰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲਾ ਤਰਨ ਤਾਰਨ ਵਿੱਚ ਲੋਕਾਂ ਦੀ ਸਕਰੀਨਿੰਗ ਕਰਨ ਦਾ ਕੰਮ ਲਗਾਤਾਰ ਚੱਲ ਰਿਹਾ ਹੈ।ਉਹਨਾਂ ਕਿਹਾ ਕਿ ਜ਼ਿਲੇ ‘ਚ ਬਾਹਰਲੇ ਰਾਜਾਂ ਅਤੇ ਵਿਦੇਸ਼ਾਂ ਤੋਂ ਵਾਪਸ ਆਏ ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਸਨ, ਜਿਨਾਂ ’ਚੋਂ ਹੁਣ ਤੱਕ 168 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਸਨ।ਜਿਨ੍ਹਾਂ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਉਨਾਂ ਦਾ ਜ਼ਿਲ੍ਹੇ ਵਿੱਚ ਬਣਾਏ ਆਈਸੋਲੇਸ਼ਨ ਵਾਰਡ ਵਿੱਚ ਲਿਆ ਕੇ ਇਲਾਜ਼ ਕੀਤਾ ਗਿਆ।ਇਨਾਂ ’ਚੋਂ 164 ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜਿਲੇ ਵਿੱਚ ਹੁਣ ਸਿਰਫ਼ ਚਾਰ ਕੋਰੋਨਾ ਪਾਜ਼ੇਟਿਵ ਮਰੀਜ਼ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਜ਼ੇਰੇ ਇਲਾਜ਼ ਹਨ।ਉਹਨਾਂ ਦੱਸਿਆ ਕਿ ਇਹ ਮਰੀਜ਼ ਬਿਲਕੁੱਲ ਠੀਕ-ਠਾਕ ਹਨ।ਸਿਵਲ ਸਰਜਨ ਨੇ ਦੱਸਿਆ ਕਿ ਕਿਸੇ ਵੀ ਮਰੀਜ਼ ਨੂੰ ਆਕਸੀਜ਼ਨ ਦੀ ਲੋੜ ਨਹੀਂ ਪਈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਰੋਜ਼ਾਨਾ ਹੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਿਵਲ ਹਸਪਤਾਲ ਤਰਨ ਤਾਰਨ, ਸਰਕਾਰੀ ਹਸਪਤਾਲ ਖਡੂਰ ਸਾਹਿਬ, ਸਰਕਾਰੀ ਹਸਪਤਾਲ ਪੱਟੀ, ਸੀ.ਐਚ.ਸੀ ਸੁਰ ਸਿੰਘ ਵਿੱਚ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ।