Friday, July 4, 2025
Breaking News

ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਤੇ ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।ਇਸ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਾਵਧਾਨੀਆਂ ਵਰਤਣ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਗਿਆ।ਡਾ. ਰੂਪ ਸਿੰਘ ਨੇ ਦੱਸਿਆ ਹੈ ਕਿ ਇਸ ਵਾਰ ਘੱਲੂਘਾਰਾ ਦਿਵਸ ਦੇ ਨਾਲ-ਨਾਲ ਛੇਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਵੀ ਹੈ।ਕੋਰੋਨਾ ਕਾਰਨ ਇਸ ਮੌਕੇ ਜ਼ਿਆਦਾ ਸੰਗਤ ਇਕੱਤਰ ਨਹੀਂ ਹੋ ਸਕਦੀ ਅਤੇ ਜਿੰਨੀ ਵੀ ਸੰਗਤ ਮੌਜੂਦ ਹੋਵੇਗੀ, ਉਸ ਦੀ ਸਿਹਤ ਵਿਭਾਗ ਦੇ ਸੁਝਾਅ ਅਨੁਸਾਰ ਆਪਸੀ ਦੂਰੀ ਬਣਾਈ ਜਾਣੀ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਜੂਨ 1984 ਦੇ ਫ਼ੌਜੀ ਹਮਲੇ ਕਾਰਨ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਹਰ ਸਾਲ ਇਸ ਸਬੰਧ ਵਿਚ ਅਰਦਾਸ ਕੀਤੀ ਜਾਂਦੀ ਹੈ। ਇਸ ਸਮਾਗਮ ਦੌਰਾਨ ਪਾਵਨ ਦਰਬਾਰ ਦੀ ਮਰਯਾਦਾ ਦਾ ਖ਼ਿਆਲ ਅਤੇ ਸ਼ਰਧਾ ਸਤਿਕਾਰ ਜ਼ਰੂਰੀ ਹੈ।ਸੰਗਤਾਂ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਰਹਿ ਕੇ ਸ਼ਰਧਾ ਸਤਿਕਾਰ ਭੇਟ ਕਰਨ।ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 6 ਜੂਨ ਦੇ ਸਮਾਗਮਾਂ ਦੌਰਾਨ ਸੰਗਤ ਨੂੰ ਆਪਣੀ ਦੂਰੀ ਬਣਾਈ ਰੱਖਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਇਸ ਨੂੰ ਲਾਜ਼ਮੀ ਬਣਾਉਣ ਲਈ ਕਾਰਜ ਕਰਨਗੇ।
               ਇਕੱਤਰਤਾ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਇਲਾਵਾ ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਹਰਜਿੰਦਰ ਸਿੰਘ ਲਾਲੂਘੁੰਮਣ, ਸਕੱਤਰ ਸਿੰਘ, ਸਤਿੰਦਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਸਿਮਰਜੀਤ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਨਿਸ਼ਾਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਮਲਕੀਤ ਸਿੰਘ ਬਹਿੜਵਾਲ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਵਧੀਕ ਮੈਨੇਜਰ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …