Tuesday, June 17, 2025
Breaking News

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ‘84 ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ

ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ। ਸਮਾਗਮ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਕੌਮੀ ਟੀਚਿਆਂ ਦੀ ਪ੍ਰਾਪਤੀ ਲਈ ਪੰਥਕ ਇਕਜੁੱਟਤਾ ਜ਼ਰੂਰੀ – ਗਿਆਨੀ ਹਰਪ੍ਰੀਤ ਸਿੰਘ

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਭਾਰਤੀ ਫ਼ੌਜ ਵੱਲੋਂ ਕੀਤਾ ਗਿਆ ਹਮਲਾ ਸਿੱਖ ਮਾਨਸਿਕਤਾ ’ਤੇ ਅਸਹਿ ਹਮਲਾ ਸੀ, ਜਿਸ ਦੀ ਪੀੜ ਰਹਿੰਦੀ ਦੁਨੀਆਂ ਤੱਕ ਸਿੱਖ ਮਨਾਂ ਵਿਚ ਬਣੀ ਰਹੇਗੀ।ਉਨ੍ਹਾਂ ਆਖਿਆ ਕਿ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਖ਼ਾਤਰ ਸ਼ਹੀਦ ਹੋਏ ਸਾਡੇ ਕੌਮੀ ਜਰਨੈਲਾਂ ਨੇ ਜਿਨ੍ਹਾਂ ਟੀਚਿਆਂ ਲਈ ਆਪਣੀਆਂ ਜਾਨਾਂ ਵਾਰੀਆਂ ਸਨ, ਅੱਜ ਉਨ੍ਹਾਂ ਟੀਚਿਆਂ ਪ੍ਰਤੀ ਕੌਮੀ ਮੰਥਨ ਵਾਸਤੇ ਸਮੁੱਚੀ ਸਿੱਖ ਕੌਮ ਨੂੰ ਸਿਰ ਜੋੜ ਕੇ ਬੈਠਣ ਲੋੜ ਹੈ।ਉਨ੍ਹਾਂ ਆਖਿਆ ਕਿ ਕੌਮੀ ਟੀਚਿਆਂ ਦੀ ਪ੍ਰਾਪਤੀ ਲਈ ਚੰਗੀ ਨੀਤੀ ਅਤੇ ਨੇਕ ਨੀਅਤ ਜ਼ਰੂਰੀ ਹੈ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਦੇ ਸਿੱਖ ਹੋਣ ਨਾਤੇ ਰਾਜਨੀਤਕ ਅਤੇ ਜਥੇਬੰਦਕ ਧੜੇਬੰਦੀਆਂ ਤੋਂ ਉਪਰ ਉਠ ਕੇ ਆਪਸੀ ਸਾਂਝ ਮਜ਼ਬੂਤ ਕਰਨ ਦੀ ਲੋੜ ਹੈ।ਉਨ੍ਹਾਂ ਆਖਿਆ ਕਿ ਅਜੋਕੇ ਸਮੇਂ ਵਿਚ ਸਾਡੀਆਂ ਸਾਰੀਆਂ ਖੁਆਰੀਆਂ ਅਤੇ ਚੁਣੌਤੀਆਂ ਦਾ ਹੱਲ ਕੇਵਲ ਕੌਮੀ ਇਕਜੁੱਟਤਾ ਵਿਚ ਹੀ ਹੈ।
                  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਜੂਨ 1984 ਦੇ ਘੱਲੂਘਾਰੇ ਸਮੇਂ ਕੇਂਦਰੀ ਹਕੂਮਤ ਵੱਲੋਂ ਸਿੱਖਾਂ ’ਤੇ ਢਾਹੇ ਗਏ ਜ਼ੁਲਮਾਂ ਨੂੰ ਮਨੁੱਖੀ ਇਤਿਹਾਸ ਦਾ ਕਾਲਾ ਅਧਿਆਇ ਦੱਸਿਆ।ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੂਹ ਜਥੇਬੰਦੀਆਂ, ਸਭਾ-ਸੁਸਾਇਟੀਆਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਸਮਾਗਮ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਜਗਸੀਰ ਸਿੰਘ ਮਾਂਗੇਆਣਾ, ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਬਲਦੇਵ ਸਿੰਘ ਚੂੰਘਾ, ਸੁਰਜੀਤ ਸਿੰਘ ਭਿੱਟੇਵਡ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ ਬਹਿਣੀਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਬੁਲਾਰਾ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਈਮਾਨ ਸਿੰਘ ਮਾਨ, ਮਨਜੀਤ ਸਿੰਘ ਭੋਮਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕੰਵਰਪਾਲ ਸਿੰਘ ਬਿੱਟੂ, ਬਲਦੇਵ ਸਿੰਘ ਸਿਰਸਾ, ਗੁਰਦੀਪ ਸਿੰਘ ਬਠਿੰਡਾ, ਭਾਈ ਮੋਹਕਮ ਸਿੰਘ, ਅਮਰਬੀਰ ਸਿੰਘ ਢੋਟ, ਤਲਵਿੰਦਰ ਸਿੰਘ ਬੁੱਟਰ ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਰਵੇਲ ਸਿੰਘ, ਹਰਪਾਲ ਸਿੰਘ, ਭਾਈ ਬਲਵੰਤ ਸਿੰਘ ਗੋਪਾਲਾ, ਜਗਜੀਤ ਸਿੰਘ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …