ਲੁਧਿਆਣਾ ਦੇ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੋਈ 164
ਲੁਧਿਆਣਾ, 6 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਜਿਲਾ ਲੁਧਿਆਣਾ
ਨਾਲ ਸੰਬੰਧਤ 4 ਮਰੀਜ਼ ਹੋਰ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ। ਜਦਕਿ ਕੋਵਿਡ-19 ਬਿਮਾਰੀ ਤੋਂ ਪੀੜਤ 9 ਹੋਰ ਮਾਮਲੇ ਸਾਹਮਣੇ ਆਏ ਹਨ।ਉਨਾਂ ਦੱਸਿਆ ਕਿ ਇਨਾਂ ਮਰੀਜ਼ਾਂ ਵਿੱਚੋਂ 2 ਮਰੀਸ਼ ਸ਼ਹੀਦ ਭਗਤ ਸਿੰਘ ਨਗਰ ਨਾਲ, 3 ਪ੍ਰੇਮ ਨਗਰ ਨਾਲ, 1 ਬਾਈਪਾਸ ਨਾਲ, 1 ਅਕਾਲਗੜ ਨਾਲ ਅਤੇ 2 ਈਸ਼ਵਰ ਨਗਰ ਨਾਲ ਸੰਬੰਧਤ ਹਨ।
ਅਗਰਵਾਲ ਨੇ ਦੱਸਿਆ ਕਿ ਕਿਉਂਕਿ ਇਕੱਲੇ ਛਾਉਣੀ ਮੁਹੱਲੇ ਵਿਚੋਂ ਹੀ ਹੁਣ ਤੱਕ 15 ਪਾਜ਼ਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਤਾਂ ਇਸ ਇਲਾਕੇ ਨੂੰ ਜਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਵਲੋਂ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਜਿਸ ਨਾਲ ਇਸ ਇਲਾਕੇ ਵਿੱਚ ਕਰਫਿਊ/ਲੌਕਡਾਊਨ ਵਰਗੀ ਸਥਿਤੀ ਬਣਾ ਕੇ ਰੱਖੀ ਜਾਵੇਗੀ।ਇਸ ਖੇਤਰ ਵਿਚੋਂ ਨਾ ਹੀ ਕਿਸੇ ਵਿਅਕਤੀ ਨੂੰ ਬਾਹਰ ਜਾਣ ਅਤੇ ਨਾ ਹੀ ਅੰਦਰ ਆਉਣ ਦੀ ਆਗਿਆ ਹੋਵੇਗੀ।ਇਸ ਖੇਤਰ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਵਿੱਚ ਸਿਰਫ਼ ਘਰੇਲੂ ਅਤੇ ਜਰੂਰੀ ਸੇਵਾਵਾਂ ਹੀ ਚਾਲੂ ਰੱਖੀਆਂ ਜਾਣਗੀਆਂ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁੁਰੂ ਕੀਤੇ ਗਏ `ਮਿਸ਼ਨ ਫਤਹਿ` ਤਹਿਤ ਲੋਕਾਂ ਨੂੰ ਕੋਵਿਡ-19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜਿਲ੍ਹੇ ਵਿਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਅੱਜ 6 ਜੂਨ ਤੱਕ ਜਿਲਾ ਲੁਧਿਆਣਾ ਨਾਲ ਸੰਬੰਧਤ 164 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਹੁਣ ਤੱਕ ਕੁੱਲ 10199 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 9702 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿਚੋਂ 9370 ਨਤੀਜੇ ਨੈਗੇਟਿਵ ਆਏ ਹਨ, ਜਦਕਿ 497 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 235 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 97 ਮਰੀਜ਼ ਹੋਰ ਜਿਲ੍ਹਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 9 ਮੌਤਾਂ ਜਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜਿਲ੍ਹਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜਿਲ੍ਹਾ ਲੁਧਿਆਣਾ ਨਾਲ ਸੰਬੰਧਤ 164 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਹੁਣ 7799 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1613 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 223 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰਾਂ ਅੱਜ ਵੀ 392 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ `ਤੇ ਪਾਲਣਾ ਕਰਨ।
Punjab Post Daily Online Newspaper & Print Media