Monday, December 23, 2024

ਸ਼ਰਾਬ ਦੇ ਨਜਾਇਜ਼ ਕਾਰੋਬਾਰ `ਤੇ ਹੋਰ ਨਕੇਲ ਪਾਉਣ ਲਈ ਮੁੱਖ ਮੰਤਰੀ ਨੇ ਆਬਕਾਰੀ ਸੁਧਾਰ ਗਰੁੱਪ ਬਣਾਇਆ

60 ਦਿਨਾਂ ਦੇ ਅੰਦਰ ਨਾਪਾਕ ਗਠਜੋੜ ਨੂੰ ਤੋੜਨ ਲਈ ਸੌਂਪੇਗਾ ਆਪਣੀ ਰਿਪੋਰਟ

ਚੰਡੀਗੜ, 6 ਜੂਨ (ਪੰਜਾਬ ਪੋਸਟ ਬਿਊਰੋ) – ਨਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਇਸ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਹੋਰ ਨਕੇਲ ਕੱਸਦਿਆਂ ਉਤਪਾਦਕਾਂ, ਥੋਕ ਤੇ ਪ੍ਰਚੂਨ ਵਿਕਰੇਤਾ ਵਿਚਾਲੇ ਚੱਲ ਰਹੇ ਨਾਪਾਕ ਗਠਜੋੜ ਨੂੰ ਤੋੜਨ ਲਈ ਆਬਕਾਰੀ ਸੁਧਾਰ ਗਰੁੱਪ ਬਣਾਉਣ ਦਾ ਐਲਾਨ ਕੀਤਾ।
            ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ 5 ਮੈਂਬਰੀ ਗਰੁੱਪ ਨੂੰ ਇਸ ਕਾਰੋਬਾਰ ਦੇ ਨਾਪਾਕ ਗਠਜੋੜ ਦਾ ਭਾਂਡਾ ਭੰਨਣ ਲਈ 60 ਦਿਨਾਂ ਦੇ ਅੰਦਰ ਆਪਣੀਆਂ ਸ਼ਿਫਾਰਸ਼ਾਂ ਸੌਂਪਣ ਲਈ ਕਿਹਾ ਗਿਆ ਹੈ ਤਾਂ ਜੋ ਸ਼ਰਾਬ ਦੀ ਨਜਾਇਜ਼ ਵਿਕਰੀ ਬੰਦ ਹੋ ਸਕੇ ਅਤੇ ਸੂਬੇ ਦਾ ਆਬਕਾਰੀ ਮਾਲੀਆ ਵਧ ਸਕੇ।
              ਗਰੁੱਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਸੇਵਾ ਮੁਕਤ ਆਈ.ਏ.ਐਸ ਅਧਿਕਾਰੀ ਡੀ.ਐਸ.ਕੱਲਾ, ਸਲਹਾਕਾਰ ਵਿੱਤੀ ਸਰੋਤ ਵੀ.ਕੇ ਗਰਗ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੂੰ ਸ਼ਾਮਲ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਵਲੋਂ ਇਸ ਗਰੁੱਪ ਦੇ ਕੰਮ-ਕਾਜ ਲਈ ਲੋੜੀਂਦੀ ਸੂਚਨਾ ਅਤੇ ਹੋਰ ਹਰ ਪ੍ਰਕਾਰ ਦਾ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ।
                    ਮੁੱਖ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਵਲੋਂ ਉਠਾਏ ਗਏ ਕਦਮਾਂ ਅਤੇ ਨੀਤੀ ਵਿੱਚ ਕੀਤੀਆਂ ਗਈਆਂ ਵੱਖ-ਵੱਖ ਤਬਦੀਲੀਆਂ ਦੇ ਬਾਵਜੂਦ ਆਬਕਾਰੀ ਮਾਲੀਏ ਵਿੱਚ ਢੁੱਕਵਾ ਵਾਧਾ ਨਾ ਹੋਣ ਅਤੇ ਸ਼ਰਾਬ ਦਾ ਨਾਜਾਇਜ਼ ਵਪਾਰ ਸਰੋਕਾਰ ਦੇ ਮੁੱਦੇ ਰਹੇ ਹਨ।ਉਨਾਂ ਕਿਹਾ ਕਿ ਇਨਾਂ ਕਦਮਾਂ ਦੇ ਨਤੀਜੇ ਉਮੀਦ ਅਨੁਸਾਰ ਨਹੀਂ ਰਹੇ ਜਿਸ ਕਾਰਨ ਲੰਮੇ ਸਮੇਂ ਦੇ ਆਬਕਾਰੀ ਸੁਧਾਰ ਤਿਆਰ ਕਰਨ ਅਤੇ ਅਮਲ ਵਿੱਚ ਲਿਆਉਣ ਲਈ ਇਨਾਂ ਮਸਲਿਆਂ ਦੀ ਗਹਿਰੀ ਸਮੀਖਿਆ ਦੀ ਲੋੜ ਹੈ।

Check Also

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਖ-ਵੱਖ ਮੁਕਾਬਲਿਆਂ ’ਚ ਅਵਲ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ …