118 ਮਰੀਜ਼ਾਂ ਨੇ ਕੋਰੋਨਾ ’ਤੇ ਪਾਈ ਫਤਿਹ- ਹੁਣ ਤੱਕ ਲਏ 4295 ਸੈਂਪਲਾਂ ’ਚੋਂ 3562 ਨੈਗੇਟਿਵ
ਹੁਸ਼ਿਆਰਪੁਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 3562 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ। ਉਨ੍ਹਾਂ ਕਿਹਾ ਕਿ ਠੀਕ ਹੋਏ ਵਿਅਕਤੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ।ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਸਿਹਤ ਵਿਭਾਗ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਵਰਤੇ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।ਉਨ੍ਹਾਂ ਕਿਹਾ ਕਿ ਜਾਗਰੂਕਤਾ ਲਈ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਹ ਕੋਵਿਡ-19 ਸਬੰਧੀ ਜਾਣਕਾਰੀ ਹਾਸਲ ਕਰ ਸਕਣ
ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 4295 ਸੈਂਪਲ ਲਏ ਗਏ ਹਨ, ਜਿਸ ਵਿੱਚ 3562 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 573 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ।ਅੱਜ ਇਕ ਹੋਰ ਪਾਜ਼ਟਿਵ ਕੇਸ ਸਾਹਮਣੇ ਆਉਣ ’ਤੇ ਹੁਣ ਤੱਕ ਪੋਜ਼ੀਟਿਵ ਕੇਸਾਂ ਦੀ ਗਿਣਤੀ 136 ਹੋ ਗਈ ਹੈ, ਜਿਨ੍ਹਾਂ ਵਿਚੋਂ 14 ਐਕਟਿਵ ਮਰੀਜ਼ ਹਨ ਅਤੇ 5 ਮਰੀਜ਼ਾਂ ਦੀ ਮੌਤ ਹੋ ਗਈ ਹੈ।ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ 24 ਇਨਵੈਲਿਡ ਸੈਂਪਲ ਵੀ ਸਾਹਮਣੇ ਆਏ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 409 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿਚੋਂ ਕੇਵਲ ਇਕ ਹੀ ਪੋਜ਼ੀਟਿਵ ਕੇਸ ਸਾਹਮਣੇ ਆਇਆ ਹੈ।ਪੋਜ਼ੀਟਿਵ ਆਇਆ ਪਿੰਡ ਹਰਖੋਵਾਲ ਦਾ ਵਿਅਕਤੀ ਕੁਵੈਤ ਤੋਂ ਪਰਤਿਆ ਸੀ।