ਫਰੀਦਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਹੈ ਸਿਹਤ ਵਿਭਾਗ ਫਰੀਦਕੋਟ ਵਲੋਂ ਕੋਵਿਡ-19 ਦੇ ਅਜ ਤੱਕ
6169 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ 351 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਅੱਜ ਪ੍ਰਾਪਤ ਨਤੀਜਿਆਂ ਵਿੱਚ 5637 ਰਿਪੋਰਟਾਂ ਨੈਗੇਟਿਵ ਆਈਆਂ ਹਨ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਕੋਲ ਪਹੁੰਚੀਆਂ ਕੋਰੋਨਾ ਟੈਸਟ ਰਿਪੋਰਟਾਂ `ਚ ਇਕ ਹੀ ਪਰਿਵਾਰ ਦੇ 13 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।ਇਸੇ ਪਰਿਵਾਰ ਦੇ ਦੋ ਮੈਂਬਰ ਪਹਿਲਾਂ ਕੋਰੋਨਾ ਪਾਜ਼ੀਟਿਵ ਮਿਲੇ ਸਨ, ਜਿਸ ਤੋਂ ਬਾਅਦ ਪੂਰੇ ਪਰਿਵਾਰ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿੰਨਾਂ `ਚ 13 ਹੋਰ ਮੈਂਬਰਾਂ ਦੀ ਰਿਪੋਰਟ ਪਾਜ਼ਟਿਵ ਆ ਗਈ ਹੈ।ਇੰਨਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜਿਲਾ ਫਰੀਦਕੋਟ `ਚ ਐਕਟਿਵ ਕੇਸਾਂ ਦੀ ਗਿਣਤੀ 25 ਹੋ ਗਈ ਹੈ।
ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਾਰੇ ਕੇਸ ਇੱਕ-ਦੂਸਰੇ ਦੇ ਸੰਪਰਕ ਵਿੱਚ ਆਉਣ ਕਾਰਨ ਕੋਰੋਨਾ ਪਾਜ਼ਟਿਵ ਆਏ ਹਨ।ਉਨਾਂ ਕਿਹਾ ਕਿ ਪਾਜ਼ਟਿਵ ਪਾਏ ਗਏ ਸਾਰੇ ਮਰੀਜ਼ਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।ਪਰਿਵਾਰ ਦੇ ਰਿਹਾਇਸ਼ੀ ਖੇਤਰ ਮਹਿੰਗਾ ਰਾਮ ਸਟਰੀਟ ਨੂੰ ਕੰਟੋਨਮੈਂਟ ਜੋਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਅੱਜ ਤੱਕ ਜ਼ਿਲੇ ਦੇ 61 ਵਿਅਕਤੀਆਂ ਨੂੰ ਤੰਦਰਸੁਤ ਹੋਣ ਤੇ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।ਵਿਭਾਗ ਵਲੋਂ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੁਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਅੱਜ ਸਿਹਤ ਵਿਭਾਗ ਦੀ ਟੀਮ ਨੇ 257 ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਹਨ।ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਮੀਡੀਆ ਇੰਚਾਰਜ ਕੋਵਿਡ-19 ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਮੈਡੀਕਲ ਅਤੇ ਪੈਰਾ-ਮੈਡੀਕਲ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ।
ਜ਼ਿਲਾ ਐਪੇਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਡਾ. ਅਨੀਤਾ ਚੌਹਾਨ ਨੇ ਦੱਸਿਆ ਕਿ ਉਨਾਂ ਦੀਆਂ ਟੀਮਾਂ ਜ਼ਿਲੇ ਵਿੱਚ ਆਏ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ ਤਾਂ ਜੋ ਉਹਨਾਂ ਨੂੰ ਇਕਾਂਤਵਾਸ ਕਰਕੇ ਉਨਾਂ ਦਾ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜਿਆ ਜਾ ਸਕੇ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media