ਕੋਰੋਨਾ ਮਹਾਂਮਾਰੀ ਨਾਲ ਲੜਣ ਲਈ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ – ਐਸ.ਐਚ.ਓ
ਧੂਰੀ, 30 ਜੂਨ (ਪੰਜਬ ਪੋਸਟ – ਪ੍ਰਵੀਨ ਗਰਗ) – ਜ਼ਿਲਾ੍ਹ ਸੰਗਰੂਰ ਵਿੱਚ ਦਿਨੋ-ਦਿਨ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਨੇ ਪ੍ਰਸ਼ਾਸਨ ਦੀਆਂ ਚਿੰਤਾਵਾਂ ਹੋਰ
ਵਧਾ ਦਿੱਤੀਆਂ ਹਨ।ਧੂਰੀ ਸ਼ਹਿਰ ਅੰਦਰ ਵੀ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਨੇ ਤੇਜੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਜਿਸ ਕਾਰਨ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਪ੍ਰੰਤੂ ਇਸ ਦੇ ਬਾਵਜੂਦ ਵੀ ਕੁੱਝ ਲੋਕਾਂ ਵੱਲੋਂ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਕਾਰੋਬਾਰ ਚਲਾਏ ਜਾ ਰਹੇ ਹਨ।ਜਿਸ ਦੇ ਚਲਦਿਆਂ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਵੀ ਲਾਕਡਾਊਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ।
ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਧੂਰੀ ਦੇ ਮੁਖੀ ਦਰਸ਼ਨ ਸਿੰਘ ਨੇ ਲਾਕਡਾਊਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਅਗਰ ਕੋਈ ਦੁਕਾਨਦਾਰ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਸੈਨੇਟਾਈਜ਼ਰ ਆਦਿ ਸੁਰੱਖਿਆ ਪ੍ਰਬੰਧਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਦੁਕਾਨਦਾਰਾਂ ਤੇ ਰੇਹੜੀ ਵਾਲ਼ਿਆਂ ਦੇ ਚਲਾਨ ਵੀ ਕੱਟੇ ਜਾਣਗੇ। ਉਹਨਾਂ ਕਿਹਾ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਦੁਕਾਨਦਾਰ ਸਰਕਾਰ ਵੱਲੋਂ ਜਾਰੀ ਲਾਕਡਾਊਨ ਦਾ ਸਮਾਂ ਖਤਮ ਹੋਣ ਤੋਂ ਬਾਅਦ ਵੀ ਆਪਣੀਆਂ ਦੁਕਾਨਾਂ ਅੱਧੀਆਂ ਖੋਲ੍ਹ ਕੇ ਰੱਖਦੇ ਹਨ।ਅਜਿਹੇ ਦੁਕਾਨਦਾਰਾਂ ‘ਤੇ ਨਿਗਾ੍ਹ ਰੱਖਣ ਲਈ ਉਹਨਾਂ ਵੱਲੋਂ ਟ੍ਰੈਫਿਕ ਪੁਲਿਸ ਅਤੇ ਪੀ.ਸੀ.ਆਰ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਸ਼ਹਿਰ ਦੇ ਵੱਖ-ਵੱਖ ਹਿੱਸੇ ਵਿੱਚ ਗਸ਼ਤ ਯਕੀਨੀ ਬਣਾ ਦਿੱਤੀ ਗਈ ਹੈ ਅਤੇ ਇਸ ਦੀ ਨਿਗਰਾਨੀ ਉਹ ਆਪ ਖੁਦ ਵੀ ਕਰ ਰਹੇ ਹਨ।ਉਹਨਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਕਿਸੇ ਵੀ ਦੁਕਾਨਦਾਰ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੀ ਢਿੱਲ ਨਹੀਂ ਦਿੱਤੀ ਜਾਵੇਗੀ।
ਉਹਨਾਂ ਲੋਕਾਂ ਨੂੰ ਜਰੂਰੀ ਕੰਮਕਾਰ ਹੋਣ ‘ਤੇ ਹੀ ਮਾਸਕ ਪਹਿਣ ਕੇ ਘਰੋਂ ਬਾਹਰ ਨਿਕਲਣ ਅਤੇ ਸ਼ਹਿਰ ਵਿੱਚ ਸ਼ੱਕੀ ਵਿਅਕਤੀਆਂ ਦੇ ਘੁੰੰਮਣ ਫਿਰਣ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਵੀ ਕੀਤੀ।ਉਹਨਾਂ ਕਿਹਾ ਕਿ ਕੋਰੋਨਾ ਵਰਗੀ ਮਹਾਂਮਾਰੀ ਨਾਲ ਲੜਣ ਲਈ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media