ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।ਪਾਵਨ ਹੁਕਮਨਾਮੇ ਉਪਰੰਤ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰ ਨਾਲ ਜੋੜਿਆ ਸੀ।ਸ਼ਸਤਰ ਸਾਨੂੰ ਸਵੈ-ਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਹਾਲ ਹੀ ਵਿਚ ਚੀਨ ਦੀ ਸਰਹੱਦ ’ਤੇ ਅੰਮ੍ਰਿਤਧਾਰੀ ਗੁਰਸਿੱਖ ਨੇ ਜਿਸ ਤਰ੍ਹਾਂ ਆਪਣੀ ਕਿਰਪਾਨ ਨਾਲ ਦੁਸ਼ਮਣ ਦਾ ਸਾਹਮਣਾ ਕੀਤਾ, ਉਹ ਸ਼ਸਤਰ ਦੀ ਮਹਾਨਤਾ ਨੂੰ ਬਾਖੂਬੀ ਦਰਸਾਉਂਦਾ ਹੈ।ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ।
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ ’ਤੇ ਬਿਰਾਜ਼ਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ।ਉਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ।
ਇਸ ਮੌਕੇ ਸਿੰਘ ਸਾਹਿਬਾਨ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।ਸਮਾਗਮ ਦੌਰਾਨ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਭੁਪਿੰਦਰ ਸਿੰਘ ਅਸੰਧ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਪ੍ਰੀਤ ਸਿੰਘ ਝੱਬਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਮੈਨੇਜਰ ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਅਟਾਰੀ, ਬਘੇਲ ਸਿੰਘ, ਨਿਸ਼ਾਨ ਸਿੰਘ, ਸਤਨਾਮ ਸਿੰਘ ਮਾਗਾਸਰਾਏ, ਪਰਮਜੀਤ ਸਿੰਘ, ਸਤਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media