ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ‘ਚ ਹੀ ਰਹਿਣ- ਡਿਪਟੀ ਕਮਿਸ਼ਨਰ
ਲੁਧਿਆਣਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਕੋਵਿਡ 19
ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਮੌਜੂਦਾ ਸਮੇਂ ਵੀ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 586 ਮਰੀਜ਼ਾਂ ਦਾ ਇਲਾਜ਼ ਜਾਰੀ ਹੈ।
ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 36902 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 35725 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 34518 ਨਤੀਜੇ ਨੈਗੇਟਿਵ ਆਏ ਹਨ, ਜਦਕਿ 1177 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 993 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 214 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਬਦਕਿਸਮਤੀ ਨਾਲ 24 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 25 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨਾਂ ਕਿਹਾ ਕਿ ਹੁਣ 14620 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਹੁਣ ਵੀ 2724 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 238 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰਾਂ ਅੱਜ ਵੀ 1012 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
Punjab Post Daily Online Newspaper & Print Media