Thursday, December 12, 2024

ਜਿਲਾ ਲੁਧਿਆਣਾ ‘ਚ 556 ਮਰੀਜ਼ਾਂ ਦਾ ਚੱਲ ਰਿਹੈ ਇਲਾਜ਼

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਦੀ ਰਿਪੋਰਟ ਪਾਜ਼ੀਟਿਵ ਆਈ

ਲੁਧਿਆਣਾ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਮੌਜੂਦ ਸਮੇਂ ਵੀ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 556 ਮਰੀਜ਼ਾਂ ਦਾ ਇਲਾਜ਼ ਜਾਰੀ ਹੈ।ਬੀਤੇ ਦਿਨੀਂ ਕੀਤੇ ਗਏ ਟੈਸਟਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਦੀ ਰਿਪੋਰਟ ਪਾਜ਼ਟਿਵ ਆਈ ਹੈ।
                  ਸ਼ਰਮਾ ਨੇ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਦੇ ਮੁੱਖ ਅਧਿਕਾਰੀਆਂ ਦੇ ਕੋਰੋਨਾ ਪਾਜ਼ਟਿਵ ਆਉਣ `ਤੇ ਇਹਤਿਆਤ ਵਰਤਦਿਆਂ ਉਨਾਂ ਸਾਰੇ ਅਧਿਕਾਰੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕਰਵਾ ਦਿੱਤਾ ਗਿਆ ਹੈ, ਜੋ ਪਿਛਲੇ ਦਿਨਾਂ ਦੌਰਾਨ ਪਾਜ਼ਟਿਵ ਆਏ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਸਨ।ਉਨਾਂ ਦੱਸਿਆ ਕਿ ਉਹ ਖੁਦ ਵੀ ਉਕਤ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਸਨ।ਪਰ ਉਨਾਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ।
ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 39737 ਨਮੂਨੇ ਲਏ ਗਏ ਹਨ, ਜਿਨਾਂ ਵਿਚੋਂ 38721 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿਚੋਂ 37306 ਨਤੀਜੇ ਨੈਗੇਟਿਵ ਆਏ ਹਨ, ਜਦਕਿ 1016 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 1181 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 234 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 28 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 27 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
              ਉਨਾਂ ਕਿਹਾ ਕਿ ਹੁਣ ਤੱਕ 15349 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੁਦਾ ਸਮੇਂ ਵੀ 2318 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 227 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਅੱਜ ਵੀ 879 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
                   ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ `ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …