ਕਿਹਾ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਦੀ ਰਾਸ਼ੀ ਤੇ ਇੱਕ ਜੀਅ ਨੂੰ ਮਿਲੇਗੀ ਸਰਕਾਰੀ ਨੌਕਰੀ-ਧਰਮਸੋਤ
ਸਮਾਣਾ/ਪਟਿਆਲਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ
ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ ਦੇ ਜੱਦੀ ਪਿੰਡ ਦੋਦੜਾ ਜਾ ਕੇ ਸ਼ਹੀਦ ਦੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ।ਉਨ੍ਹਾਂ ਦੇ ਨਾਲ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਅਤੇ ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਵੀ ਮੌਜੂਦ ਸਨ।
ਧਰਮਸੋਤ ਨੇ ਸ਼ਹੀਦ ਦੇ ਪਿਤਾ ਅਵਤਾਰ ਸਿੰਘ ਅਤੇ ਮਾਤਾ ਸ੍ਰੀਮਤੀ ਮਹਿੰਦਰ ਕੌਰ ਨੂੰ ਧੰਨ ਆਖਦਿਆਂ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ।ਉਨ੍ਹਾਂ ਕਿਹਾ ਕਿ ਰਾਜਵਿੰਦਰ ਸਿੰਘ ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ ਹੈ।ਜਿਸ ਕਰਕੇ ਉਸ ਦੀ ਸ਼ਹੀਦੀ ਨੂੰ ਸਦਾ ਯਾਦ ਰੱਖਿਆ ਜਾਵੇਗਾ।
ਕੈਬਨਿਟ ਮੰਤਰੀ ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਪੰਜਾਬ ਸਰਕਾਰ, ਸ਼ਹੀਦ ਦੇ ਪਰਿਵਾਰ ਲਈ ਪੈਦਾ ਹੋਈ ਇਸ ਦੁੱਖ ਦੀ ਘੜੀ `ਚ ਰਾਜਵਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਪਹਿਲਾਂ ਹੀ ਸ਼ਹੀਦ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਯੋਗ ਜੀਅ ਨੂੰ ਨੌਕਰੀ ਦੇਣ ਦੇ ਐਲਾਨ ਕਰ ਚੁੱਕੇ ਹਨ। ਇਸ ਤੋਂ ਬਿਨ੍ਹਾਂ ਪਰਿਵਾਰ ਅਤੇ ਗ੍ਰਾਮ ਪੰਚਾਇਤ ਪਿੰਡ ਦੋਦੜਾ ਦੀ ਮੰਗ ਮੁਤਾਬਿਕ ਸ਼ਹੀਦ ਦੀ ਢੁੱਕਵੀਂ ਯਾਦਗਾਰ ਵੀ ਬਣਾਈ ਜਾਵੇਗੀ।
ਕੈਬਨਿਟ ਮੰਤਰੀ ਦੇ ਦੌਰੇ ਸਮੇਂ ਐਸ.ਡੀ.ਐਮ ਸਮਾਣਾ ਨਮਨ ਮੜਕਨ, ਡੀ.ਐਸ.ਪੀ ਜਸਵੰਤ ਸਿੰਘ ਮਾਂਗਟ ਵੀ ਮੌਜੂਦ ਸਨ। ਜਦੋਂਕਿ ਸ਼ਹੀਦ ਦੀ ਰੈਜੀਮੈਂਟ 53 ਆਰ.ਆਰ ਦੇ ਸੂਬੇਦਾਰ ਹਰਪ੍ਰੀਤ ਸਿੰਘ ਨੇ ਧਰਸਮੋਤ ਨੂੰ ਸ਼ਹੀਦ ਰਾਜਵਿੰਦਰ ਸਿੰਘ ਵਲੋਂ ਬਹਾਦਰੀ ਨਾਲ ਦੁਸ਼ਮਣਾਂ ਦਾ ਟਾਕਰਾ ਕਰਨ ਦੀ ਵਿਥਿਆ ਸੁਣਾਈ।ਪਿੰਡ ਦੀ ਪੰਚਾਇਤ ਸਮੇਤ ਹੋਰ ਪਤਵੰਤੇ ਵੀ ਮੌਜੂ ਰਹੇ।
Punjab Post Daily Online Newspaper & Print Media