
ਬਠਿੰਡਾ, 16 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਪੰਥਕ ਸੇਵਾ ਲਹਿਰ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਦੀ ਦੇਖ-ਰੇਖ ਹੇਠ ਚਲ ਰਹੇ ਗੁਰਦੁਆਰਾ ਜੰਡਾਲੀਸਰ ਸਾਹਿਬ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਕਬਜੇ ਦਾ ਮਾਮਲਾ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ।ਅੱਜ ਗੁਰਦੁਆਰਾ ਸਾਹਿਬ ਦੀ ਜ਼ਮੀਨ ਦੇ ਮਾਲਕ ਉਗਰ ਸਿੰਘ, ਭਿੰਦਰ ਸਿੰਘ ਅਤੇ ਮਹਿੰਦਰ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀ ਭਾਰੀ ਗਿਣਤੀ ਵਿਚ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਉਪਰੰਤ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮਿਲੇ ਅਤੇ ਉਨ੍ਹਾਂ ਦੇ ਨਾਲ ਇਸ ਮੌਕੇ ਬਲਾਕ ਸੰਮਤੀ ਮੈਂਬਰ ਗੁਰਜੰਟ ਸਿੰਘ, ਪਿੰਡ ਦੇ ਪੰਚ ਹਰਨੇਕ ਸਿੰਘ, ਜਰਨੈਲ ਸਿੰਘ, ਜਲੰਧਰ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਕਲੱਬ ਦੇ ਪ੍ਰਧਾਨ ਸੁਖਮੰਦਰ ਸਿੰਘ, ਭਾਈ ਘਨੱਈਆ ਜੀ ਕਲੱਬ ਦੇ ਸਾਬਕਾ ਪ੍ਰਧਾਨ ਜਗਸੀਰ ਸਿੰਘ ਆਦਿ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਤੇ ਗੁਰਦੁਆਰਾ ਸਾਹਿਬ ਤੇ ਨਜਾਇਜ਼ ਕਬਜਾ ਕਰਨ ਦੇ ਦੋਸ਼ ਲਾਉਂਦਿਆਂ ਠੋਸ ਕਾਰਵਾਈ ਕਰਨ ਦੀ ਮੰਗ ਕੀਤੀ। ਪਿੰਡ ਵਾਸੀਆਂ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਤੇ ਸ਼੍ਰੋਮਣੀ ਕਮੇਟੀ ਦਾ ਕੋਈ ਹੱਕ ਨਹੀਂ ਤੇ 15 ਸਾਲ ਤੋਂ ਸੇਵਾ ਸੰਭਾਲ ਬਾਬਾ ਦਾਦੂਵਾਲ ਕਰ ਰਹੇ ਹਨ ਤੇ ਸੰਗਤ ਹੁਣ ਵੀ ਇਹੋ ਚਾਹੁੰਦੀ ਹੈ ਕਿ ਸੇਵਾ ਸੰਭਾਲ ਬਾਬਾ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਸੌਂਪੀ ਜਾਵੇ ਕਿਉਂਕਿ ਸ਼੍ਰੋਮਣੀ ਕਮੇਟੀ ਮੈਂਬਰ ਗੁਰਦੁਆਰਾ ਸਾਹਿਬ ਦੀ ਮਾਨ ਮਰਿਆਦਾ ਵੀ ਸਹੀ ਤਰੀਕੇ ਨਾਲ ਨਹੀਂ ਕਰ ਰਿਹਾ ਜਿਸ ਕਰਕੇ ਸਿੱਖ ਭਾਵਨਾਵਾਂ ਦਾ ਘਾਣ ਹੋ ਰਿਹਾ ਹੈ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਜਾਲ੍ਹੀ ਕਮੇਟੀ ਬਣਾ ਕੇ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਹਨਾਂ ਦੋਸ਼ ਲਾਏ ਕਿ ਪੁਲਿਸ ਵੱਲੋਂ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰਕੇ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਦਾਦੂਵਾਲ ਦੇ ਵਕੀਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਅਦਾਲਤ ਵੱਲੋਂ ਇਸ ਮਾਮਲੇ ਲਈ ਪੰਜਾਬ ਸਰਕਾਰ ਨੂੰ 4 ਨਵੰਬਰ ਲਈ ਨੋਟਿਸ ਕੀਤਾ ਹੈ ਕਿ ਸਾਰਾ ਰਿਕਾਰਡ ਪੇਸ਼ ਕੀਤਾ ਜਾਵੇ, ਕਿਉਂਕਿ ਪੰਜਾਬ ਸਰਕਾਰ ਦੇ ਆਦੇਸ਼ ‘ਤੇ ਪੁਿਲਸ ਵੱਲੋਂ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਬਾਬਾ ਦਾਦੂਵਾਲ ਤੇ 107/51 ਗਲਤ ਤਰੀਕੇ ਨਾਲ ਦੋਸ਼ ਲਾਏ ਗਏ ਹਨ ਤੇ ਉਸ ਵਿੱਚ ਇੱਕ ਪਾਸੇ ਬਾਬਾ ਦਾਦੂਵਾਲ ਦੇ ਘਰ ਦਾ ਪਤਾ ਗੁਰਦੁਆਰਾ ਜੰਡਾਲੀਸਰ ਸਾਹਿਬ ਦਿਖਾਇਆ ਗਿਆ ਹੈ, ਜਦੋਂ ਕਿ ਉਸੇ ਜਗ੍ਹਾ ਦਾ ਕਬਜਾ ਲੈਣ ਦੇ ਦੋਸ਼ ਲਾਉਂਦਿਆਂ 107/51 ਦਾ ਪਰਚਾ ਦਰਜ ਕਰਕੇ ਦੁਬਾਰਾ ਜੇਲ੍ਹ ਬੰਦ ਕਰਨ ਦੀ ਕਾਰਵਾਈ ਰਚੀ ਗਈ ਹੈ ਜੋ ਸ਼ਰੇਆਮ ਧੱਕੇਸ਼ਾਹੀ ਹੈ।ਉਹਨਾਂ ਦੱਸਿਆ ਕਿ ਮਾਨਯੋਗ ਅਦਾਲਤ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਮਾਨਯੋਗ ਹਾਈਕੋਰਟ ਦੇ ਵਿਜ਼ੀਲੈਂਸ ਰਜਿਸਟਰਾਰ ਤੋਂ ਕਰਵਾਈ ਜਾਵੇ, ਗੁਰਦੁਆਰਾ ਸਾਹਿਬ ਦੇ ਇਲਾਕੇ ਵਿੱਚ ਲਾਈ ਪੁਲਿਸ ਹਟਾਈ ਜਾਵੇ ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਸੰਗਤਾਂ ਅਤੇ ਜਮੀਨ ਮਾਲਕਾਂ ਦੀ ਸਹਿਮਤੀ ਨਾਲ ਬਾਬਾ ਦਾਦੂਵਾਲ ਨੂੰ ਦਿੱਤੇ ਜਾਣ।